ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ)– ਪੰਜਾਬ ਦੀਆਂ ਜੇਲ੍ਹਾਂ ਨੂੰ ਤਸੀਹਾ ਕੇਂਦਰ ਨਹੀਂ ਸਗੋਂ ਅਸਲ ਵਿਚ ਸੁਧਾਰ ਘਰ ਬਣਾਉਣ ’ਤੇ ਧਿਆਨ ਦੇਣਾ ਚਾਹੀਦਾ ਹੈ। ਇਹ ਕਹਿਣਾ ਹੈ ਮੁੱਖ ਮੰਤਰੀ ਭਗਵੰਤ ਮਾਨ ਦਾ। ਬੁੱਧਵਾਰ ਨੂੰ ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਜੇਲ੍ਹ ਮਹਿਕਮੇ ਦੀ ਪਹਿਲੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅੱਜ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਨੂੰ ਪੰਜਾਬ ਦੀ ਜੇਲ੍ਹ ਪ੍ਰਣਾਲੀ ਨੂੰ ਦੇਸ਼ ਭਰ ਵਿਚ ਸਭ ਤੋਂ ਬਿਹਤਰ ਬਣਾਉਣ ਲਈ ਆਪਣੀ ਪੂਰੀ ਸਮਰੱਥਾ ਦੇ ਨਾਲ ਕੰਮ ਕਰਨ ਦੀ ਲੋੜ ਹੈ।
ਉਧਰ, ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਣ ਪੰਜਾਬ ਦੀ ਜੇਲ੍ਹ ਮੁਲਜ਼ਮਾਂ ਲਈ ਸੇਫ਼ ਹਾਊਸ ਨਹੀਂ ਰਹੇਗੀ। ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸੂਬੇ ਵਿਚ ਜੋ ਵੀ ਵੱਡੀਆਂ ਵਾਰਦਾਤਾਂ ਹੋਈਆਂ, ਉਨ੍ਹਾਂ ਦਾ ਅੰਤਮ ਸਿਰਾ ਜੇਲ੍ਹ ਨਾਲ ਆ ਕੇ ਜੁੜਦਾ ਰਿਹਾ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਜੇਲ੍ਹਾਂ ਵਿਚ ਜੋ ਗੈਂਗਸਟਰ ਕਲਚਰ ਪਣਪਿਆ ਸੀ, ਉਸ ’ਤੇ ਸਖ਼ਤ ਕਾਰਵਾਈ ਹੋਵੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਅਧਿਕਾਰੀਆਂ ਨੂੰ ਕਿਹਾ ਕਿ ਤੁਹਾਨੂੰ ਜੇਲ੍ਹ ਪ੍ਰਣਾਲੀ ਦੇ ਤੇਲੰਗਾਨਾ ਮਾਡਲ ਦੇ ਮਾਪਦੰਡਾਂ ਨੂੰ ਪਾਰ ਕਰਨ ਲਈ ਬਿਹਤਰੀਨ ਕਾਰਗੁਜ਼ਾਰੀ ਵਿਖਾਉਣੀ ਹੋਵੇਗੀ। ਉਨ੍ਹਾਂ ਨੇ ਮਹਿਕਮੇ ਨੂੰ ਲੋੜੀਂਦੀ ਜਨਸ਼ਕਤੀ, ਆਈ. ਟੀ. ਆਧਾਰਿਤ ਨਵੀਨਤਮ ਤਕਨੀਕ ਸਮੇਤ ਹਰ ਤਰ੍ਹਾਂ ਦੇ ਸਮਰਥਨ ਦਾ ਭਰੋਸਾ ਦਿੱਤਾ।
ਭਗਵੰਤ ਮਾਨ ਨੇ ਕਿ ਸਾਡਾ ਮੁੱਖ ਟੀਚਾ ਕੱਟੜ ਮੁਲਜ਼ਮਾਂ, ਗੈਂਗਸਟਰਾਂ ਅਤੇ ਨਸ਼ਾ ਕਰਨ ਵਾਲਿਆਂ ਸਮੇਤ ਹੋਰ ਕੈਦੀਆਂ ਨੂੰ ਸੁਧਾਰਨਾ ਹੋਣਾ ਚਾਹੀਦਾ ਹੈ, ਜਿਸ ਨਾਲ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆਂਦਾ ਜਾ ਸਕੇ। ਇਸ ਲਈ ਕੈਦੀਆਂ ਨੂੰ ਕੌਂਸਲਿੰਗ ਪ੍ਰਦਾਨ ਕੀਤੀ ਜਾਵੇ, ਜਿਸ ਦੇ ਨਾਲ ਉਹ ਆਪਣੀ ਸਜ਼ਾ ਭੁਗਤਣ ਤੋਂ ਬਾਅਦ ਸਮਾਜ ਦੇ ਆਦਰਸ਼ ਨਾਗਰਿਕ ਬਣ ਕੇ ਸਨਮਾਨ ਨਾਲ ਜੀਵਨ ਬਤੀਤ ਕਰ ਸਕਣ।
ਇਹ ਵੀ ਪੜ੍ਹੋ: ਸੁਖਜਿੰਦਰ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ, ਕੀਤੀ ਇਹ ਮੰਗ
ਨੈਲਸਨ ਮੰਡੇਲਾ ਦੀ ਉਦਾਹਰਣ ਦੇ ਕੇ ਬੋਲੇ ਮੁੱਖ ਮੰਤਰੀ, ਇਨਸਾਨਾਂ ਦੀ ਤਰ੍ਹਾਂ ਵਰਤਾਓ ਕਰੋ
ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਸਵ. ਨੈਲਸਨ ਮੰਡੇਲਾ ਦੀ ਘਟਨਾ, ਜਿਨ੍ਹਾਂ ਦੇ ਨਾਲ ਜੇਲ੍ਹ ਪ੍ਰਧਾਨ ਵੱਲੋਂ ਜੇਲ੍ਹ ਵਿਚ ਬਦਸਲੂਕੀ ਕੀਤੀ ਗਈ ਸੀ, ਦਾ ਹਵਾਲਾ ਦਿੰਦਿਆਂ ਮਾਨ ਨੇ ਅਧਿਕਾਰੀਆਂ ਨੂੰ ਬੇਨਤੀ ਕੀਤੀ ਕਿ ਉਹ ਮੁਕੱਦਮੇ ਅਧੀਨ ਅਤੇ ਦੋਸ਼ੀ ਠਹਿਰਾਏ ਗਏ ਕੈਦੀਆਂ, ਦੋਵਾਂ ਨਾਲ ਇਨਸਾਨ ਦੀ ਤਰ੍ਹਾਂ ਵਰਤਾਓ ਕਰਨ। ਉਨ੍ਹਾਂ ਕਿਹਾ ਕਿ ਕੈਦੀਆਂ ਨੂੰ ਜੇਲ੍ਹ ਮੈਨੂਅਲ ਅਨੁਸਾਰ ਮੈਡੀਕਲ, ਉਚਿਤ ਸਫ਼ਾਈ ਅਤੇ ਵਧੀਆ ਭੋਜਨ ਵਰਗੀਆਂ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆ ਹਨ। ਇਨ੍ਹਾਂ ਸਾਰੀਆਂ ਪਹਿਲਕਦਮੀਆਂ ਨਾਲ ਸੂਬੇ ਭਰ ਵਿਚ ਜੇਲ੍ਹਾਂ ਦੀ ਲੋੜ ਹੌਲੀ-ਹੌਲੀ ਘੱਟ ਹੋ ਜਾਵੇਗੀ।
ਪੁਲਸ ਦੀ ਤਰਜ ’ਤੇ ਜੇਲ੍ਹ ਕਰਮਚਾਰੀਆਂ ਨੂੰ ਵੀ ਜਨਮਦਿਨ ’ਤੇ ਮਿਲੇਗੀ ਵਧਾਈ
ਜੇਲ੍ਹ ਮਹਿਕਮੇ ਦੇ ਅਧਿਕਾਰੀਆਂ ਦੀ ਬੇਨਤੀ ਨੂੰ ਮੰਨਦਿਆਂ ਭਗਵੰਤ ਮਾਨ ਨੇ ਪੁਲਸ ਮਹਿਕਮੇ ਦੀ ਤਰਜ ’ਤੇ ਜੇਲ੍ਹ ਮਹਿਕਮੇ ਦੇ ਕਰਮਚਾਰੀਆਂ ਨੂੰ ਵੀ ਉਨ੍ਹਾਂ ਦੇ ਜਨਮਦਿਨ ’ਤੇ ਵਧਾਈ ਦੇਣ ਦੀ ਯੋਜਨਾ ਨੂੰ ਅੱਗੇ ਵਧਾਉਣ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਭਗਵੰਤ ਮਾਨ ਦਾ ਸਵਾਗਤ ਕਰਦਿਆਂ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਜੇਲ੍ਹ ਪ੍ਰਸ਼ਾਸਨ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਵਿਚ ਜੇਲ੍ਹ ਅਧਿਕਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਚਾਨਣ ਪਾਇਆ। ਜੇਲ੍ਹ ਮਹਿਕਮੇ ਨੂੰ ਪੇਸ਼ ਆ ਰਹੀਆਂ ਚੁਣੌਤੀਆਂ ਬਾਰੇ ਮੁੱਖ ਮੰਤਰੀ ਨੂੰ ਜਾਣੂ ਕਰਵਾਉਂਦਿਆਂ ਜੇਲ੍ਹ ਮਹਿਕਮੇ ਦੇ ਪ੍ਰਮੁੱਖ ਸਕੱਤਰ ਡੀ. ਕੇ. ਤ੍ਰਿਪਾਠੀ ਨੇ ਕਿਹਾ ਕਿ ਜੇਲ੍ਹਾਂ ਵਿਚ ਸਟਾਫ਼ ਦੀ ਵੱਡੀ ਕਮੀ ਹੈ ਅਤੇ ਜੇਲ੍ਹਾਂ ਵਿਚ ਸੰਗਠਿਤ ਅਪਰਾਧ ਵਾਲੇ ਮੁਲਜ਼ਮਾਂ, ਗੈਂਗਸਟਰਾਂ, ਅੱਤਵਾਦੀਆਂ, ਕੱਟੜਪੰਥੀਆਂ, ਨਾਰਕੋ-ਅੱਤਵਾਦ ਦੇ ਮੁਲਜ਼ਮਾਂ, ਨਸ਼ਿਆਂ ਨਾਲ ਸਬੰਧਤ ਅਪਰਾਧ ਦੇ ਦੋਸ਼ੀਆਂ ਅਤੇ ਨਸ਼ੇ ਦੀ ਭੈੜੀ ਆਦਤ ਵਾਲਿਆਂ ਤੋਂ ਵੱਡਾ ਖ਼ਤਰਾ ਹੈ। ਉਨ੍ਹਾਂ ਨੇ ਜੇਲ੍ਹ ਮਹਿਕਮੇ ਦੇ ਪ੍ਰਭਾਵਸ਼ਾਲੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਆਈ. ਟੀ./ਕੰਪਿਊਟਰ, ਕਾਨੂੰਨੀ ਮਾਮਲਿਆਂ, ਲੇਖਾ ਅਤੇ ਮਨੋਵਿਗਿਆਨਿਕਾਂ ਲਈ ਮਾਹਰ ਸਟਾਫ਼ ਦੀ ਭਰਤੀ ਦੀ ਮੰਗ ਕੀਤੀ।
ਇਹ ਵੀ ਪੜ੍ਹੋ: ਕੈਨੇਡਾ ਤੋਂ ਪੁੱਜੀ ਇਕਲੌਤੇ ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
ਜੇਲ੍ਹ ਮਹਿਕਮੇ ਦੇ ਕੰਮਕਾਜ ਬਾਰੇ ਪੇਸ਼ਕਾਰੀ ਦਿੰਦਿਆਂ ਏ. ਡੀ. ਜੀ. ਪੀ. ਜੇਲ੍ਹ ਪੀ. ਕੇ. ਸਿਨਹਾ ਨੇ ਮੁੱਖ ਮੰਤਰੀ ਨੂੰ ਜੇਲ੍ਹ ਮਹਿਕਮੇ ਦਾ ਵੱਖ ਇੰਟੈਲੀਜੈਂਸ ਵਿੰਗ ਸਥਾਪਿਤ ਕਰਨ ਅਤੇ ਹਰ ਪੱਧਰ ’ਤੇ ਔਸਤਨ 46.98 ਫ਼ੀਸਦੀ ਖ਼ਾਲੀ ਪਏ ਮਨਜ਼ੂਰ ਅਹੁਦਿਆਂ ਦੇ ਨਾਲ ਭਰਨ ਲਈ ਤੁਰੰਤ ਭਰਤੀ ਪ੍ਰੀਕਿਰਿਆ ਸ਼ੁਰੂ ਕਰਨ ਦੀ ਅਪੀਲ ਕੀਤੀ। ਬੈਠਕ ਵਿਚ ਹੋਰਾਂ ਤੋਂ ਇਲਾਵਾ ਮੁੱਖ ਮੰਤਰੀ ਤੋਂ ਇਲਾਵਾ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਸ਼ਾਮਲ ਸਨ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ 'ਚ ਯਾਦਵਿੰਦਰ ਯਾਦਾ ਗ੍ਰਿਫ਼ਤਾਰ, ਸਾਹਮਣੇ ਆਈ ਇਹ ਗੱਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਰਾਜਾਸਾਂਸੀ ’ਚ ਸ਼ਰਮਸਾਰ ਘਟਨਾ: ਨਵਜਨਮੀ ਬੱਚੀ ਦਾ ਕਤਲ ਕਰ ਨਾਲੀ ’ਚ ਸੁੱਟਿਆ, ਫੈਲੀ ਸਨਸਨੀ
NEXT STORY