ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਬਠਿੰਡਾ ਰੋਡ ’ਤੇ ਬਰਕੰਦੀ ਨੇੜੇ ਸਥਿਤ 'ਫੋਰੈਵਰ ਸੀਡ ਕੰਪਨੀ' ਵਿਚ ਬੀਤੀ ਰਾਤ ਅਚਾਨਕ ਭਿਆਨਕ ਅੱਗ ਲੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ। ਇਹ ਘਟਨਾ ਰਾਤ ਕਰੀਬ 9:45 ਵਜੇ ਵਾਪਰੀ, ਜਿਸ ਨਾਲ ਇਲਾਕੇ ਵਿਚ ਹਫੜਾ-ਦਫੜੀ ਮਚ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਬਿਜਲੀ ਦੀ ਸਪਲਾਈ ਵਿਚ ਆਈ ਖਰਾਬੀ ਕਾਰਨ ਉੱਠੀ ਚੰਗਿਆੜੀ ਨੇ ਕੁਝ ਹੀ ਮਿੰਟਾਂ ਵਿਚ ਭਿਆਨਕ ਰੂਪ ਧਾਰਨ ਕਰ ਲਿਆ। ਵੇਖਦਿਆਂ ਹੀ ਵੇਖਦਿਆਂ ਅੱਗ ਦੀਆਂ ਉੱਚੀਆਂ ਲਪਟਾਂ ਅਤੇ ਧੂੰਏਂ ਦੇ ਗੁਬਾਰ ਨਜ਼ਰ ਆਉਣ ਲੱਗੇ, ਜਿਸ ਨੇ ਪੂਰੀ ਕੰਪਨੀ ਨੂੰ ਆਪਣੀ ਜਕੜ ਵਿਚ ਲੈ ਲਿਆ।
ਅੱਗ ਇੰਨੀ ਤੇਜ਼ ਸੀ ਕਿ ਕੰਪਨੀ ਦੇ ਅੰਦਰ ਰੱਖਿਆ ਕੀਮਤੀ ਸਾਮਾਨ, ਬੀਜ, ਪੈਕਿੰਗ ਮਟੀਰੀਅਲ ਅਤੇ ਹੋਰ ਜ਼ਰੂਰੀ ਦਸਤਾਵੇਜ਼ ਸੜ ਕੇ ਸੁਆਹ ਹੋ ਗਏ। ਇਸ ਘਟਨਾ ਵਿਚ ਕੰਪਨੀ ਦਾ ਲੱਖਾਂ ਰੁਪਏ ਦਾ ਭਾਰੀ ਮਾਲੀ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਵਿਭਾਗ ਦੀਆਂ ਗੱਡੀਆਂ ਤੁਰੰਤ ਮੌਕੇ ’ਤੇ ਪਹੁੰਚੀਆਂ। ਫਾਇਰ ਕਰਮਚਾਰੀਆਂ ਨੇ ਬਿਨਾਂ ਸਮਾਂ ਗੁਆਏ ਅੱਗ ’ਤੇ ਕਾਬੂ ਪਾਉਣ ਲਈ ਬਚਾਅ ਕਾਰਜ ਸ਼ੁਰੂ ਕੀਤੇ। ਕਾਫ਼ੀ ਜੱਦੋ-ਜਹਿਦ ਅਤੇ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ।
ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਕੰਪਨੀ ਦੇ ਮਾਲਕ ਕੰਵਰਦੀਪ ਸਿੰਘ ਨੇ ਦੱਸਿਆ ਕਿ ਰਾਤ ਵੇਲੇ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ ਸੀ। ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਤੁਰੰਤ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਅੱਗਜ਼ਨੀ ਕਾਰਨ ਕੰਪਨੀ ਦਾ ਵੱਡਾ ਨੁਕਸਾਨ ਹੋਇਆ ਹੈ ਅਤੇ ਫਿਲਹਾਲ ਨੁਕਸਾਨੇ ਗਏ ਮਾਲ ਅਤੇ ਸਾਮਾਨ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਜਾ ਰਿਹਾ ਹੈ।
ਨਸ਼ੇ ਖ਼ਿਲਾਫ਼ ਜਲੰਧਰ ਦਿਹਾਤੀ ਪੁਲਸ ਦੀ ਮੁਹਿੰਮ ਤੇਜ਼, ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
NEXT STORY