ਚੰਡੀਗੜ੍ਹ, ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦੇ ਹੋਏ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਨੂੰ ਮਨਾਉਣ ਲਈ ਪਰਿਵਾਰ ਅਤੇ ਮੰਤਰੀ ਮੰਡਲ ਸਮੇਤ ਜਲੰਧਰ 'ਚ ਡੇਰਾ ਲਾਇਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਜੇਕਰ 'ਆਪ' ਸਰਕਾਰ ਨੇ ਆਪਣੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਚੰਗਾ ਪ੍ਰਦਰਸ਼ਨ ਕੀਤਾ ਹੁੰਦਾ ਤਾਂ ਉਸ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਨੂੰ ਮਨਾਉਣ ਲਈ ਇੰਨੀ ਮਿਹਨਤ ਨਾ ਕਰਨੀ ਪੈਂਦੀ। ਬਾਜਵਾ ਨੇ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ 'ਆਪ' ਸਰਕਾਰ ਸੂਬੇ 'ਚ ਕੰਮ ਕਰਨ ਅਤੇ ਆਪਣੀਆਂ ਗਰੰਟੀਆਂ ਪੂਰੀਆਂ ਕਰਨ 'ਚ ਬੁਰੀ ਤਰਾਂ ਅਸਫਲ ਰਹੀ ਹੈ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ 'ਆਪ' ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਨਿਰਾਸ਼ ਕੀਤਾ ਹੈ। ਨਤੀਜੇ ਵਜੋਂ, ਇਸ ਨੂੰ ਲੋਕਾਂ ਦੇ ਗ਼ੁੱਸੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲ ਹੀ 'ਚ ਹੋਈਆਂ ਲੋਕ ਸਭਾ ਚੋਣਾਂ 'ਚ 'ਆਪ' ਸਿਰਫ਼ ਤਿੰਨ ਸੀਟਾਂ 'ਤੇ ਜਿੱਤ ਹਾਸਲ ਕਰ ਸਕੀ ਸੀ। ਇਸ ਦੇ ਚਾਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਲਾਲਜੀਤ ਸਿੰਘ ਭੁੱਲਰ, ਡਾ. ਬਲਬੀਰ ਸਿੰਘ ਅਤੇ ਕੁਲਦੀਪ ਸਿੰਘ ਧਾਲੀਵਾਲ ਚੋਣ ਹਾਰ ਗਏ। ਹੁਣ ਜਲੰਧਰ ਦੇ ਵੋਟਰ 'ਆਪ' ਨੂੰ ਇੱਕ ਹੋਰ ਸ਼ਰਮਨਾਕ ਹਾਰ ਦੇਣ ਲਈ ਤਿਆਰ ਹਨ।
ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਲੱਖਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਝੂਠੇ ਦਾਅਵੇ ਕਰ ਰਹੀ ਹੈ। ਅਸਲ 'ਚ, ਬੇਰੁਜ਼ਗਾਰ ਨੌਜਵਾਨਾਂ ਨੂੰ ਲਗਭਗ ਹਰ ਰੋਜ਼ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਦੇ ਦੇਖਿਆ ਜਾ ਸਕਦਾ ਹੈ। ਇਸੇ ਤਰਾਂ 'ਆਪ' ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਅਸਫਲ ਰਹੀ। ਬਾਜਵਾ ਨੇ ਕਿਹਾ ਕਿ ਹੜ੍ਹਾਂ ਅਤੇ ਕੁਦਰਤੀ ਆਫ਼ਤਾਂ ਵਿੱਚ ਫ਼ਸਲ ਦੇ ਨੁਕਸਾਨੇ ਜਾਣ ਤੋਂ ਬਾਅਦ ਜ਼ਿਆਦਾਤਰ ਕਿਸਾਨਾਂ ਨੂੰ ਮੁਆਵਜ਼ੇ ਵਜੋਂ ਇੱਕ ਪੈਸਾ ਵੀ ਨਹੀਂ ਮਿਲਿਆ।
ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ 'ਆਪ' ਸਰਕਾਰ ਦੌਰਾਨ ਫ਼ੰਡਾਂ ਦੀ ਦੁਰਵਰਤੋਂ ਕਾਰਨ ਸੂਬੇ ਦੀ ਆਰਥਿਕਤਾ ਆਈਸੀਯੂ ਵਿੱਚ ਪਹੁੰਚ ਗਈ ਹੈ। ਇਸ ਵਿੱਤੀ ਸਾਲ ਦੇ ਅੰਤ ਤੱਕ ਪੰਜਾਬ ਦਾ ਬਕਾਇਆ ਕਰਜ਼ਾ 3.74 ਲੱਖ ਕਰੋੜ ਰੁਪਏ ਤੱਕ ਪਹੁੰਚਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ 'ਚ ਕੀ ਇਸ ਸਰਕਾਰ ਨੂੰ ਬੁੱਧੀਮਾਨ ਸਰਕਾਰ ਕਿਹਾ ਜਾ ਸਕਦਾ ਹੈ?
ਨਿਰਮਲਾ ਸੀਤਾਰਮਨ ਨੂੰ ਮਿਲੇ ਰਾਜਾ ਵੜਿੰਗ, ਧਾਰਾ 43-ਬੀ ਨੂੰ ਟਾਲਣ ਦੀ ਕੀਤੀ ਮੰਗ
NEXT STORY