ਜਲੰਧਰ/ਨਵੀਂ ਦਿੱਲੀ (ਚਾਵਲਾ)— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਓਡੀਸ਼ਾ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਭੁਵਨੇਸ਼ਵਰ ਵਿਚ ਸਿੱਖ ਵਿਅਕਤੀ 'ਤੇ ਹਮਲੇ ਦੇ ਦੋਸ਼ੀਆਂ ਖਿਲਾਫ ਸਖ਼ਤ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਇਹ ਬਹੁਤ ਹੀ ਮੰਦਭਾਗੀ ਘਟਨਾ ਹੈ- ਸਿਰਸਾ
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਿਰਸਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਕਿ ਭੁਵਨੇਸ਼ਵਰ ਦੇ ਰਹਿਣ ਵਾਲੇ ਪਰਮਿੰਦਰਪਾਲ ਸਿੰਘ 'ਤੇ ਦੀਪਕ ਜੈਨਾ ਤੇ ਉਨ੍ਹਾਂ ਦੇ ਸਾਥੀ ਗੁੰਡਿਆਂ ਨੇ ਇਸ ਕਰ ਕੇ ਹਮਲਾ ਕੀਤਾ ਕਿਉਂਕਿ ਉਨ੍ਹਾਂ ਨੇ ਸ਼ੁਰੂ ਤੋਂ ਮੰਗੂ ਮੱਠ ਦੀ ਲੜਾਈ ਲੜੀ। ਉਨ੍ਹਾਂ ਕਿਹਾ ਕਿ ਸਿੱਖੀ ਦੀ ਲੜਾਈ ਲੜਨ ਵਾਲੇ ਪਰਮਿੰਦਰਪਾਲ ਸਿੰਘ 'ਤੇ ਹਮਲਾ ਕਰਨ ਵਾਲਿਆਂ ਦੇ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਥਾਂ ਪੁਲਸ ਨੇ ਨਰਮ ਧਾਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਤੇ ਅੱਜ ਉਨ੍ਹਾਂ ਨੂੰ ਜ਼ਮਾਨਤ ਦੇ ਕੇ ਰਿਹਾਅ ਕਰ ਦਿੱਤਾ।
ਮੁੱਖ ਮੰਤਰੀ ਨੂੰ ਖੁਦ ਇਸ ਮਾਮਲੇ 'ਚ ਦਖਲਅੰਦਾਜ਼ੀ ਕਰਨੀ ਚਾਹੀਦੀ ਸੀ
ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ ਅਤੇ ਮੁੱਖ ਮੰਤਰੀ ਸ਼੍ਰੀ ਬੀਜੂ ਪਟਨਾਇਕ ਨੂੰ ਖੁਦ ਇਸ ਮਾਮਲੇ ਵਿਚ ਦਖਲਅੰਦਾਜ਼ੀ ਕਰ ਕੇ ਦੋਸ਼ੀਆਂ ਦੇ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਹੁਕਮ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖਿਲਾਫ ਸਖ਼ਤ ਧਾਰਾਵਾਂ ਦੇ ਤਹਿਤ ਕੇਸ ਦਰਜ ਹੋਣਾ ਚਾਹੀਦਾ ਹੈ। ਜੇਕਰ ਓਡਿਸ਼ਾ ਸਰਕਾਰ ਨੇ ਮਾਮਲੇ ਵਿਚ ਸਹੀ ਕਾਰਵਾਈ ਨਾ ਕੀਤੀ ਤਾਂ ਫਿਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਨੂੰਨੀ ਲੜਾਈ ਲੜੇਗੀ ਅਤੇ ਲੋੜ ਪੈਣ 'ਤੇ ਸੜਕਾਂ 'ਤੇ ਉਤਰ ਕੇ ਵੀ ਲੜਾਈ ਲੜੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਇਨਸਾਫ ਲੈਣ ਵਾਸਤੇ ਜੋ ਵੀ ਕਰਨਾ ਪਿਆ, ਉਹ ਕੀਤਾ ਜਾਵੇਗਾ।
ਸਿੱਖ ਕੌਮ ਪੂਰੀ ਤਰ੍ਹਾਂ ਇਕਜੁੱਟ ਹੈ
ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਪਰਮਿੰਦਰਪਾਲ ਸਿੰਘ ਨੇ ਮੰਗੂ ਮੱਠ ਦੀ ਲੜਾਈ ਸਿੱਖ ਕੌਮ ਵਾਸਤੇ ਲੜੀ ਹੈ ਤੇ ਇਸ ਮਾਮਲੇ ਵਿਚ ਦਿੱਲੀ ਗੁਰਦੁਆਰਾ ਕਮੇਟੀ ਤੇ ਸਾਰਾ ਸਿੱਖ ਜਗਤ ਉਨ੍ਹਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਓਡੀਸ਼ਾ ਦੇ ਰਹਿਣ ਵਾਲੇ ਇਹ ਨਾ ਸਮਝਣ ਕਿ ਸਿੱਖ ਘੱਟ ਗਿਣਤੀ ਵਿਚ ਹਨ ਤਾਂ ਕੋਈ ਵੀ ਧੱਕੇਸ਼ਾਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਪੂਰੀ ਤਰ੍ਹਾਂ ਇਕਜੁੱਟ ਹੈ ਤੇ ਆਪਣੇ ਹਰ ਭਰਾ ਦੇ ਨਾਲ ਦੁਨੀਆ ਦੇ ਕਿਸੇ ਵੀ ਕੋਨੇ ਵਿਚ ਜਾਣ ਵਾਸਤੇ ਹਮੇਸ਼ਾ ਤਿਆਰ-ਬਰ-ਤਿਆਰ ਹੈ।
ਐੱਲ.ਪੀ.ਯੂ. 'ਚ ਪੜ੍ਹਦੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
NEXT STORY