ਚੰਡੀਗੜ੍ਹ (ਭੁੱਲਰ) : ਸਮਾਰਟ ਰਾਸ਼ਨ ਕਾਰਡ ਸਕੀਮ ਸੂਬਾ ਸਰਕਾਰ ਦੀ ਇਕ ਪ੍ਰਮੁੱਖ ਯੋਜਨਾ ਹੈ, ਜਿਸ ਦਾ ਉਦੇਸ਼ ਅਸਲ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਅਤੇ ਜਾਅਲੀ ਲਾਭਪਾਤਰੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਸੂਚੀ 'ਚੋਂ ਬਾਹਰ ਕਰਨਾ ਹੈ। ਇਹ ਜਾਣਕਾਰੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸਮਾਰਟ ਰਾਸ਼ਨ ਕਾਰਡ ਸਕੀਮ ਦਾ ਜਾਇਜ਼ਾ ਲੈਣ ਸਬੰਧੀ ਮੰਤਰੀਆਂ ਦੇ ਸਮੂਹ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਕੰਪਿਊਟਰੀਕਰਨ ਦੇ ਵੱਖ-ਵੱਖ ਪਹਿਲੂ ਜਿਵੇਂ ਡਾਟਾਬੇਸ ਡਿਜੀਟਲਾਈਜ਼ੇਸ਼ਨ, ਸਪਲਾਈ ਚੇਨ ਮੈਨੇਜਮੈਂਟ ਅਤੇ ਫੇਅਰ ਪ੍ਰਾਈਸ ਸਾਪਸ ਆਟੋਮੇਸ਼ਨ ਅਯੋਗ ਲਾਭਪਾਤਰੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਸੂਚੀ 'ਚੋਂ ਬਾਹਰ ਕਰਨ 'ਚ ਮਦਦਗਾਰ ਸਾਬਿਤ ਹੋਣ ਦੇ ਨਾਲ-ਨਾਲ ਖਾਣ-ਪੀਣ ਦੀਆਂ ਵਸਤਾਂ ਦੀ ਪਾਰਦਰਸ਼ਤਾ ਅਤੇ ਖੱਜਲ-ਖੁਆਰੀ ਰਹਿਤ ਵੰਡ ਨੂੰ ਯਕੀਨੀ ਬਣਾਉਣ 'ਚ ਸਹਾਈ ਹੋਣਗੇ।
ਮੰਤਰੀ ਨੇ ਇਹ ਵੀ ਦੱਸਿਆ ਕਿ ਇਕ ਲਾਈਵ ਪੋਰਟਲ ਵੀ ਚਲਾਇਆ ਜਾ ਰਿਹਾ ਹੈ, ਜੋ ਵੰਡ ਯੋਜਨਾ ਦੀ ਪ੍ਰਗਤੀ 'ਤੇ ਨਜ਼ਰ ਰੱਖਣ ਦਾ ਕੰਮ ਕਰ ਰਿਹਾ ਹੈ। ਸਕੀਮ ਨੂੰ ਲਾਗੂ ਕਰਨ 'ਚ ਕਿਸੇ ਕਿਸਮ ਦੀ ਢਿੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਪਾਰਦਰਸ਼ਤਾ ਨਾਲ ਸਕੀਮ ਦੇ ਲਾਭ ਮੁਹੱਈਆ ਕਰਵਾਉਣ ਦੇ ਰਾਹ 'ਚ ਰੁਕਾਵਟ ਪੈਦਾ ਕਰਨ ਵਾਲਿਆਂ 'ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਬਰਿੰਦਰਮੀਤ ਸਿੰਘ ਪਾਹੜਾ, ਪ੍ਰੀਤਮ ਸਿੰਘ ਕੋਟਭਾਈ ਅਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਡਾਇਰੈਕਟਰ ਲਿਲੀ ਚੌਧਰੀ ਮੌਜੂਦ ਸਨ।
ਅੰਮ੍ਰਿਤਸਰ ਦੀ ਕੁੜੀ ਨੇ ਕਹਿਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ 'ਮਨ ਕੀ ਬਾਤ' (ਵੀਡੀਓ)
NEXT STORY