ਬਠਿੰਡਾ (ਪਰਮਿੰਦਰ) : ਜ਼ਿਲੇ ਅੰਦਰ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲੇ 'ਚ ਸਿਵਲ ਅਤੇ ਪੁਲਸ ਪ੍ਰਸ਼ਾਸਨ ਸਖ਼ਤ ਹੋ ਗਿਆ ਹੈ। ਦੋ ਦਿਨਾਂ ਦੌਰਾਨ ਹੀ ਪੁਲਸ ਨੇ ਪਰਾਲੀ ਨੂੰ ਅੱਗ ਲਾਉਣ ਵਾਲੇ 98 ਕਿਸਾਨਾਂ ਖਿਲਾਫ ਕੇਸ ਦਰਜ ਕੀਤੇ ਹਨ। ਬੀਤੇ ਕੱਲ ਲਗਭਗ 48 ਕਿਸਾਨਾਂ 'ਤੇ ਪੁਲਸ ਕੇਸ ਦਰਜ ਕੀਤੇ ਗਏ ਸਨ ਜਦੋਂ ਕਿ ਬੁੱਧਵਾਰ ਨੂੰ 50 ਹੋਰ ਕਿਸਾਨਾਂ ਨੂੰ ਨਾਮਜ਼ਦ ਕੀਤਾ ਗਿਆ। ਇਨ੍ਹਾਂ 'ਚੋਂ ਕੁਝ ਕਿਸਾਨਾਂ ਖਿਲਾਫ ਜ਼ਿਲਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਕੇਸ ਦਰਜ ਕੀਤੇ ਗਏ ਹਨ ਜਦੋਂ ਕਿ ਜ਼ਿਆਦਾਤਰ ਕਿਸਾਨਾਂ ਖਿਲਾਫ ਵਾਤਾਵਰਣ ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ।
316 ਕਿਸਾਨਾਂ ਦੇ ਕੀਤੇ ਚਲਾਨ
ਹੁਣ ਤੱਕ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ 316 ਚਲਾਨ ਕਰ ਕੇ 10 ਲੱਖ 35 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਵਿਚ ਸਬੰਧਤ ਪਿੰਡਾਂ ਦੇ ਸਰਪੰਚ ਵੀ ਬਰਾਬਰ ਦੇ ਜ਼ਿੰਮੇਵਾਰ ਹੋਣਗੇ ਅਤੇ ਉਨ੍ਹਾਂ ਖਿਲਾਫ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਿੰਡ ਨਾਲ ਸਬੰਧਤ ਥਾਣੇ ਦੇ ਐੱਸ. ਐੱਚ. ਓ. ਅਤੇ ਗ੍ਰਾਮ ਪੰਚਾਇਤ ਵਲੋਂ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਦੀ ਰੋਜ਼ਾਨਾ ਲਿਸਟ ਤਿਆਰ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।
ਬਠਿੰਡਾ ਦੇ ਡਿਪਟੀ ਕਮਿਸ਼ਨਰ ਬੀ. ਸ਼੍ਰੀ ਨਿਵਾਸਨ ਨੇ ਕਿਹਾ ਕਿ ''ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਸ ਸਬੰਧ 'ਚ 25 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਲਗਾਤਾਰ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ 'ਤੇ ਨਜ਼ਰ ਰੱਖ ਰਹੀਆਂ ਹਨ। ਇਸ ਸਬੰਧ ਵਿਚ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਕਿਸਾਨਾਂ ਨੂੰ ਜੁਰਮਾਨੇ ਕੀਤੇ ਜਾ ਰਹੇ ਹਨ ਜਦੋਂ ਕਿ ਪੁਲਸ ਵਲੋਂ ਵੀ ਕਿਸਾਨਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਵਾਤਾਵਰਣ ਨੂੰ ਪ੍ਰਦੂਸ਼ਿਤ ਨਾ ਕਰਨ ਅਤੇ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।''
ਰੇਸ਼ਮ ਸਿੰਘ ਯਾਤਰੀ, ਜਨਰਲ ਸਕੱਤਰ, ਭਾਕਿਯੂ (ਸਿੱਧੂਪੁਰ) ਨੇ ਕਿਹਾ ਕਿ ''ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ 'ਚ ਨਾਕਾਮ ਰਿਹਾ ਪ੍ਰਸ਼ਾਸਨ ਹੁਣ ਕਿਸਾਨਾਂ ਦੇ ਸਿਰ 'ਤੇ ਠੀਕਰਾ ਭੰਨਣ ਲੱਗਾ ਹੋਇਆ ਹੈ। ਕਿਸਾਨ ਪੁਲਸ ਕੇਸਾਂ ਜਾਂ ਜੁਰਮਾਨੇ ਦੇ ਡਰ ਤੋਂ ਪਿੱਛੇ ਨਹੀ ਹਟਣਗੇ। ਕਿਸਾਨਾਂ ਕੋਲ ਪਰਾਲੀ ਨੂੰ ਅੱਗ ਲਾਉਣ ਤੋਂ ਇਲਾਵਾ ਹੋਰ ਕੋਈ ਬਦਲ ਨਹੀ ਹੈ, ਜਿਸ ਕਾਰਣ ਕਿਸਾਨ ਹਰ ਹਾਲ 'ਚ ਪਰਾਲੀ ਨੂੰ ਅੱਗ ਲਗਾਉਣਗੇ। ਕਿਸਾਨਾਂ ਖਿਲਾਫ ਕਾਰਵਾਈ ਕਰਨ ਲਈ ਆਉਣ ਵਾਲੇ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਕਿਸੇ ਕਿਸਾਨ ਖਿਲਾਫ ਕੋਈ ਕਾਰਵਾਈ ਨਹੀਂ ਹੋਣ ਦਿੱਤੀ ਜਾਵੇਗੀ।''
ਵਿਆਹ ਕਰਵਾਉਣ ਦਾ ਲਾਰਾ ਲੱਗਾ ਕੁੜੀ ਨਾਲ ਕੀਤਾ ਜਬਰ-ਜ਼ਨਾਹ
NEXT STORY