ਲੁਧਿਆਣਾ (ਨਰਿੰਦਰ)— ਲੁਧਿਆਣਾ ਦੇ ਥਾਣਾ ਡਿਵੀਜ਼ਨ ਮਿਲਰਗੰਜ ਤੋਂ ਕੁਝ ਕਾਰ ਸਵਾਰ ਨੌਜਵਾਨਾਂ ਵੱਲੋਂ ਇਕ ਪਰਿਵਾਰ 'ਤੇ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ ਹੈ। ਸਾਹਮਣੇ ਆਈਆਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕੁਝ ਕਾਰ ਸਵਾਰ ਹਮਲਾਵਰ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨਾਂ ਦੇ ਅੱਗੇ ਅਚਾਨਕ ਗੱਡੀ ਆ ਕੇ ਰੋਕ ਦਿੰਦੇ ਹਨ ਅਤੇ ਫਿਰ ਗੱਡੀ 'ਚੋਂ ਹਮਲਾਵਰ ਬਾਹਰ ਨਿਕਲ ਕੇ ਮੋਟਰਸਾਈਕਲ 'ਤੇ ਸਵਾਰ ਨੌਜਵਾਨ 'ਤੇ ਹਮਲਾ ਕਰ ਦਿੰਦੇ ਹਨ। ਇਸ ਤੋਂ ਬਾਅਦ ਉਹ ਮੋਟਰਸਾਈਕਲ ਨੂੰ ਅੱਗ ਦੇ ਹਵਾਲੇ ਕਰ ਦਿੰਦੇ ਹਨ। ਇਸ ਹਮਲੇ 'ਚ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਘਟਨਾ 1 ਮਈ ਦੀ ਦੱਸੀ ਜਾ ਰਹੀ ਹੈ ਅਤੇ ਮਾਮਲਾ ਘਰੇਲੂ ਕਲੇਸ਼ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਦਿੰਦੇ ਹੋਏ ਜ਼ਖਮੀ ਹੋਏ ਨੌਜਵਾਨ ਦੀ ਭੈਣ ਅੰਮ੍ਰਿਤ ਕੌਰ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਉਸ ਦਾ ਵਿਆਹ ਸ਼ਿਮਲਾਪੁਰੀ 'ਚ ਰਹਿਣ ਵਾਲੇ ਨੌਜਵਾਨ ਨਾਲ ਹੋਇਆ ਸੀ। ਉਸ ਦਾ ਪਤੀ ਅਤੇ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਜਾਂਦੀ ਸੀ, ਜਿਸ ਕਾਰਨ ਉਹ ਆਪਣੇ ਪੇਕੇ ਘਰ ਰਹਿਣ ਲੱਗੀ ਉਸ ਨੇ ਦੱਸਿਆ ਕਿ ਉਸ ਦਾ ਸਹੁਰਾ ਪਰਿਵਾਰ ਉਸ ਦੇ ਪੁੱਤਰ ਨੂੰ ਆਪਣੇ ਕੋਲ ਰੱਖਣਾ ਚਾਹੁੰਦਾ ਸੀ, ਜਿਸ ਕਾਰਨ ਉਨ੍ਹਾਂ ਵੱਲੋਂ ਪੇਕੇ ਘਰ ਰਹਿ ਰਹੀ ਅੰਮ੍ਰਿਤ ਕੌਰ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਪਰ ਮੁਹੱਲੇ ਦੇ ਮੁੰਡਿਆਂ ਵੱਲੋਂ ਉਸ ਨੂੰ ਬਚਾ ਲਿਆ ਗਿਆ। ਉਸ ਦੇ ਪਤੀ ਵੱਲੋਂ ਉਸ ਨੂੰ ਅੱਗ ਲਗਾ ਕੇ ਸਾੜਨ ਦੀ ਵੀ ਕੋਸ਼ਿਸ਼ ਕੀਤੀ ਗਈ ਪਰ ਉਹ ਕਾਮਯਾਬ ਨਾ ਹੋ ਸਕਿਆ। ਇਸੇ ਰੰਜਿਸ਼ ਕਾਰਨ ਉਸ ਦੇ ਪਤੀ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਪਰਿਵਾਰ ਨੂੰ ਮੌਤ ਦੇ ਘਾਟ ਉਤਾਰਨ ਦੀ ਕੋਸ਼ਿਸ਼ ਕੀਤੀ ਗਈ।

ਜਾਂਚ ਅਧਿਕਾਰੀ ਜਗੀਰ ਸਿੰਘ ਮੁਤਾਬਕ ਦੋਸ਼ੀਆਂ ਖਿਲਾਫ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਪੁਲਸ ਨੇ ਤਿੰਨ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ। ਬੇਸ਼ੱਕ ਪੁਲਸ ਵੱਲੋਂ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਪਰ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਫਰਾਰ ਦੋਸ਼ੀਆਂ ਤੋਂ ਉਨ੍ਹਾਂ ਨੂੰ ਜਾਨ ਨੂੰ ਖਤਰਾ ਹੈ। ਇਸ ਲਈ ਪਰਿਵਾਰ ਨੇ ਫਰਾਰ ਦੋਸ਼ੀਆਂ ਦੀ ਜਲਦ ਗ੍ਰਿਫਤਾਰੀ ਦੀ ਮੰਗ ਕੀਤੀ ਹੈ।
ਹਾਈਟੈਂਸ਼ਨ ਬਿਜਲੀ ਦੀਆਂ ਤਾਰਾਂ ਦੇ ਸੰਪਰਕ 'ਚ ਆਉਣ ਨਾਲ ਬਜ਼ੁਰਗ ਦੀ ਮੌਤ
NEXT STORY