ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਜਨਤਾ ਦੀ ਸਹੂਲਤ ਲਈ ਫੇਸਲੈੱਸ ਆਰ.ਟੀ.ਓ. ਸੇਵਾਵਾਂ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਇੱਥੇ ਆਰ.ਟੀ.ਓ. ਦਫ਼ਤਰ ਨੂੰ ਤਾਲਾ ਲਗਾ ਦਿੱਤਾ। ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਆਰ.ਟੀ.ਓ. ਦਫ਼ਤਰਾਂ ਵਿਚ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਅੱਜ ਦਾ ਦਿਨ ਇਨ੍ਹਾਂ ਦਿੱਕਤਾਂ ਦੇ ਅੰਤ ਦਾ ਸੂਚਕ ਹੈ, ਜਿਸ ਨਾਲ ਆਮ ਆਦਮੀ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਆਮ ਆਦਮੀ ਨੂੰ ਹੋਣ ਵਾਲੀ ਦਿੱਕਤ ਅਤੇ ਭ੍ਰਿਸ਼ਟਾਚਾਰ `ਤੇ ਰੋਕ ਲਗਾਈ ਗਈ ਹੈ ਅਤੇ ਇਹ ਸੂਬਾ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਦੇ ਮੁਤਾਬਕ ਹੈ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਮਾਲ ਵਿਭਾਗ ਵਿਚਲੇ ਸੁਧਾਰਾਂ ਕਾਰਨ ਬਹੁਤ ਲਾਭ ਹੋਇਆ ਹੈ, ਜਿਸ ਨੇ ਲੋਕਾਂ ਨੂੰ ਵੱਡੇ ਪੱਧਰ `ਤੇ ਅਧਿਕਾਰ ਦਿੱਤੇ ਹਨ।
ਇਹ ਵੀ ਪੜ੍ਹੋ : ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ
ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕਿਸੇ ਵੀ ਕਰਮਚਾਰੀ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ ਅਤੇ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀ ਯੋਗਤਾ ਅਨੁਸਾਰ ਹੋਰ ਵਿਭਾਗਾਂ ਵਿਚ ਉਨ੍ਹਾਂ ਦੀਆਂ ਸੇਵਾਵਾਂ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਪ੍ਰੇਸ਼ਾਨ ਕਰਨ ਲਈ ਰਿਬਨ ਕੱਟੇ ਜਾਂਦੇ ਸਨ, ਹੁਣ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਦਫ਼ਤਰਾਂ ਨੂੰ ਤਾਲੇ ਲਗਾ ਰਹੀ ਹੈ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਪੰਜਾਬ ਵਿਚ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ ਤਾਂ ਜੋ ਲੋਕਾਂ ਦੀ ਬੇਲੋੜੀ ਲੁੱਟ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਲੋਕਾਂ ਨੂੰ ਸੁਚਾਰੂ ਢੰਗ ਨਾਲ ਸਹੂਲਤਾਂ ਪ੍ਰਦਾਨ ਕਰ ਕੇ ਆਰ.ਟੀ.ਓ. ਦਫ਼ਤਰਾਂ ਨੂੰ ਬੰਦ ਕਰ ਦਿੱਤਾ ਹੈ। ਉਨ੍ਹਾਂ ਨੇ ਜਨਤਾ ਨੂੰ ਸੂਬਾ ਸਰਕਾਰ ਦੇ ਇਸ ਵੱਡੇ ਲੋਕ-ਪੱਖੀ ਉਪਰਾਲੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਅਜਿਹੇ ਹੋਰ ਡਿਜੀਟਲ ਅਤੇ ਲੋਕ-ਪੱਖੀ ਫੈਸਲੇ ਲਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ ਟਰਾਂਸਪੋਰਟ ਵਿਭਾਗ ਨੇ ਕੁੱਲ 29,23,390 ਅਰਜ਼ੀਆਂ `ਤੇ ਕਾਰਵਾਈ ਕੀਤੀ, ਜਿਨ੍ਹਾਂ ਵਿਚੋਂ 19,63,209 ਵਾਹਨ ਰਜਿਸਟਰੇਸ਼ਨ ਸਰਟੀਫਿਕੇਟ ਨਾਲ ਸਬੰਧਤ ਸਨ ਅਤੇ 9,60,181 ਡਰਾਈਵਿੰਗ ਲਾਇਸੈਂਸ ਸੇਵਾਵਾਂ ਨਾਲ ਸਬੰਧਤ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਰਹਿਣਗੇ ਬੰਦ
ਮੁੱਖ ਮੰਤਰੀ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿਚ ਅਰਜ਼ੀਆਂ ਨੂੰ ਕੁਸ਼ਲਤਾ ਨਾਲ ਕਾਰਵਾਈ ਲਈ ਨਵਾਂ ਨਾਗਰਿਕ-ਪੱਖੀ ਮਾਡਲ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਵੀਂ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਆਰ.ਟੀ.ਓ. ਦਫ਼ਤਰਾਂ ਵਿਚ ਪਹਿਲੇ 15 ਦਿਨਾਂ ਲਈ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਡੈਸਕ ਨਾਗਰਿਕਾਂ ਨੂੰ ਨਵੇਂ ਮਾਡਲ ਤਹਿਤ ਲੋੜੀਂਦੇ ਦਸਤਾਵੇਜ਼ਾਂ ਅਤੇ ਪ੍ਰਕਿਰਿਆਵਾਂ ਬਾਰੇ ਮਾਰਗ ਦਰਸ਼ਨ ਦੇਣਗੇ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਦੇ ਸ਼ੁਰੂ ਹੋਣ ਨਾਲ ਆਰ.ਟੀ.ਓ. ਦਫ਼ਤਰ ਹੁਣ ਆਪਣੀਆਂ ਮੁੱਖ ਜ਼ਿੰਮੇਵਾਰੀਆਂ ਅਤੇ ਵਿਭਾਗੀ ਕਾਰਜਾਂ ਦੇ ਸਮੁੱਚੇ ਸੁਧਾਰ `ਤੇ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਧਿਆਨ ਕੇਂਦਰਿਤ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੁਚਾਰੂ ਅਤੇ ਪਾਰਦਰਸ਼ੀ ਸ਼ਾਸਨ ਪ੍ਰਦਾਨ ਕਰ ਕੇ ਲੋਕਾਂ ਦੀ ਸਹੂਲਤ ਲਈ ਹਰ ਕਦਮ ਚੁੱਕਣ ਲਈ ਵਚਨਬੱਧ ਹੈ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਸ਼ਹਿਰ ਹੋ ਗਿਆ ਪੂਰੀ ਤਰ੍ਹਾ ਬੰਦ, ਵੱਡੇ-ਵੱਡੇ ਮਾਲ ਵੀ ਹੋ ਗਏ ਖਾਲ੍ਹੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੁਧਿਆਣਾ 'ਚ ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ! ਪੰਜਾਬ 'ਚ ਬਦਲੇਗਾ ਪੂਰਾ ਸਿਸਟਮ, ਹੋਣਗੇ ਡਿਜੀਟਲ ਕੰਮ
NEXT STORY