ਅੰਮ੍ਰਿਤਸਰ (ਦੀਪਕ ਸ਼ਰਮਾ) : ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿਥੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸਨਮਾਨਿਤ ਕੀਤਾ। ਆਪਣਾ ਅਹੁਦਾ ਸੰਭਾਲਣ ਮਗਰੋਂ ਅੱਜ ਸਿੱਖਾਂ ਦੇ ਧਾਰਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਪੁੱਜੇ ਪੰਜਾਬ ਦੇ ਰਾਜਪਾਲ ਨੇ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਯਾਤਰੂ ਕਿਤਾਬ ’ਚ ਲਿਖਿਆ ਕਿ ਪਾਵਨ ਅਸਥਾਨ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਖੁਸ਼ੀ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤੇ ਜਾਣ ’ਤੇ ਧੰਨਵਾਦ ਅਤੇ ਵਧੀਆ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਪਾਵਨ ਅਸਥਾਨ ਦੇ ਦਰਸ਼ਨ ਕਰਨ ਉਪਰੰਤ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ। ਉਨ੍ਹਾਂ ਨੂੰ ਸਨਮਾਨ ਵਿਚ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਧਾਰਮਿਕ ਪੁਸਤਕਾਂ ਦਿੱਤੀਆਂ ਗਈਆਂ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਦੇ ਲੋਕਾਂ ਲਈ ਸ਼ਰਧਾ ਦਾ ਕੇਂਦਰ ਹੈ ਅਤੇ ਇਥੇ ਨਤਮਸਤਕ ਹੋ ਕੇ ਸੰਗਤਾਂ ਦੇ ਨਾਲ-ਨਾਲ ਪ੍ਰਮੁੱਖ ਸ਼ਖ਼ਸੀਅਤਾਂ ਵੀ ਸ਼ਰਧਾ ਪ੍ਰਗਟਾਉਂਦੀਆਂ ਹਨ। ਇਸੇ ਅਧੀਨ ਹੀ ਆਪਣਾ ਅਹੁਦਾ ਸੰਭਾਲਣ ਮਗਰੋਂ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਪਾਵਨ ਸਥਾਨ ਵਿਖੇ ਪੁੱਜੇ ਹਨ। ਇਸ ਮੌਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਵਿਕਰਮਜੀਤ ਦੁੱਗਲ, ਪੁਲਸ ਅਧਿਕਾਰੀ ਪ੍ਰਮਿੰਦਰ ਸਿੰਘ ਪੰਡਾਲ ਤੇ ਸ. ਹਰਪਾਲ ਸਿੰਘ ਰੰਧਾਵਾ ਸਮੇਤ ਹੋਰ ਮੌਜੂਦ ਸਨ।
ਜਲਿਆਂਵਾਲਾ ਬਾਗ ’ਤੇ ਘਟੀਆ ਸਿਆਸਤ ਕਰ ਰਹੇ ਸੋਨੀਆ ਤੇ ਰਾਹੁਲ ਗਾਂਧੀ : ਚੁੱਘ
NEXT STORY