ਅੰਮ੍ਰਿਤਸਰ (ਵੈੱਬ ਡੈਸਕ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ। ਇਸ ਇਕੱਤਰਤਾ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੁਗਿੰਦਰ ਸਿੰਘ ਸ਼ਾਮਲ ਸਨ।
ਇਹ ਵੀ ਪੜ੍ਹੋ- ਜਥੇਦਾਰ ਗੜਗੱਜ ਦਾ ਵੱਡਾ ਬਿਆਨ ! ਸ਼ਹੀਦੀ ਦਿਹਾੜਿਆਂ ਮੌਕੇ ਪੰਜਾਬ 'ਚ ਹੋਵੇ 'ਡਰਾਈ ਡੇਅ' ਘੋਸ਼ਿਤ
ਇਸ ਇਕੱਤਰਤਾ ਵਿਚ ਸਭ ਤੋਂ ਪਹਿਲਾਂ ਸਿੱਖ ਸੰਗਤਾਂ ਵੱਲੋਂ ਆ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਮੈਰਿਜ ਪੈਲੇਸਾਂ, ਰਿਜ਼ੋਰਟਾਂ, ਸਮੁੰਦਰਾਂ ਦੇ ਕੰਢਿਆਂ, ਬੀਚਾਂ ਅਤੇ ਵਪਾਰਕ ਫਾਰਮ ਹਾਊਸਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਆਨੰਦ ਕਾਰਜ ਕਰਵਾਉਣ ਦੇ ਮਾਮਲੇ ‘ਤੇ ਵਿਚਾਰ ਕੀਤਾ ਗਿਆ। ਪੰਜ ਸਿੰਘ ਸਾਹਿਬਾਨ ਨੇ ਪਹਿਲਾਂ ਜਾਰੀ ਹੁਕਮਨਾਮਿਆਂ (1998 ਅਤੇ 2023) ਦੀ ਰੌਸ਼ਨੀ ਵਿੱਚ ਫੈਸਲਾ ਕਰਦਿਆਂ ਸਪੱਸ਼ਟ ਹੁਕਮ ਦਿੱਤਾ ਕਿ ਅਜਿਹੀਆਂ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਅਤੇ ਉੱਥੇ ਆਨੰਦ ਕਾਰਜ ਕਰਨ ‘ਤੇ ਪੂਰਨ ਪਾਬੰਦੀ ਰਹੇਗੀ। ਇਸ ਦੌਰਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਗੁਰਦੁਆਰਾ ਸਾਹਿਬਾਨ ਦੇ ਗ੍ਰੰਥੀ, ਪ੍ਰਬੰਧਕ, ਸੇਵਾਦਾਰ ਅਤੇ ਸਮੂਹ ਰਾਗੀ ਜਥਿਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਇਨ੍ਹਾਂ ਹੁਕਮਾਂ ਦੀ ਪੂਰੀ ਪਾਲਣਾ ਕਰਨ। ਉਲੰਘਣਾ ਕਰਨ ਵਾਲਿਆਂ, ਚਾਹੇ ਉਹ ਪਾਵਨ ਸਰੂਪ ਦੇਣ ਵਾਲੇ ਹੋਣ, ਰਾਗੀ ਜਥੇ ਹੋਣ ਜਾਂ ਮੈਰਿਜ ਪੈਲੇਸਾਂ ਅਤੇ ਵਪਾਰਕ ਸਥਾਨਾਂ ਦੇ ਮਾਲਕ, ਸਭ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਖਾਸ ਤੌਰ ‘ਤੇ ਚੰਡੀਗੜ੍ਹ ਅਤੇ ਇਸਦੇ ਨੇੜਲੇ ਇਲਾਕਿਆਂ ‘ਚ ਅਜਿਹੇ ਮਾਮਲਿਆਂ ਦੇ ਵਧਣ ‘ਤੇ ਗੰਭੀਰ ਚਿੰਤਾ ਜਤਾਈ ਗਈ।
ਇਹ ਵੀ ਪੜ੍ਹੋ- ਦਿੱਲੀ ਤੋਂ ਵੀ ਵੱਧ ਖ਼ਰਾਬ ਹੋਈ ਅੰਮ੍ਰਿਤਸਰ ਦੀ ਹਵਾ, 987 ਦਰਜ ਹੋਇਆ AQI !
ਇਕ ਹੋਰ ਮਹੱਤਵਪੂਰਨ ਮਸਲੇ ਤਹਿਤ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ, ਸ਼ਹੀਦਾਂ ਅਤੇ ਸਿੱਖ ਇਤਿਹਾਸ ‘ਤੇ ਬਣ ਰਹੀਆਂ ਫਿਲਮਾਂ, ਐਨੀਮੇਸ਼ਨ ਫਿਲਮਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨਾਲ ਤਿਆਰ ਕੀਤੀਆਂ ਵੀਡੀਓਜ਼ ਬਾਰੇ ਵਿਸਥਾਰ ਨਾਲ ਚਰਚਾ ਹੋਈ। ਪੰਜ ਸਿੰਘ ਸਾਹਿਬਾਨ ਨੇ ਮੰਨਿਆ ਕਿ ਮੌਜੂਦਾ ਟੈਕਨੋਲੋਜੀ ਦੇ ਯੁਗ ਵਿੱਚ ਇਹ ਬਹੁਤ ਹੀ ਸੰਵੇਦਨਸ਼ੀਲ ਅਤੇ ਗੰਭੀਰ ਮਸਲਾ ਹੈ, ਜਿਸ ਲਈ ਠੋਸ ਅਤੇ ਸਪੱਸ਼ਟ ਨੀਤੀ ਬਣਾਉਣੀ ਲਾਜ਼ਮੀ ਹੈ। ਜਥੇਦਾਰ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਮਹਾਨ ਸ਼ਹੀਦਾਂ ਦੀ ਨਕਲ ਕਰਕੇ ਕਿਸੇ ਵੀ ਤਰ੍ਹਾਂ ਦੀ ਫਿਲਮ, ਐਨੀਮੇਸ਼ਨ ਜਾਂ ਏਆਈ ਵੀਡੀਓ ਬਣਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਸਿੱਖੀ ਦੇ ਮੂਲ ਸਿਧਾਂਤਾਂ ਦੇ ਖ਼ਿਲਾਫ਼ ਮੰਨਿਆ ਜਾਵੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਹਵਾ 'ਚ ਚੱਕਰ ਕੱਟਦਾ ਰਿਹਾ ਜਹਾਜ਼, ਨਹੀਂ ਮਿਲੀ ਉਤਰਣ ਦੀ ਇਜਾਜ਼ਤ, ਜਾਣੋ ਕੀ ਹੈ ਮਾਮਲਾ
ਜਥੇਦਾਰ ਗੜਗੱਜ ਨੇ ਇਸ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਭਾਰਤ ਦੇ ਵੱਡੇ ਫ਼ਿਲਮ ਨਿਰਮਾਤਾ ਘਰਾਨਿਆਂ ਨੂੰ ਚਿੱਠੀ ਲਿਖ ਕੇ ਇਸ ਆਦੇਸ਼ ਦੀ ਕਾਪੀ ਭੇਜੀ ਜਾਵੇ ਅਤੇ ਇਹ ਵੀ ਸਪੱਸ਼ਟ ਕੀਤਾ ਜਾਵੇ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਸਿੱਖ ਇਤਿਹਾਸ ਨਾਲ ਸੰਬੰਧਿਤ ਕੋਈ ਵੀ ਫ਼ਿਲਮ ਨਹੀਂ ਬਣਾਈ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਲਈ ਇਕ ਠੋਸ ਅਤੇ ਸਪੱਸ਼ਟ ਨੀਤੀ ਬਣਾਉਣ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨਾਂ ਦਾ ਸਪੱਸ਼ਟ ਮਤਾ ਹੈ, ਕਿ ਗੁਰੂ ਸਾਹਿਬਾਨਾਂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸੰਬੰਧਿਤ ਕੋਈ ਵੀ ਐਨੀਮੇਸ਼ਨ ਜਾਂ ਏਆਈ ਆਧਾਰਿਤ ਫ਼ਿਲਮ ਬਣਾਉਣ ਦੀ ਆਗਿਆ ਨਹੀਂ ਹੋਵੇਗੀ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਨਾਲ ਜੁੜਿਆ ਬੇਹੱਦ ਗੰਭੀਰ ਮਾਮਲਾ ਵੀ ਇਕੱਤਰਤਾ ਦੌਰਾਨ ਵਿਚਾਰਿਆ ਗਿਆ। ਇਸ ਮਾਮਲੇ ਨੂੰ ਲੈ ਕੇ ਸਿੱਖ ਸੰਗਤ ਵਿਚ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਚੁਣੀ ਹੋਈ ਪੰਥਕ ਅਤੇ ਸੰਵਿਧਾਨਕ ਸੰਸਥਾ ਹੈ ਅਤੇ ਭਾਰਤੀ ਸੰਵਿਧਾਨ ਅਨੁਸਾਰ ਕੋਈ ਵੀ ਸਰਕਾਰ ਕਿਸੇ ਵੀ ਧਾਰਮਿਕ ਮਾਮਲੇ ਵਿੱਚ ਸਿੱਧੇ ਜਾਂ ਅਸਿੱਧੇ ਤੌਰ ’ਤੇ ਦਖ਼ਲਅੰਦਾਜ਼ੀ ਨਹੀਂ ਕਰ ਸਕਦੀ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਲੰਮੇ ਸਮੇਂ ਤੋਂ ਦੇਸ਼ ਅਤੇ ਸੂਬੇ ਦੇ ਹੁਕਮਰਾਨਾਂ ਵੱਲੋਂ ਪੰਥਕ ਸੰਸਥਾਵਾਂ ਅਤੇ ਸਿੱਖਾਂ ਦੇ ਅੰਦਰੂਨੀ ਮਸਲਿਆਂ ਵਿੱਚ ਲਗਾਤਾਰ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਮਸਲੇ ਸਿੱਖ ਸੰਗਤ ਆਪਣੇ ਤੌਰ ’ਤੇ ਹੱਲ ਕਰ ਸਕਦੀ ਹੈ, ਉਨ੍ਹਾਂ ਲਈ ਪੁਲਸ ਜਾਂ ਸਰਕਾਰ ਦੀ ਕੋਈ ਲੋੜ ਨਹੀਂ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਦਰੂਨੀ ਮਸਲੇ ਨੂੰ ਬੇਅਦਬੀਆਂ ਨਾਲ ਜੋੜਿਆ ਜਾ ਰਿਹਾ ਹੈ, ਜਿਸ ਮਾਮਲੇ 'ਚ ਸਰਕਾਰ ਦੀ ਬਣਾਈ ਐਸ ਆਈ ਟੀ ਨੂੰ ਅਸੀਂ ਨਹੀਂ ਮੰਨਦੇ। ਇਸ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਆਪਣੇ ਪੱਧਰ 'ਤੇ ਜਾਂਚ ਕਰ ਚੁੱਕੀ ਹੈ।
ਇਸ ਦੌਰਾਨ ਉਨ੍ਹਾਂ ਨੇ ਪੁਲਸ ਵੱਲੋਂ ਸਿੱਖਾਂ ਖ਼ਿਲਾਫ਼ ਹੋ ਰਹੇ ਨਫਰਤੀ ਪ੍ਰਚਾਰ, ਨਕਲੀ ਸੋਸ਼ਲ ਮੀਡੀਆ ਖਾਤਿਆਂ ਅਤੇ ਧਮਕੀਆਂ ਦੇ ਮਾਮਲਿਆਂ ‘ਚ ਕਾਰਵਾਈ ਨਾ ਹੋਣ ‘ਤੇ ਵੀ ਸਖ਼ਤ ਨਾਰਾਜ਼ਗੀ ਜਤਾਈ ਹੈ। ਪੰਜ ਸਿੰਘ ਸਾਹਿਬਾਨ ਨੇ ਕਿਹਾ ਕਿ ਜਦੋਂ ਸਿੱਖ ਸੰਸਥਾਵਾਂ ਵੱਲੋਂ ਦਿੱਤੀਆਂ ਸ਼ਿਕਾਇਤਾਂ ‘ਤੇ ਕਾਰਵਾਈ ਨਹੀਂ ਹੁੰਦੀ, ਤਾਂ ਫਿਰ ਸਿੱਖ ਸੰਸਥਾਵਾਂ ਦੇ ਅੰਦਰੂਨੀ ਮਾਮਲਿਆਂ ‘ਚ ਦਖਲ ਦੇਣਾ ਦੋਹਰਾ ਮਾਪਦੰਡ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Momos ਵੇਚਣ ਵਾਲੇ ਦੀਆਂ ਕੁਹਾੜੀ ਨਾਲ ਵੱਢ'ਤੀਆਂ ਉਂਗਲਾਂ
NEXT STORY