ਜਲੰਧਰ/ਬੇਗੋਵਾਲ (ਰਜਿੰਦਰ)- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੌਰਾਨ ਪੇਸ਼ ਕੀਤੇ ਗਏ 10ਵੇਂ ਬਜਟ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਹ ਬਜਟ ਜਿੱਥੇ ਪੰਜਾਬ ਵਿਰੋਧੀ ਹੈ, ਉੱਥੇ ਹੀ ਇਸ ਬਜਟ ਵਿਚ ਔਰਤਾਂ ਦੀ ਸੁਰੱਖਿਆ ਅਤੇ ਰੋਜ਼ਗਾਰ ਬਾਰੇ ਵੀ ਚੁੱਪ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪਿਛਲੇ ਪੰਜਾਂ ਸਾਲਾਂ ਤੋਂ ਢੋਲ ਪਿੱਟ ਰਹੀ ਸੀ ਕਿ ਸਾਲ 2022 ਤੱਕ ਕਿਸਾਨਾਂ ਦੀ ਅਮਦਨ ਦੁੱਗਣੀ ਹੋ ਜਾਵੇਗੀ। ਸਾਲ 2022 ਬੀਤ ਗਿਆ ਪਰ ਸਰਕਾਰ ਦੇ ਕਿਸੇ ਵੀ ਮੰਤਰੀ ਨੇ ਦੇਸ਼ ਦੇ ਕਿਸਾਨਾਂ ਨੂੰ ਨਹੀਂ ਦੱਸਿਆ ਕਿ ਉਨ੍ਹਾਂ ਦੀ ਅਮਦਨ ਦੁੱਗਣੀ ਕਰਨ ਵਿਚ ਸਰਕਾਰ ਕਿਉਂ ਫੇਲ੍ਹ ਹੋਈ ਹੈ?
ਉਨ੍ਹਾਂ ਕਿਹਾ ਕਿ ਮਨਰੇਗਾ ਤਹਿਤ 100 ਦਿਨ ਦੇ ਕੰਮ ਦੀ ਗਾਰੰਟੀ ਦਾ ਕਾਨੂੰਨ ਹੈ ਪਰ ਮੋਦੀ ਸਰਕਾਰ ਨੇ ਦੇਸ਼ ਦੇ ਮਜ਼ਦੂਰਾਂ ਨੂੰ ਸਿਰਫ ਔਸਤਨ 48 ਦਿਨ ਹੀ ਕੰਮ ਦਿੱਤਾ। ਮਨਰੇਗਾ ਦਾ ਬਜਟ 73 ਹਜ਼ਾਰ ਕਰੋੜ ਤੋਂ ਘਟਾ ਕੇ 60 ਹਜ਼ਾਰ ਕਰੋੜ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਹੀ ਸਿੱਖਿਆ ਅਤੇ ਸਿਹਤ ’ਤੇ ਬਜਟ ਘਟਾਉਣਾ ਸਪੱਸ਼ਟ ਕਰਦਾ ਹੈ ਕਿ ਕੇਂਦਰ ਸਰਕਾਰ ਸਿਰਫ ਵੱਡੇ ਕਾਰਪੋਰੇਟ ਘਰਾਣਿਆ ਦਾ ਹੀ ਖਿਆਲ ਰੱਖ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪ੍ਰੋ. ਸਰਚਾਂਦ ਸਿੰਘ ਖਿਆਲਾ ਵੱਲੋਂ ਕੇਂਦਰੀ ਬਜਟ ਦੀ ਸ਼ਲਾਘਾ, ਕਿਹਾ- ਵਿਕਾਸ ਕਾਰਜਾਂ ਨੂੰ ਮਿਲੇਗੀ ਤੇਜ਼ੀ
ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਬਾਰੇ ਬਜਟ 2 ਫੀਸਦੀ ਤੋਂ ਵੀ ਘੱਟ ਕਰ ਦਿੱਤਾ ਗਿਆ ਹੈ, ਹੁਣ ਇਹ ਬਜਟ 1.98 ਫੀਸਦੀ ਕਰ ਦਿੱਤਾ ਹੈ, ਜਦ ਕਿ ਕੋਰੋਨਾ ਕਾਲ ਤੋਂ ਬਾਅਦ ਸਿਹਤ ਸਹੂਲਤਾਂ ’ਤੇ ਸਭ ਤੋਂ ਵੱਧ ਧਿਆਨ ਦੇਣ ਦੀ ਲੋੜ ਸੀ।
ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਜਦੋਂ ਬਜਟ ਪੇਸ਼ ਕੀਤਾ ਜਾ ਰਿਹਾ ਸੀ ਤਾਂ ਪ੍ਰਧਾਨ ਮੰਤਰੀ ਸਮੇਤ ਭਾਜਪਾ ਦਾ ਹਰੇਕ ਆਗੂ ਸੰਸਦ ਦੇ ਮੇਜ਼ ਥਪਥਪਾ ਰਿਹਾ ਸੀ ਜਦ ਕਿ ਬਜਟ ਵਿਚ ਅਜਿਹਾ ਕੁਝ ਵੀ ਨਹੀਂ ਹੈ, ਜਿਸ ’ਤੇ ਖੁਸ਼ੀ ਪ੍ਰਗਟਾਈ ਜਾ ਸਕਦੀ ਹੋਵੇ। ਮਜ਼ਦੂਰਾਂ ਦਾ ਬਜਟ ਘਟਾਉਣ 'ਤੇ ਵੀ ਜਿਹੜੀ ਸਰਕਾਰ ਸੰਸਦ ਦੇ ਮੇਜ਼ ਥਪਥਪਾਉਂਦੀ ਹੈ, ਉਸ ਤੋਂ ਸਪੱਸ਼ਟ ਹੈ ਕਿ ਉਸ ਦਾ ਗਰੀਬੀ ਤੇ ਗਰੀਬਾਂ ਨਾਲ ਕੋਈ ਲਾਗਾ ਦੇਗਾ ਨਹੀਂ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਸਿਰ ਚੜ੍ਹਿਆ ਤਿੰਨ ਲੱਖ ਕਰੋੜ ਦਾ ਕਰਜ਼ਾ ਮੁਆਫ ਕਰਨਾ ਚਾਹੀਦਾ ਸੀ, ਜਿਹੜਾ ਕਿਸਾਨ ਦੇਸ਼ ਦਾ ਢਿੱਡ ਭਰਦਾ ਰਿਹਾ ਹੋਵੇ। ਕਿਸਾਨਾਂ ਨੇ ਸਾਲ ਤੋਂ ਵੱਧ ਸਮਾਂ ਅੰਦੋਲਨ ਕੀਤਾ ਪਰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ,ਦੇਣ ਦਾ ਵੀ ਬਜਟ ਵਿਚ ਕੋਈ ਜ਼ਿਕਰ ਤਕ ਨਹੀਂ ਕੀਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਰਾਜਾ ਵੜਿੰਗ ਦਾ ਭਾਜਪਾ ਸਰਕਾਰ ’ਤੇ ਤੰਜ਼, ਕਿਹਾ-ਜੁਮਲਾ ਸਾਬਿਤ ਹੋਇਆ ਬਜਟ
NEXT STORY