ਸੁਲਤਾਨਪੁਰ ਲੋਧੀ (ਧੀਰ)— 550 ਸਾਲਾ ਗੁਰਪੁਰਬ ਮੌਕੇ ਪਾਵਨ ਨਗਰੀ ਸੁਲਤਾਨਪੁਰ ਲੋਧੀ 'ਚ ਹੋਣ ਵਾਲੇ ਮੁੱਖ ਸਮਾਗਮਾਂ ਸਬੰਧੀ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੁਲਤਾਨਪੁਰ ਲੋਧੀ ਵਿਖੇ ਬੀਤੇ ਦਿਨੀਂ ਜੋ ਪ੍ਰੋਗਰਾਮ ਕਰਨ ਦਾ ਐਲਾਨ ਕੀਤਾ ਹੈ, ਉਸ ਨੇ ਸੰਗਤਾਂ 'ਚ ਇਕ ਵੱਖਰੀ ਚਰਚਾ ਛੇੜ ਦਿੱਤੀ ਹੈ। ਹਾਲਾਂਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕੋਈ ਰਸਮੀ ਐਲਾਨ ਨਹੀਂ ਕੀਤਾ ਗਿਆ। ਗੌਰਤਲਬ ਹੈ ਕਿ 550 ਸਾਲਾ ਗੁਰਪੁਰਬ ਮੌਕੇ ਹੋਣ ਵਾਲੇ ਮੁੱਖ ਸਮਾਗਮ ਜਿਸ 'ਚ ਦੇਸ਼-ਵਿਦੇਸ਼ ਦੀਆਂ ਵੱਡੀਆਂ ਹਸਤੀਆਂ ਦੇ ਆਉਣ ਦੀ ਪੂਰੀ ਸੰਭਾਵਨਾ ਹੈ, ਦੇ ਲਈ ਪੰਜਾਬ ਸਰਕਾਰ ਨੇ ਸ਼੍ਰੋਮਣੀ ਪ੍ਰਬੰਧਕ ਕਮੇਟੀ ਨਾਲ ਸਾਂਝਾ ਸਮਾਗਮ ਕਰਨ ਲਈ ਕਿਹਾ ਸੀ ਅਤੇ ਇਸ ਨੂੰ ਅੰਤਿਮ ਰੂਪ ਦੇਣ ਲਈ ਇਕ ਤਿੰਨ ਮੈਂਬਰੀ ਕਮੇਟੀ ਕੈਬਨਿਟ ਮੰਤਰੀ ਪੰਜਾਬ ਚਰਨਜੀਤ ਸਿੰਘ ਸੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਨੇ ਪ੍ਰਧਾਨ ਸ਼੍ਰੋਮਣੀ ਕਮੇਟੀ ਭਾਈ ਲੌਂਗੋਵਾਲ ਨੂੰ ਮਿਲ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦਾ ਸਮਾਗਮ ਨੂੰ ਰਲ ਮਿਲ ਕੇ ਮਨਾਉਣ ਦਾ ਸੁਨੇਹਾ ਦਿੱਤਾ ਸੀ, ਜਿਸ 'ਤੇ ਪਹਿਲਾਂ ਦੋਵੇਂ ਧਿਰਾਂ ਰਾਜੀ ਵੀ ਸਨ ਪਰ ਹੁਣ ਬੀਬੀ ਜਗੀਰ ਵੱਲੋਂ ਸਮਾਗਮ ਦੀ ਰੂਪ-ਰੇਖਾ ਦੱਸਣ ਨਾਲ ਜਿੱਥੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਕੱਠੇ ਸਟੇਜ ਲਗਾ ਕੇ ਮੁੱਖ ਸਮਾਗਮ ਕਰਨ ਬਾਰੇ ਸੰਦੇਹ ਹੋ ਗਿਆ ਹੈ, ਉਥੇ ਹੀ ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਂਝੀਵਾਲਤਾ ਦੇ ਸੁਨੇਹੇ 'ਤੇ ਸ਼੍ਰੋਮਣੀ ਕਮੇਟੀ ਕਿੰਨੀ ਕੁ ਸੰਜੀਦਾ ਹੈ, ਇਸ 'ਤੇ ਵੀ ਸਵਾਲੀਆ ਨਿਸ਼ਾਨ ਲੱਗ ਗਿਆ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਵੀ ਕਰਵਾਏ ਜਾ ਰਹੇ ਹਨ ਸਾਰੇ ਸਮਾਗਮ
ਇਸ ਸਬੰਧੀ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਸਾਰੇ ਸਮਾਗਮ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਹੇਠ ਹੋਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹੀ ਅਜਿਹੇ ਮੌਕੇ ਸਾਰੇ ਧਾਰਮਿਕ ਸਮਾਗਮਾਂ ਦੀ ਰੂਪ-ਰੇਖਾ ਤੈਅ ਕਰਦੀ ਹੈ। ਉਨ੍ਹਾਂ ਕਿਹਾ ਕਿ 550 ਸਾਲਾ ਗੁਰਪੁਰਬ ਮੌਕੇ ਹੋਣ ਵਾਲੇ ਮੁੱਖ ਸਮਾਗਮਾਂ 'ਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ, ਰਾਸ਼ਟਰਪਤੀ, ਰਾਜਪਾਲ, ਰਾਜਾਂ ਦੇ ਮੁੱਖ ਮੰਤਰੀ ਸਮੇਤ ਪੰਜਾਬ ਸਰਕਾਰ ਨੂੰ ਪਹੁੰਚਣ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਜੇ ਪੰਜਾਬ ਸਰਕਾਰ ਕੋਈ ਵੱਖਰਾ ਸਮਾਗਮ ਕਰਦੀ ਹੈ ਉਸ ਦਾ ਮੈਨੂੰ ਪਤਾ ਨਹੀਂ ਹੈ ਪਰ ਸ਼੍ਰੋਮਣੀ ਕਮੇਟੀ ਵੱਲੋਂ ਇਹ ਸਾਰੇ ਸਮਾਗਮ ਬਾਰੇ ਸੂਚੀ ਜਾਰੀ ਕਰ ਦਿੱਤੀ ਗਈ ਹੈ।
ਸ਼੍ਰੋਮਣੀ ਕਮੇਟੀ ਦਾ ਨਹੀਂ, ਅਕਾਲੀ ਦਲ ਦਾ ਹੈ ਇਹ ਫੈਸਲਾ
ਇਸ ਸਬੰਧੀ ਪੰਜਾਬ ਸਰਕਾਰ ਵੱਲੋਂ 550 ਸਾਲਾ ਗੁਰਪੁਰਬ ਸਮਾਗਮ ਦੇ ਕਨਵੀਨਰ ਅਤੇ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਪ੍ਰਬੰਧਕ ਕਮੇਟੀ ਪਹਿਲਾਂ ਸਾਰੇ ਸਮਾਗਮ ਇਕੱਠੇ ਕਰਨ ਬਾਰੇ ਪੰਜਾਬ ਸਰਕਾਰ ਨਾਲ ਸਹਿਮਤ ਹੋ ਗਈ ਸੀ ਪਰ ਬੀਬੀ ਜਗੀਰ ਕੌਰ ਵੱਲੋਂ ਕੀਤੇ ਗਏ ਐਲਾਨ ਨਾਲ ਹੁਣ ਇਹ ਜਾਪਦਾ ਹੈ ਕਿ ਇਹ ਫੈਸਲਾ ਸ਼੍ਰੋਮਣੀ ਕਮੇਟੀ ਦਾ ਨਹੀਂ ਸਗੋਂ ਸ਼੍ਰੋਮਣੀ ਅਕਾਲੀ ਦਲ ਦਾ ਹੈ ਅਤੇ ਜੋ ਉਸ ਦੇ ਪ੍ਰਧਾਨ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕਹਿਣਗੇ ਉਹੀ ਸ਼੍ਰੋਮਣੀ ਕਾਰਜ ਕਰੇਗੀ। ਉਨ੍ਹਾਂ ਕਿਹਾ ਕਿ ਪਾਵਨ ਨਗਰੀ ਅਤੇ ਮਨੁੱਖਤਾ 'ਤੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜੋ ਪਿਆਰ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਸੀ, ਉਸ ਤੋਂ ਹੁਣ ਸ਼੍ਰੋਮਣੀ ਕਮੇਟੀ ਦੌੜ ਰਹੀ ਹੈ, ਜੋ ਕਿ ਠੀਕ ਨਹੀਂ ਹੈ ਕਿਉਂਕਿ ਸਾਂਝੀ ਸਟੇਜ ਬਾਰੇ ਕੈਪਟਨ ਸਾਹਿਬ ਨੇ ਇਹ ਐਲਾਨ ਕੀਤਾ ਸੀ ਕਿ ਇਸ ਮੌਕੇ ਕੋਈ ਰਾਜਨੀਤੀ ਨਹੀਂ ਬਲਕਿ ਸ੍ਰੀ ਗੁਰਪੁਰਬ ਸਬੰਧੀ ਹੀ ਗੱਲਾਂ ਹੋਣਗੀਆਂ।
20 ਦਿਨਾਂ 'ਚ ਤੀਜੀ ਵਾਰ ਭੜਕਿਆ ਵਿਦਿਆਰਥੀਆਂ ਤੋਂ ਫੀਸਾਂ ਮੰਗਣ ਦਾ ਮਾਮਲਾ
NEXT STORY