ਮਹਿਲ ਕਲਾਂ,(ਵਿਵੇਕ ਸਿੰਧਵਾਨੀ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ 'ਆਪ' ਦੀ ਸਰਕਾਰ ਵੱਲੋਂ ਆਪਣੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰ ਕੇ ਦਿੱਲੀ ਦੇ ਲੋਕਾਂ ਨੂੰ ਸਿਹਤ ਸਿੱਖਿਆ ਅਤੇ ਹੋਰ ਮਿਲਣ ਵਾਲੀਆਂ ਸਹੂਲਤਾਂ ਮੁਹੱਈਆ ਕਰਵਾ ਕੇ ਦਿੱਲੀ ਨੂੰ ਇਕ ਵਧੀਆ ਸੂਬਾ ਬਣਾਉਣ ਦਾ ਮਾਣ ਹਾਸਲ ਹੋਇਆ ਅਤੇ ਹੁਣ ਫਰਵਰੀ ਮਹੀਨੇ ਹੋਣ ਜਾ ਰਹੀਆਂ ਦਿੱਲੀ ਵਿਧਾਨ ਸਭਾ ਚੋਣਾਂ 'ਚ ਉੱਥੋਂ ਦੇ ਲੋਕ ਕੇਜਰੀਵਾਲ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ ਦੇਖਦਿਆਂ ਮੁੜ ਦਿੱਲੀ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ। ਇਹ ਦਾਅਵਾ ਅੱਜ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਸਬਾ ਮਹਿਲ ਕਲਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਸਮੁੱਚੇ ਦੇਸ਼ ਅੰਦਰ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਆਗੂਆਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ 'ਚ ਕਰਵਾਏ ਗਏ ਕੰਮਾਂ ਨੂੰ ਦੇਖ ਕੇ ਆਪਣੇ ਮੁੱਖ ਮੰਤਰੀਆਂ ਨੂੰ ਕੰਮ ਕਰਨ ਦੀ ਸਲਾਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਬੀ. ਜੇ. ਪੀ. ਵੱਲੋਂ ਦੇਸ਼ ਅੰਦਰ ਨਾਗਰਿਕਤਾ ਸੋਧ ਕਾਨੂੰਨ ਲਿਆ ਕੇ ਨਫ਼ਰਤ ਦੀ ਕੀਤੀ ਜਾ ਰਹੀ ਰਾਜਨੀਤੀ ਨੂੰ ਝਾਰਖੰਡ ਸਮੇਤ ਚਾਰ ਹੋਰ ਸੂਬਿਆਂ ਦੇ ਲੋਕਾਂ ਵੱਲੋਂ ਬੀ. ਜੇ. ਪੀ. ਨੂੰ ਚੱਲਦਾ ਕਰ ਕੇ ਹੁਣ ਸਮੁੱਚੇ ਦੇਸ਼ ਅੰਦਰੋਂ ਬੀ. ਜੇ. ਪੀ. ਨੂੰ ਚਲਦਾ ਕਰਨ ਦਾ ਮੁੱਢ ਬੰਨ੍ਹਿਆ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕੇਂਦਰ ਦੀ ਐੱਨ. ਡੀ. ਏ. ਸਰਕਾਰ 'ਚ ਭਾਈਵਾਲ ਹੁੰਦਿਆਂ ਹੋਇਆਂ ਆਪਣੇ ਸੰਸਦ ਅਤੇ ਰਾਜ ਸਭਾ ਮੈਂਬਰਾਂ ਵੱਲੋਂ ਇਕਜੁੱਟ ਹੋ ਕੇ ਨਾਗਰਿਕਤਾ ਸੋਧ ਬਿੱਲ ਦੇ ਹੱਕ 'ਚ ਵੋਟਾਂ ਪਾਈਆਂ ਪਰ ਸੰਸਦ 'ਚੋਂ ਬਾਹਰ ਆਉਣ ਤੋਂ ਬਾਅਦ ਅਕਾਲੀਆਂ ਵੱਲੋਂ ਨਾਗਰਿਕਤਾ ਸੋਧ ਐਕਟ ਦਾ ਵਿਰੋਧ ਕਰ ਕੇ ਦੋਗਲੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਦੀ ਕੁਰਸੀ ਨੂੰ ਬਚਾਉਣ ਲਈ ਕੇਂਦਰ ਦੀ ਬੀ. ਜੇ. ਪੀ. ਵੱਲੋਂ ਲਿਆਂਦੇ ਨਾਗਰਿਕਤਾ ਸੋਧ ਐਕਟ ਦੇ ਹੱਕ 'ਚ ਵੋਟ ਪਾਈ ਹੈ। ਉਨ੍ਹਾਂ ਕਿਹਾ ਕਿ ਬਾਦਲ ਨੇ ਪੁੱਤਰ ਮੋਹ 'ਚ ਫਸ ਕੇ 1920 ਵਿਚ ਕੁਰਬਾਨੀਆਂ ਕਰ ਕੇ ਹੋਂਦ 'ਚ ਆਏ ਸ਼੍ਰੋਮਣੀ ਅਕਾਲੀ ਦਲ ਨੂੰ ਹੁਣ 2020 'ਚ ਖਤਮ ਕੀਤਾ ਜਾ ਰਿਹਾ ਹੈ ਕਿਉਂਕਿ ਅਕਾਲੀ ਦਲ 'ਚੋਂ ਕੁਰਬਾਨੀਆਂ ਕਰਨ ਵਾਲੇ ਅਤੇ ਜੇਲਾਂ ਕੱਟਣ ਵਾਲੇ ਆਗੂਆਂ ਨੂੰ ਦਲ 'ਚੋਂ ਬਾਹਰ ਕੱਢ ਕੇ ਆਪਣੇ ਪਰਿਵਾਰ ਦੀ ਲਿਮਟਿਡ ਕੰਪਨੀ ਬਣਾ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ 'ਆਪ' ਵੱਲੋਂ ਬਿਜਲੀ ਦਰਾਂ 'ਚ ਕੀਤੇ ਵਾਧੇ ਖਿਲਾਫ 7 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਵਿਚਲੀ ਰਿਹਾਇਸ਼ ਦਾ ਘਿਰਾਓ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਲੋਕਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਇਸ ਸੰਘਰਸ਼ ਦਾ ਸਾਥ ਦੇਣ ਦੀ ਅਪੀਲ ਕੀਤੀ।
ਡਿਸਪੋਜ਼ਲ ਪੰਪ 'ਚ ਸੀਵਰੇਜ ਵਿਭਾਗ ਦੇ ਕਾਮੇ ਨਾਲ ਵਾਪਰਿਆ ਹਾਦਸਾ, ਮੌਤ
NEXT STORY