ਪਟਿਆਲਾ (ਜੋਸਨ)–ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਗੁਰਤੇਜ ਸਿੰਘ ਢਿੱਲੋਂ ਨੇ ਅੱਜ ਇਥੇ ਪ੍ਰੈੱਸ ਕਾਨਫਰੰਸ ਦੌਰਾਨ ਆਖਿਆ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਸ 150 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਮਲਟੀਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਪਿਛਲੇ 5 ਮਹੀਨੇ ਤੋਂ ਠੱਪ ਪਈ ਹੈ, ਜਿਸ ਕਾਰਨ ਲੋਕਾਂ ਨੂੰ ਸਹੂਲਤ ਦੇਣ ਵਾਲਾ ਪ੍ਰਾਜੈਕਟ ਲੇਟ ਹੁੰਦਾ ਜਾ ਰਿਹਾ ਹੈ। ਜੇਕਰ ਇਸ ਪ੍ਰਾਜੈਕਟ ਦਾ ਕੰਮ ਤੁਰੰਤ ਸ਼ੁਰੂ ਨਾ ਕੀਤਾ ਗਿਆ ਤਾਂ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਅੱਗੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨਗੇ।
ਭਾਜਪਾ ਆਗੂ ਗੁਰਤੇਜ ਸਿੰਘ ਢਿੱਲੋਂ ਨੇ ਦੱਸਿਆ ਸਰਕਾਰੀ ਰਜਿੰਦਰਾ ਹਸਪਤਾਲ ਵਿਚ 150 ਕਰੋੜ ਦੀ ਲਾਗਤ ਦਾ ਪ੍ਰਾਜੈਕਟ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਪਾਸ ਕਰਵਾਇਆ ਸੀ। ਜਿਥੇ ਉਸਾਰੀ ਕਾਰਜ ਸ਼ੁਰੂ ਤਾਂ ਹੋਏ ਪਰ ਇਕ ਡੇਰੇ ਨਾਲ ਜ਼ਮੀਨੀ ਵਿਵਾਦ ਕਾਰਨ ਇਹ ਕੰਮ ਰੁਕ ਗਿਆ ਹੈ। ਇਸ ਮਲਟੀਸਪੈਸ਼ਲਿਟੀ ਹਸਪਤਾਲ ਦਾ ਪ੍ਰਾਜੈਕਟ ਪੂਰਾ ਕਰਨ ਲਈ ਸਤੰਬਰ 2018 ਤੱਕ ਦਾ ਸਮਾਂ ਤੈਅ ਕੀਤਾ ਗਿਆ ਸੀ, ਹੁਣ ਤੱਕ ਇਸ ਦਾ ਸਿਰਫ ਇਕ ਬਲਾਕ ਤਿਆਰ ਕੀਤਾ ਗਿਆ ਹੈ ਜਦੋਂਕਿ ਇਸ ਦੇ ਪਿੱਛੇ ਦੋ ਹੋਰ ਬਲਾਕਾਂ ਦੀ ਉਸਾਰੀ ਕੀਤੀ ਜਾਣੀ ਹਾਲੇ ਬਾਕੀ ਪਈ ਹੈ।
ਢਿੱਲੋਂ ਅਨੁਸਾਰ ਹਸਪਤਾਲ ਦੇ ਅੰਦਰ ਡੇਰੇ ਦੀ ਜ਼ਮੀਨ ਦੇ ਵਿਵਾਦ ਕਾਰਨ ਦੋ ਬਲਾਕਾਂ ਦੀ ਉਸਾਰੀ ਦਾ ਕੰਮ ਰੁਕ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਿਆਸੀ ਦਖਲ ਕਾਰਨ ਉਸਾਰੀ ਦਾ ਕੰਮ ਰੋਕ ਦਿੱਤਾ ਗਿਆ ਹੈ ਤੇ ਡੇਰੇ ਲਈ ਮੁੱਖ ਸੜਕ 'ਤੇ ਜ਼ਮੀਨ ਦੀ ਮੰਗ ਕੀਤੀ ਜਾ ਰਹੀ ਹੈ, ਜੋ ਕਿ ਗ਼ਲਤ ਹੈ। ਢਿੱਲੋਂ ਨੇ ਕਿਹਾ ਕਿ ਸਿਆਸੀ ਦਖਲ ਕਾਰਨ ਪ੍ਰਸ਼ਾਸਨ ਵਲੋਂ ਅਣਦੇਖੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਹਿੱਤ ਲਈ ਉਹ ਆਰ-ਪਾਰ ਦੀ ਲੜਾਈ ਲੜਨ ਲਈ ਪੂਰੀ ਤਰ੍ਹਾਂ ਤਿਆਰ ਹਨ, ਜਿਸ ਤਹਿਤ ਉਨ੍ਹਾਂ ਫੈਸਲਾ ਕੀਤਾ ਹੈ ਕਿ ਜੇਕਰ 15 ਦਿਨਾਂ ਅੰਦਰ ਹਸਪਤਾਲ ਦੀ ਉਸਾਰੀ ਦਾ ਕੰਮ ਸ਼ੁਰੂ ਨਾ ਹੋਇਆ ਤਾਂ ਉਹ 30 ਜੂਨ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਭੁੱਖ ਹੜਤਾਲ ਸ਼ੁਰੂ ਕਰਨਗੇ।
ਇਸ ਮੌਕੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਿੰਟੈਂਡੈਂਟ ਡਾ. ਭੁਪਿੰਦਰ ਸਿੰਘ ਬਰਾੜ ਨੇ ਕਿਹਾ ਕਿ ਉਸਾਰੀ ਕਾਰਜ ਨਿਰਵਿਘਨ ਚੱਲ ਰਹੇ ਹਨ। ਜ਼ਮੀਨ ਦੇ ਵਿਵਾਦ ਸਬੰਧੀ ਡਾ. ਬਰਾੜ ਦਾ ਕਹਿਣਾ ਹੈ ਕਿ ਇਹ ਮਾਮਲਾ ਅਦਾਲਤ ਵਿਚ ਚੱਲ ਰਿਹਾ ਹੈ ਤੇ ਇਸ ਦਾ ਫਿਲਹਾਲ ਪ੍ਰਾਜੈਕਟ 'ਤੇ ਵੀ ਕੋਈ ਅਸਰ ਨਹੀਂ ਪੈ ਰਿਹਾ ਹੈ।
ਫੂਡ ਬ੍ਰਾਂਚ ਦੀ ਟੀਮ ਵੱਲੋਂ ਛਾਪੇਮਾਰੀ,13 ਕਿਲੋ ਸ਼ੱਕੀ ਦੇਸੀ ਘਿਓ ਬਰਾਮਦ
NEXT STORY