ਬਰਗਾੜੀ (ਜ. ਬ.) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਹੋਰ ਪੰਥਕ ਮੰਗਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਮੁਤਵਾਜੀ ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਬਰਗਾੜੀ, ਅਨਾਜ ਮੰਡੀ ਵਿਖੇ ਲਾਇਆ ਗਿਆ ਇਨਸਾਫ ਮੋਰਚਾ ਅੱਜ 16ਵੇਂ ਦਿਨ ਵੀ ਜਾਰੀ ਹੈ। ਇਸ ਇਨਸਾਫ ਮੋਰਚੇ ਵਿਚ ਰਾਗੀ, ਢਾਡੀ, ਕਵਿਸ਼ਰੀ ਅਤੇ ਕੀਰਤਨੀ ਜੱਥਿਆਂ ਵੱਲੋਂ ਗੁਰੂ ਦਾ ਜਾਪ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਇਲਾਵਾ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਸਿੱਖ ਮੰਗਾਂ ਨੂੰ ਪੂਰੀਆਂ ਕਰਕੇ ਸਿੱਖ ਕੌਮ ਨੂੰ ਇਨਸਾਫ ਦੇਵੇ। ਇਸ ਸਮੇਂ ਸੰਗਤਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀਂ ਪਾਰਟੀ ਦੇ ਹਲਕਾ ਭੁਲੱਥ ਤੋਂ ਵਿਧਾਇਕ ਅਤੇ ਵਿਰੋਧੀ ਧਿਰ ਤੋਂ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸਿੱਖਾਂ ਅਤੇ ਪੰਜਾਬੀਆਂ ਨਾਲ ਹਮੇਸ਼ਾ ਵਿਤਕਰਾ ਹੁੰਦਾ ਆਇਆ ਹੈ। ਇਸ ਕਰਕੇ ਹੀ ਉਨ੍ਹਾਂ ਨੂੰ ਆਪਣੀ ਹਰ ਮੰਗ ਪੂਰੀ ਕਰਵਾਉਣ ਲਈ ਮੋਰਚੇ ਲਾਉਣੇ ਪੈਂਦੇ ਹਨ। ਚਾਹੇ ਉਹ ਪੰਜਾਬੀ ਬੋਲਦੇ ਇਲਾਕਿਆਂ ਦੀ ਮੰਗ ਹੋਵੇ ਜਾਂ ਪੰਜਾਬ ਦੇ ਦਰਿਆਈ ਪਾਣੀਆਂ ਦੀ ਅਤੇ ਫੌਜ ਵਿਚ ਪੰਜਾਬੀਆਂ ਦੀ ਭਰਤੀ ਦਾ ਕੋਟਾ ਨਿਸ਼ਚਿਤ ਕਰਨ ਦੀ ਗੱਲ ਹੋਵੇ, ਤੋਂ ਇਲਾਵਾ ਅੱਜ ਤੱਕ ਪੰਜਾਬੀਆਂ ਨੂੰ ਕੇਂਦਰ ਅਤੇ ਸੂਬਾ ਸਰਕਾਰ ਨੇ ਉਨ੍ਹਾਂ ਦੀ ਮੰਗ ਲੋੜ ਅਨੁਸਾਰ ਪੂਰੀ ਨਹੀਂ ਕੀਤੀ ਸਗੋਂ ਹਰ ਮੰਗ ਨੂੰ ਪੂਰੀ ਕਰਵਾਉਣ ਲਈ ਧਰਨੇ, ਮੁਜ਼ਾਹਰੇ ਜਾਂ ਮੋਰਚੇ ਲਾਉਣੇ ਪੈਂਦੇ ਹਨ। ਉਨ੍ਹਾਂ ਪਿਛਲੀ ਅਕਾਲੀ-ਭਾਜਪਾ ਸਰਕਾਰ ਅਤੇ ਮੌਜੂਦਾ ਪੰਜਾਬ ਦੀ ਕਾਂਗਰਸ ਸਰਕਾਰ ਦੇ ਇਤਿਹਾਸ ਸਬੰਧੀ ਅੰਕੜਿਆਂ ਸਮੇਤ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।
ਉਨ੍ਹਾਂ ਕਿਹਾ ਕਿ ਭਾਰਤ ਦੀ ਅਜ਼ਾਦੀ ਦੇ ਇਤਿਹਾਸ 'ਤੇ ਜੇਕਰ ਨਜ਼ਰ ਮਾਰੀਏ ਤਾਂ ਪਤਾ ਲੱਗਦਾ ਹੈ ਕਿ ਇਸ ਅਜ਼ਾਦੀ ਦੇ ਸੰਗਰਾਮ ਵਿੱਚ ਲਗਭਗ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਅਤੇ ਖਾਸਕਰ ਸਿੱਖਾਂ ਦੀਆਂ ਹਨ। ਸਮੇਂ ਦੀਆਂ ਸਰਕਾਰਾਂ ਦੀਆਂ ਨੀਤੀਆਂ ਨੇ ਪੰਜਾਬ ਦੇ ਲੋਕਾਂ ਨੂੰ ਭਿਖਾਰੀ ਬਣਾ ਕੇ ਰੱਖ ਦਿੱੱਤਾ ਹੈ। ਇਹ ਸਭ ਕੁੱਝ ਗਿਣੀਆਂ-ਮਿਥੀਆਂ ਨੀਤੀਆਂ ਤਹਿਤ ਹੋ ਰਿਹਾ ਹੈ। ਉਨ੍ਹਾਂ ਇਨਸਾਫ ਮੋਰਚੇ 'ਤੇ ਬੈਠੇ ਪੰਥਕ ਆਗੂਆਂ ਨੂੰ ਇਹ ਵਿਸ਼ਵਾਸ ਦਿਵਾਉਂਦਿਆਂ ਸੁਝਾਅ ਦਿੱਤਾ ਕਿ ਜੇਕਰ ਸਰਕਾਰ ਪੰਥਕ ਮੰਗਾਂ ਸਬੰਧੀ ਕੋਈ ਟਾਲ-ਮਟੋਲ ਕਰਦੀ ਹੈ ਤਾਂ ਇਹ ਇਨਸਾਫ ਮੋਰਚਾ ਚੰਡੀਗੜ੍ਹ ਵਿਖੇ ਲਾਇਆ ਜਾਵੇ ਤਾਂ ਕਿ ਏ. ਸੀ. ਦਫ਼ਤਰਾਂ ਵਿਚ ਬੈਠੀ ਸਰਕਾਰ ਅਤੇ ਉਸਦੇ ਅਫ਼ਸਰਾਂ ਨੂੰ ਪਤਾ ਲੱਗ ਸਕੇ ਕਿ ਸਿੱਖ ਕੌਮ ਕਿਸ ਮੁਸੀਬਤ ਵਿਚ ਹੈ। ਇਸ ਮੌਕੇ ਭਾਈ ਬਲਜੀਤ ਸਿੰਘ ਦਾਦੂਵਾਲ, ਅਮਰੀਕ ਸਿੰਘ ਅਜਨਾਲਾ, ਬਾਬਾ ਫੌਜਾ ਸਿੰਘ ਸੁਭਾਨੇਵਾਲੇ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸੁਰਜੀਤ ਸਿੰਘ ਅਰਾਈਆਂਵਾਲਾ, ਬੂਟਾ ਸਿੰਘ ਰਣਸੀਂਹ ਕੇ, ਗੁਰਦੀਪ ਸਿੰਘ ਬਠਿੰਡਾ, ਜਸਵਿੰਦਰ ਸਿੰਘ ਸਾਹੋਕੇ, ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਮਨਜੀਤ ਸਿੰਘ ਨਿਹਾਲ ਸਿੰਘ ਵਾਲਾ, ਪਿਰਮਲ ਸਿੰਘ ਖਾਲਸਾ, ਪ੍ਰਿਤਪਾਲ ਸਿੰਘ ਬਰਾੜ, ਕੁਲਤਾਰ ਸਿੰਘ ਸੰਧਵਾਂ, ਮਾ. ਬਲਦੇਵ ਸਿੰਘ, ਸੁਖਜੀਤ ਸਿੰਘ ਖੋਸਾ, ਸੁਖਪਾਲ ਸਿੰਘ ਬਰਗਾੜੀ ਅਤੇ ਅਮਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਪੁਜਾਰੀ ਅਤੇ ਉਸਦੀ ਪਤਨੀ ਨਾਲ ਹੱਥੋਪਾਈ
NEXT STORY