ਭਵਾਨੀਗੜ੍ਹ (ਕਾਂਸਲ): ਭਵਾਨੀਗੜ੍ਹ ਸ਼ਹਿਰ ਵਿਚ ਲੁਟੇਰਿਆਂ ਦੇ ਹੌਸਲੇ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ। ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਦਸਮੇਸ਼ ਨਗਰ ਵਿਚ ਬੀਤੀ ਰਾਤ ਲੁੱਟ ਦੀ ਨੀਅਤ ਨਾਲ ਘਰ ਵਿਚ ਦਾਖ਼ਲ ਹੋਏ ਦੋ ਅਣਪਛਾਤੇ ਵਿਅਕਤੀਆਂ ਨੇ ਮਾਂ-ਪੁੱਤ 'ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਪੁੱਤ ਦੇ ਸਿਰ 'ਤੇ ਨੁਕੀਲੀ ਚੀਜ਼ ਨਾਲ ਵਾਰ ਕੀਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਸ ਦੌਰਾਨ ਮੁਲਜ਼ਮ ਉਸ ਦੀ ਸੋਨੇ ਦੀ ਚੇਨ ਲੁੱਟ ਕੇ ਫ਼ਰਾਰ ਹੋ ਗਏ। ਉੱਥੇ ਹੀ ਪੀੜਤ ਪਰਿਵਾਰ ਨੇ ਪੁਲਸ ਨੂੰ ਸੂਚਨਾ ਦੇਣ ਦੇ ਬਾਵਜੂਦ ਸਮੇਂ ਸਿਰ ਨਾ ਪਹੁੰਚਣ ਦੇ ਗੰਭੀਰ ਦੋਸ਼ ਲਗਾਏ ਹਨ।
ਘਰ ਦੇ ਮਾਲਕ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਉਹ ਆਪਣੇ ਤਿੰਨ ਸਾਲਾ ਬੱਚੇ ਨਾਲ ਪਹਿਲੀ ਮੰਜ਼ਿਲ 'ਤੇ ਬਣੇ ਕਮਰੇ ਵਿਚ ਸੌਣ ਚਲਾ ਗਿਆ ਸੀ। ਇਸੇ ਦੌਰਾਨ ਛੱਤ 'ਤੇ ਕਿਸੇ ਦੇ ਤੁਰਨ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਉਹ ਦੇਖਣ ਲਈ ਛੱਤ 'ਤੇ ਗਿਆ ਤਾਂ ਉਸ ਦੀ ਮਾਤਾ ਨੀਤੂ ਸ਼ਰਮਾ ਵੀ ਪਿੱਛੇ ਆ ਗਈ।
ਇੱਥੇ ਪਹਿਲਾਂ ਤੋਂ ਮੌਜੂਦ ਦੋ ਅਣਪਛਾਤੇ ਵਿਅਕਤੀਆਂ ਨੂੰ ਜਦੋਂ ਉਨ੍ਹਾਂ ਨੇ ਛੱਤ 'ਤੇ ਆਉਣ ਦਾ ਕਾਰਨ ਪੁੱਛਿਆ ਤਾਂ ਮੁਲਜ਼ਮਾਂ ਨੇ ਅਚਾਨਕ ਉਸ ਦੀ ਮਾਤਾ ਨੂੰ ਧੱਕਾ ਦੇ ਦਿੱਤਾ ਅਤੇ ਅਭਿਸ਼ੇਕ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ। ਇਸ ਦੌਰਾਨ ਹਮਲਾਵਰਾਂ ਨੇ ਕਿਸੇ ਨੁਕੀਲੀ ਚੀਜ਼ ਨਾਲ ਅਭਿਸ਼ੇਕ ਦੇ ਸਿਰ 'ਤੇ ਵਾਰ ਕਰ ਦਿੱਤਾ, ਜਿਸ ਕਾਰਨ ਉਹ ਬੇਹੋਸ਼ ਹੋ ਕੇ ਡਿੱਗ ਪਿਆ। ਮੁਲਜ਼ਮ ਉਸ ਦੀ ਸੋਨੇ ਦੀ ਚੇਨ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ। ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਪੀੜਤ ਅਭਿਸ਼ੇਕ ਦਾ ਦੋਸ਼ ਹੈ ਕਿ ਉਸ ਨੇ ਘਟਨਾ ਦੌਰਾਨ ਹੀ ਪੁਲਸ ਨੂੰ ਫ਼ੋਨ ਕੀਤਾ ਸੀ ਅਤੇ 112 ਨੰਬਰ 'ਤੇ ਵੀ ਸੂਚਨਾ ਦਿੱਤੀ ਸੀ, ਪਰ ਪੁਲਸ ਸਮੇਂ ਸਿਰ ਮੌਕੇ 'ਤੇ ਨਹੀਂ ਪਹੁੰਚੀ। ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਪੁਲਸ ਤੁਰੰਤ ਪਹੁੰਚ ਜਾਂਦੀ ਤਾਂ ਮੁਲਜ਼ਮਾਂ ਨੂੰ ਮੌਕੇ 'ਤੇ ਹੀ ਕਾਬੂ ਕੀਤਾ ਜਾ ਸਕਦਾ ਸੀ। ਘਟਨਾ ਤੋਂ ਬਾਅਦ ਇਕੱਠੇ ਹੋਏ ਮੁਹੱਲਾ ਵਾਸੀਆਂ ਨੇ ਵੀ ਪੁਲਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਹਨ।
ਦੂਜੇ ਪਾਸੇ ਇਸ ਮਾਮਲੇ ਸਬੰਧੀ ਜਦੋਂ ਥਾਣਾ ਭਵਾਨੀਗੜ੍ਹ ਦੇ ਐੱਸ.ਐੱਚ.ਓ. ਇੰਸਪੈਕਟਰ ਗੁਰਪ੍ਰੀਤ ਸਿੰਘ ਸਮਰਾਓ ਨਾਲ ਫ਼ੋਨ ਤੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਵਾਰਦਾਤ ਵਿਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਕਾਬੂ ਕੀਤਾ ਜਾਵੇਗਾ।
ਫਿਲਹਾਲ ਇਸ ਵਾਰਦਾਤ ਤੋਂ ਬਾਅਦ ਦਸਮੇਸ਼ ਨਗਰ ਦੇ ਲੋਕਾਂ ਵਿਚ ਡਰ ਦਾ ਮਾਹੌਲ ਹੈ। ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਘਰ ਦੀ ਛੱਤ ਰਾਹੀਂ ਦਾਖ਼ਲ ਹੋ ਕੇ ਲੁੱਟ ਅਤੇ ਹਮਲੇ ਦੀ ਇਸ ਘਟਨਾ ਨੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਹੁਣ ਦੇਖਣਾ ਹੋਵੇਗਾ ਕਿ ਪੁਲਸ ਕਦੋਂ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦੀ ਹੈ।
ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
NEXT STORY