ਚੰਡੀਗੜ੍ਹ/ਪਟਿਆਲਾ : ਕਾਊਂਟਰ ਇੰਟੈਲੀਜੈਂਸ (ਸੀਆਈ) ਪਟਿਆਲਾ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 4.7 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵੰਸ਼ ਕੁਮਾਰ, ਪਿੰਡ ਦਾਲਮ, ਬਟਾਲਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵੰਸ਼ ਕੁਮਾਰ ਦੁਬਈ ਅਧਾਰਤ ਅੰਮ੍ਰਿਤਪਾਲ ਸਿੰਘ, ਜੋ ਕਿ ਜੇਲ੍ਹ ਵਿਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ, ਨਾਲ ਨੇੜਿਓਂ ਕੰਮ ਕਰ ਰਿਹਾ ਹੈ। ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ।
ਇਸ ਆਪਰੇਸ਼ਨ ਦੇ ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਪਟਿਆਲਾ ਡਾ. ਸਿਮਰਤ ਕੌਰ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ਪ੍ਰਾਪਤ ਹੋਈ ਸੀ ਕਿ ਸ਼ੱਕੀ ਵੰਸ਼ ਕੁਮਾਰ ਨੇ ਤਰਨਤਾਰਨ ਤੋਂ ਹੈਰੋਇਨ ਦੀ ਖੇਪ ਚੁੱਕੀ ਹੈ ਅਤੇ ਉਹ ਇਸਨੂੰ ਜਲੰਧਰ ਪਹੁੰਚਾਉਣ ਜਾ ਰਿਹਾ ਹੈ। ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਸੀਆਈ ਪਟਿਆਲਾ ਦੀਆਂ ਪੁਲਸ ਟੀਮਾਂ ਨੇ ਉਸਨੂੰ ਘੇਰਾ ਪਾ ਲਿਆ ਅਤੇ ਮੌਕੇ 'ਤੇ ਹੀ ਉਸਦੇ ਕਬਜ਼ੇ 'ਚੋਂ ਹੈਰੋਇਨ ਦੀ ਖੇਪ ਬਰਾਮਦ ਕੀਤੀ ਅਤੇ ਉਸਦਾ ਮੋਬਾਈਲ ਫੋਨ ਵੀ ਜ਼ਬਤ ਕਰ ਲਿਆ ਹੈ।
ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵੰਸ਼ ਅੰਮ੍ਰਿਤਪਾਲ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਅੰਮ੍ਰਿਤਪਾਲ 'ਤੇ ਪਹਿਲਾਂ ਵੀ ਤਿੰਨ ਅਪਰਾਧਿਕ ਮਾਮਲੇ ਹਨ, ਜਿਨ੍ਹਾਂ ਵਿਚ ਅਸਲਾ ਐਕਟ, ਐਨਡੀਪੀਐੱਸ ਐਕਟ ਅਤੇ ਆਈਪੀਸੀ ਦੀ ਧਾਰਾ 302 ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਨੂੰ ਇਨ੍ਹਾਂ 'ਚੋਂ ਇਕ ਮਾਮਲੇ ਵਿਚ ਸਥਾਨਕ ਅਦਾਲਤ ਨੇ ਭਗੌੜਾ ਵੀ ਐਲਾਨਿਆ ਹੋਇਆ ਹੈ। ਏਆਈਜੀ ਨੇ ਕਿਹਾ ਕਿ ਸਪਲਾਈ ਚੇਨ ਦਾ ਪਤਾ ਲਗਾਉਣ ਅਤੇ ਜਲੰਧਰ ਵਿਚ ਖੇਪ ਪ੍ਰਾਪਤ ਕਰਨ ਵਾਲੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਗਾਮੀ ਦਿਨਾਂ ਵਿਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ। ਇਸ ਸਬੰਧੀ ਕੇਸ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਥਾਣਾ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਤਹਿਤ ਐਫਆਈਆਰ ਨੰਬਰ 54 ਮਿਤੀ 30 ਸਤੰਬਰ, 2025 ਨੂੰ ਦਰਜ ਕੀਤਾ ਗਿਆ ਹੈ।
ਸੁਖਬੀਰ ਬਾਦਲ ਨੇ ਬੰਨ੍ਹ ਦੀ ਮਜ਼ਬੂਤੀ ਲਈ ਪਹੁੰਚਾਈ ਮਦਦ
NEXT STORY