ਗੁਰਦਾਸਪੁਰ (ਹਰਮਨਪ੍ਰੀਤ) - ਰਾਜ ਸਭਾ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਕੇ ਮਹਾਰਾਜਾ ਦਲੀਪ ਸਿੰਘ ਦੀਆਂ ਅਸਥੀਆਂ ਨੂੰ ਇੰਗਲੈਂਡ ਤੋਂ ਭਾਰਤ ਲਿਆਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਸ. ਬਾਜਵਾ ਨੇ ਇਰਾਕ ਵਿਚ ਮਾਰੇ ਗਏ 39 ਭਾਰਤੀਆਂ ਦੇ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਅਤੇ ਇਕ-ਇਕ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਕੀਤੀ। 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਸ. ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਸ੍ਰੀ ਮੋਦੀ ਦੇ ਧਿਆਨ ਵਿਚ ਲਿਆਂਦਾ ਹੈ ਕਿ ਮਹਾਰਾਜਾ ਦਲੀਪ ਸਿੰਘ ਸਿੱਖ ਕੌਮ ਦੇ ਮਹਾਨ ਮਹਾਰਾਜਾ ਰਣਜੀਤ ਸਿੰਘ ਦੇ ਸਪੁੱਤਰ ਸਨ ਜਿਨ੍ਹਾਂ ਨੂੰ ਅੰਗਰੇਜ਼ਾਂ ਵੱਲੋਂ ਭਾਰਤ 'ਤੇ ਕਬਜ਼ਾ ਕੀਤੇ ਜਾਣ ਤੋਂ ਬਾਅਦ 15 ਸਾਲ ਦੀ ਉਮਰ ਵਿਚ ਇੰਗਲੈਂਡ ਅੰਦਰ ਕ੍ਰਿਸਚੀਅਨ ਬਣਾ ਦਿੱਤਾ ਗਿਆ ਸੀ। ਪਹਿਲਾਂ ਕਈ ਸਾਲ ਉਨ੍ਹਾਂ ਨੂੰ ਆਪਣੀ ਮਾਤਾ ਜੀ ਨੂੰ ਨਹੀਂ ਮਿਲਣ ਦਿੱਤਾ ਗਿਆ ਪਰ ਜਦੋਂ ਉਹ ਆਪਣੀ ਮਾਤਾ ਜੀ ਨੂੰ ਮਿਲੇ ਤਾਂ ਉਨ੍ਹਾਂ ਨੂੰ ਆਪਣੇ ਗੌਰਵਮਈ ਇਤਿਹਾਸ ਅਤੇ ਸਿੱਖ ਰਿਆਸਤ ਬਾਰੇ ਪਤਾ ਲੱਗਾ। ਇਸ ਦੌਰਾਨ ਇਹ ਗੱਲ ਵੀ ਉਨ੍ਹਾਂ ਦੇ ਸਾਹਮਣੇ ਆਈ ਕਿ ਅੰਗਰੇਜ਼ਾਂ ਨੇ ਉਨ੍ਹਾਂ ਦੀ ਰਿਆਸਤ 'ਤੇ ਕਬਜ਼ਾ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਉਹ ਆਪਣੇ ਦੇਸ਼ ਵਾਪਸ ਆਉਣਾ ਚਾਹੁੰਦੇ ਸਨ ਪਰ ਕਾਮਯਾਬ ਹੋਣ ਤੋਂ ਪਹਿਲਾਂ ਹੀ 55 ਸਾਲ ਦੀ ਉਮਰ 'ਚ ਪੈਰਿਸ ਵਿਖੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਕ੍ਰਿਸਚੀਅਨ ਧਰਮ ਅਨੁਸਾਰ ਇੰਗਲੈਂਡ ਵਿਚ ਉਨ੍ਹਾਂ ਦੇ ਮ੍ਰਿਤਕ ਸਰੀਰ ਨੂੰ ਦਫ਼ਨਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੀ ਪੰਜਾਬ ਅਤੇ ਦੇਸ਼ ਨੂੰ ਬਹੁਤ ਵੱਡੀ ਦੇਣ ਹੈ, ਇਸ ਲਈ ਲੱਖਾਂ ਸਿੱਖ ਲੰਮੇ ਸਮੇਂ ਤੋਂ ਇਹ ਮੰਗ ਕਰਦੇ ਆ ਰਹੇ ਹਨ ਕਿ ਮਹਾਰਾਜਾ ਦਲੀਪ ਸਿੰਘ ਦੀਆਂ ਅਸਥੀਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਿਆ ਕੇ ਯਾਦਗਾਰ ਬਣਾਈ ਜਾਵੇ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਉਹ ਇੰਗਲੈਂਡ ਦੀ ਸਰਕਾਰ ਨਾਲ ਗੱਲਬਾਤ ਕਰ ਕੇ ਇਸ ਮੰਗ ਨੂੰ ਪੂਰਾ ਕਰਨ।
ਸ. ਬਾਜਵਾ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਧਿਆਨ ਵਿਚ ਇਹ ਮੁੱਦਾ ਵੀ ਲਿਆਂਦਾ ਹੈ ਕਿ ਮੋਸੂਲ ਵਿਚ ਮਾਰੇ ਗਏ 39 ਭਾਰਤੀਆਂ ਦੇ ਪਰਿਵਾਰ ਵੱਡੀ ਆਰਥਕ ਮੰਦਹਾਲੀ ਵਿਚੋਂ ਲੰਘ ਰਹੇ ਹਨ ਜਿਨ੍ਹਾਂ ਨੂੰ ਇਸ ਮੌਕੇ ਮਾਲੀ ਸਹਾਇਤਾ ਦੀ ਲੋੜ ਹੈ। ਪ੍ਰਧਾਨ ਮੰਤਰੀ ਨੇ ਇਸ ਮੁੱਦੇ 'ਤੇ ਜਲਦ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ।
ਐੱਲ. ਆਈ. ਸੀ. ਕਰਮਚਾਰੀਆਂ ਵੱਲੋਂ ਵਾਕ ਆਊਟ ਹੜਤਾਲ
NEXT STORY