ਬੇਗੋਵਾਲ (ਰਜਿੰਦਰ, ਬੱਬਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ 2007 ਤੋਂ ਲੈ ਕੇ 2017 ਤੱਕ ਬਾਦਲਾਂ ਦੇ ਰਾਜ ਦੌਰਾਨ ਰੇਤ ਮਾਫ਼ੀਆ, ਕੇਬਲ ਮਾਫ਼ੀਆ ਅਤੇ ਨਸ਼ਿਆਂ ਅਤੇ 2015 ’ਚ ਬੇਅਦਬੀ ਦਾ ਸਭ ਤੋਂ ਵੱਡਾ ਕਲੰਕ ਲੱਗਾ, ਜਿਹੜਾ ਉਦੋਂ ਤੱਕ ਨਹੀਂ ਉਤਰ ਸਕਦਾ, ਜਦੋਂ ਤੱਕ ਇਸ ਪਰਿਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਲਾਂਭੇ ਨਹੀਂ ਕੀਤਾ ਜਾਂਦਾ। ਇਸ ਲਈ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਲਈ ਬਾਦਲਾਂ ਨੂੰ ਅਕਾਲੀ ਦਲ ਤੋਂ ਲਾਂਭੇ ਕਰਨਾ ਪਵੇਗਾ।
ਇਹ ਖ਼ਬਰ ਵੀ ਪੜ੍ਹੋ : ਕਬੱਡੀ ਜਗਤ ਨੂੰ ਵੱਡਾ ਘਾਟਾ, ਚੱਲਦੇ ਟੂਰਨਾਮੈਂਟ ਦੌਰਾਨ ਮਸ਼ਹੂਰ ਖਿਡਾਰੀ ਦੀ ਮੌਤ
ਬੀਬੀ ਜਗੀਰ ਕੌਰ ਅੱਜ ਬੇਗੋਵਾਲ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੇ ਅਸਥਾਨ ’ਤੇ ਆਪਣੇ ਵੱਲੋਂ ਸੱਦੀ ਵਰਕਰਾਂ ਦੀ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ 3 ਜੂਨ ਨੂੰ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਬਰਸੀ ’ਤੇ ਵੱਡਾ ਐਲਾਨ ਕੀਤਾ ਜਾਵੇਗਾ ਤੇ ਉਸ ਤੋਂ ਪਹਿਲਾਂ ਉਹ ਸਾਰੇ ਪੰਜਾਬ ’ਚ ਲਾਮਬੰਦੀ ਕਰਨਗੇ। ਉਨ੍ਹਾਂ ਕਿਹਾ ਕਿ ਮਾਝੇ ਦੇ ਇਕ ਪਰਿਵਾਰ ਕਾਰਨ ਅਕਾਲੀ ਦਲ ਦਾ ਨਾਂ ਨਸ਼ਿਆਂ ਕਾਰਨ ਬਦਨਾਮ ਹੋਇਆ। ਅਕਾਲੀ ਦਲ ਨੇ ਨਸ਼ਿਆਂ ਬਾਰੇ ਤਾਂ ਜਾਂਚ ਕੀ ਕਰਨੀ ਸੀ ਪਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਸ ’ਤੇ ਕੋਈ ਕੰਮ ਨਹੀਂ ਕੀਤਾ।
ਇਹ ਵੀ ਪੜ੍ਹੋ : ਕੇਂਦਰ ਪੰਜਾਬ ’ਚ ਲਾਵੇ ਰਾਸ਼ਟਰਪਤੀ ਰਾਜ : ਕੈਪਟਨ ਅਮਰਿੰਦਰ ਸਿੰਘ
ਹੁਣ ਮੌਜੂਦਾ ਪੰਜਾਬ ਸਰਕਾਰ ਬਣਿਆਂ ਵੀ 10 ਮਹੀਨਿਆਂ ਤੋਂ ਉਪਰ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਕੋਈ ਨਤੀਜਾ ਨਹੀਂ ਨਿਕਲਿਆ। ਬੀਬੀ ਜਗੀਰ ਕੌਰ ਨੇ ਹਰਿਆਣਾ ਵਿਚ ਗੁਰਦੁਆਰਿਆਂ ’ਤੇ ਕਬਜ਼ਾ ਕਰਨ ਨੂੰ ਲੈ ਕੇ ਖੱਟੜ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਜਦੋਂ ਸ਼੍ਰੋਮਣੀ ਕਮੇਟੀ ਕੋਲੋਂ ਹਰਿਆਣਾ ਦੇ ਗੁਰੂਧਾਮ ਖੋਹਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਦੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੁੱਤਾ ਪਿਆ ਸੀ? ਉਨ੍ਹਾਂ ਕਿਹਾ ਕਿ ਹਰਿਆਣਾ ਦੇ ਗੁਰਧਾਮਾਂ ਨੂੰ ਬਚਾਉਣ ਬਾਰੇ ਸੁਖਬੀਰ ਸਿੰਘ ਬਾਦਲ ਦਾ ਹਰ ਪੈਂਤੜਾ ਫੇਲ੍ਹ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ : ਦੋਸਤ ਦਾ ਜਨਮ ਦਿਨ ਮਨਾ ਕੇ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਦੋ ਭਰਾਵਾਂ ਸਣੇ 4 ਦੀ ਮੌਤ
ਸ਼੍ਰੋਮਣੀ ਅਕਾਲੀ ਦਲ ’ਚੋਂ ਬਾਹਰ ਕੱਢੇ ਗਏ ਸੀਨੀਅਰ ਆਗੂ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਜਿਹੜੇ ਵੀ ਲੀਡਰ ਨੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਡਸਾ, ਸੇਵਾ ਸਿੰਘ ਸੇਖਵਾਂ, ਰਣਜੀਤ ਸਿੰਘ ਬ੍ਰਹਮਪੁਰਾ, ਬੀਬੀ ਜਗੀਰ ਕੌਰ ਸਮੇਤ ਕਿੰਨੇ ਹੋਰ ਆਗੂਆਂ ਨੂੰ ਅਕਾਲੀ ਦਲ ’ਚੋਂ ਬਾਹਰ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਥ ਦੀ ਨੁਮਾਇੰਦਾ ਜਮਾਤ ਹੈ, ਇਹ ਬਾਦਲਾਂ ਦੀ ਕੋਈ ਨਿੱਜੀ ਜਾਇਦਾਦ ਨਹੀਂ। ਇਸ ਮੌਕੇ ਸਾਬਕਾ ਮੰਤਰੀ ਸਰਬਣ ਸਿੰਘ ਫਿਲੌਰ, ਯੁਵਰਾਜ ਭੁਪਿੰਦਰ ਸਿੰਘ, ਸੀਨੀਅਰ ਆਗੂ ਗੁਰਚਰਨ ਸਿੰਘ ਚੰਨੀ, ਜਗਜੀਤ ਸਿੰਘ ਗਾਬਾ, ਲਖਵਿੰਦਰ ਸਿੰਘ ਵਿਜੋਲਾ, ਗੁਰਬਿੰਦਰਜੀਤ ਸਿੰਘ ਭੁੱਲਰ, ਡਾ. ਨਰਿੰਦਰਪਾਲ ਸਿੰਘ ਬਾਵਾ, ਬੀਬੀ ਦਲਜੀਤ ਕੌਰ, ਪ੍ਰੋ. ਜਸਵੰਤ ਸਿੰਘ, ਸਾਬਕਾ ਪ੍ਰਧਾਨ ਬੇਗੋਵਾਲ ਕਮੇਟੀ ਰਜਿੰਦਰ ਸਿੰਘ ਲਾਡੀ, ਬਲਵਿੰਦਰ ਸਿੰਘ ਡੋਗਰਾਂਵਲਾ, ਬੁੱਧ ਸਿੰਘ ਮਜੀਠਾ ਆਦਿ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਲਈ ਇਸ ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾਉਣ ਦਾ ਸੱਦਾ ਦਿੱਤਾ। ਮੀਟਿੰਗ ਦੌਰਾਨ ਨੰਬਰਦਾਰ ਗੁਰਮੀਤ ਕੌਰ ਅਵਾਣ, ਸੰਗਤ ਸਿੰਘ ਸੁਦਾਮਾ, ਵਿਕਰਮਜੀਤ ਸਿੰਘ ਵਿੱਕੀ, ਹਰਵਿੰਦਰ ਸਿੰਘ ਪੱਪੂ ਆਦਿ ਹਾਜ਼ਰ ਸਨ।
ਦੋਸਤ ਦਾ ਜਨਮ ਦਿਨ ਮਨਾ ਕੇ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਦੋ ਭਰਾਵਾਂ ਸਣੇ 4 ਦੀ ਮੌਤ
NEXT STORY