ਜਲੰਧਰ, (ਚੋਪੜਾ)–ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਸੂਚੀਬੱਧ 57 ਹਸਪਤਾਲ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਲਈ ਬੈੱਡ ਸੁਰੱਖਿਅਤ ਰੱਖਣ ਤਾਂ ਕਿ ਕੋਵਿਡ-19 ਦੇ ਲਗਾਤਾਰ ਵਧ ਰਹੇ ਮਾਮਲਿਆਂ ਦਾ ਹੋਰ ਜ਼ਿਆਦਾ ਸਮਰੱਥਾ ਨਾਲ ਮੁਕਾਬਲਾ ਕੀਤਾ ਜਾ ਸਕੇ। ਜ਼ਿਲੇ ਨਾਲ ਸਬੰਧਤ ਪ੍ਰਾਈਵੇਟ ਹਸਪਤਾਲਾਂ ਨੂੰ ਅਪੀਲ ਕਰਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਨੇ ਪ੍ਰਾਈਵੇਟ ਹਸਪਤਾਲਾਂ ਤੋਂ ਬੈੱਡਾਂ ਦੀ ਕਪੈਸਟੀ ਅਤੇ ਅਵੇਲੇਬਿਲਟੀ ਦਾ ਡਾਟਾ ਇਕੱਠਾ ਕਰਨਾ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਸਰਕਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਜਲਦ ਹੀ ਪ੍ਰਾਈਵੇਟ ਹਸਪਤਾਲਾਂ ਨੂੰ ਕੋਰੋਨਾ ਵਾਇਰਸ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਸ਼ਾਮਲ ਕਰਨ ਦਾ ਫੈਸਲਾ ਲਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਹਸਪਤਾਲਾਂ ਵਿਚ ਬੈੱਡਾਂ ’ਤੇ ਪਾਈਪ ਰਾਹੀਂ ਆਕਸੀਜਨ ਉਪਲਬਧ ਕਰਵਾਈ ਜਾ ਰਹੀ ਹੈ ਅਤੇ ਵੈਂਟੀਲੇਟਰ ਮੌਜੂਦ ਹਨ, ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਰੇਟ ਨਿਰਧਾਰਿਤ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਆਉਣ ਵਾਲੇ 2 ਤੋਂ 3 ਦਿਨਾਂ ਵਿਚ ਫਿਕਸ ਕਰ ਲਿਆ ਜਾਵੇਗਾ ਕਿ ਸਰਕਾਰ ਵਲੋਂ ਰੈਫਰ ਕੀਤੇ ਗਏ ਮਰੀਜ਼ਾਂ ’ਤੇ ਨਿੱਜੀ ਹਸਪਤਾਲਾਂ ਨੂੰ ਕੀ ਚਾਰਜਿਜ਼ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਅਤੇ ਐੱਸ. ਡੀ. ਐੱਮ.-1 ਜੈਇੰਦਰ ਸਿੰਘ, ਡੀ. ਐੱਮ. ਸੀ. ਡਾਕਟਰ ਜਯੋਤੀ ਨਾਲ ਜ਼ਿਲੇ ਵਿਚ ਸੂਚੀਬੱਧ ਹਸਪਤਾਲਾਂ ਨਾਲ ਤਾਲਮੇਲ ਅਤੇ ਯੋਜਨਾਵਾਂ ਨੂੰ ਯਕੀਨੀ ਬਣਾਉਣ ਸਬੰਧੀ ਮੀਟਿੰਗ ਕੀਤੀ ਗਈ। ਆਯੁਸ਼ਮਾਨ ਯੋਜਨਾ ਅਧੀਨ ਸੂਚੀਬੱਧ ਹਸਪਤਾਲਾਂ ਦੀਆਂ ਸੇਵਾਵਾਂ ਆਉਣ ਵਾਲੇ ਦਿਨਾਂ ਵਿਚ ਲੈਵਲ-2 ਅਤੇ ਲੈਵਲ-3 ਮਰੀਜ਼ਾਂ ਦੇ ਇਲਾਜ ਲਈ ਇਸਤੇਮਾਲ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਜੇ ਜ਼ਿਲੇ ਵਿਚ ਸਥਿਤੀ ਪੂਰੀ ਤਰ੍ਹਾਂ ਕਾਬੂ ਵਿਚ ਹੈ ਅਤੇ ਲੋਕਾਂ ਨੂੰ ਆਪਣੇ ਟੈਸਟ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
ਕੋਰੋਨਾ ਆਫ਼ਤ : ਅਕਾਲੀ ਦਲ ਵੱਲੋਂ 15 ਦਿਨਾਂ ਲਈ ਸਾਰੇ ਪ੍ਰੋਗਰਾਮ ਮੁਲਤਵੀ
NEXT STORY