ਅੰਮ੍ਰਿਤਸਰ (ਦੀਪਕ ਸ਼ਰਮਾ) : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਸੰਪੰਨ ਹੋਈਆਂ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਧਾਈ ਦਿੱਤੀ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ’ਤੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸਮੂਹ ਅਹੁਦੇਦਾਰਾਂ ਨੂੰ ਵੀ ਵਧਾਈ ਦਿੱਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਦਿੱਲੀ ਦੀਆਂ ਸੰਗਤਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਪਿਛਲੇ ਸਮੇਂ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਕੀਤੇ ਵੱਡਮੁੱਲੇ ਪੰਥਕ ਕਾਰਜਾਂ, ਮਨੁੱਖੀ ਭਲਾਈ ਸੇਵਾਵਾਂ ਅਤੇ ਸਿੱਖ ਵਿਰਾਸਤ ਨੂੰ ਸੰਭਾਲਣ ਲਈ ਕੀਤੇ ਉਦਮਾਂ ਨੂੰ ਦੇਖਦਿਆਂ ਵੱਡਾ ਫੈਸਲਾ ਦਿੱਤਾ ਹੈ।
ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਨੇ ਸ. ਭਾਗ ਸਿੰਘ ਅਣਖੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਪ੍ਰਗਟਾਇਆ ਅਫ਼ਸੋਸ
ਉਨ੍ਹਾਂ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਵਿਰੋਧੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਢਾਹ ਲਗਾਉਣ ਲਈ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਸੀ ਪਰ ਸੰਗਤਾਂ ਵੱਲੋਂ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਨੂੰ ਸੇਵਾ ਸੌਂਪਣੀ ਪੰਥਕ ਅਤੇ ਕੌਮੀ ਸੋਚ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸੰਗਤਾਂ ਨੇ ਅੱਜ ਉਨ੍ਹਾਂ ਲੋਕਾਂ ਨੂੰ ਬੁਰੀ ਤਰ੍ਹਾਂ ਨਕਾਰਿਆ ਹੈ ਜੋ ਸਿੱਖ ਸੰਸਥਾਵਾਂ ਨੂੰ ਖਤਮ ਕਰਨ ਲਈ ਯਤਨਸ਼ੀਲ ਹਨ।
ਇਹ ਵੀ ਪੜ੍ਹੋ : ਸ੍ਰੀ ਗੁਟਕਾ ਸਾਹਿਬ ਦੀਆਂ ਝੂਠੀਆਂ ਸੌਂਹਾਂ ਖਾ ਕੇ ਸੱਤਾ ’ਚ ਆਈ ਕੈਪਟਨ ਸਰਕਾਰ ਨੇ ਪੰਜਾਬ ਨੂੰ ਲੁੱਟਿਆ : ਸੁਖਬੀਰ
ਦੱਸ ਦਈਏ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਚੋਣਾਂ ਦੇ ਨਤੀਜਿਆਂ ’ਚ ਵੱਡਾ ਫੇਰਬਦਲ ਸਾਹਮਣੇ ਆਇਆ ਹੈ, ਜਿਸ ’ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਬਹੁਮਤ ਹਾਸਲ ਕਰ ਲਿਆ ਹੈ ਪਰ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਤਾਜ਼ਾ ਨਤੀਜਿਆਂ ਅਨੁਸਾਰ 46 ਸੀਟਾਂ ’ਤੇ ਹੋਈਆਂ ਕਮੇਟੀ ਦੀਆਂ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ 27 ਸੀਟਾਂ ’ਤੇ ਜਿੱਤ ਪ੍ਰਾਪਤ ਕਰ ਕੇ ਮੁੜ ਤੋਂ ਦਿੱਲੀ ਗੁਰਦੁਆਰਿਆਂ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਆਪਣੇ ਹੱਥਾਂ ’ਚ ਲੈ ਲਈ ਹੈ। ਸ਼੍ਰੋਮਣੀ ਅਕਾਲੀ ਦਲ ਦੀਆਂ ਵਿਰੋਧੀ ਧਿਰਾਂ ’ਚੋਂ ਸ਼੍ਰੋਮਣੀ ਅਕਾਲੀ ਦਲ (ਦਿੱਲੀ), ਸਰਨਾ ਧੜੇ ਨੇ 15 ਸੀਟਾਂ ’ਤੇ ਜਿੱਤ ਹਾਸਲ ਕੀਤੀ ਅਤੇ ‘ਜਾਗੋ ਪਾਰਟੀ’ ਨੇ 3 ਸੀਟਾਂ ’ਤੇ ਜਿੱਤ ਹਾਸਲ ਕਰ ਕੇ ਆਪਣੀ ਹੋਂਦ ਦਾ ਅਹਿਸਾਸ ਕਰਵਾਇਆ। ਇਕ ਸੀਟ ’ਤੇ ਪੰਥਕ ਅਕਾਲੀ ਲਹਿਰ ਦਾ ਕਬਜ਼ਾ ਹੋਇਆ।
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਅੰਮ੍ਰਿਤਸਰ : 14 ਸਾਲਾ ਬੱਚੇ ਨੂੰ ਅਗਵਾ ਕਰਕੇ ਬੈੱਡ ’ਚ ਕੀਤਾ ਬੰਦ, ਇੰਝ ਖੁੱਲ੍ਹਿਆ ਭੇਤ
NEXT STORY