ਫਾਜ਼ਿਲਕਾ (ਸੁਨੀਲ ਨਾਗਪਾਲ): ਫਾਜ਼ਿਲਕਾ ਦੀ ਦਾਣਾ ਮੰਡੀ ਤੋਂ ਰੂਹ ਕੰਬਾਊ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਆਪਣੇ ਭਤੀਜੇ ਨਾਲ ਲੱਸੀ ਲੈਣ ਗਏ ਸੌਰਵ ਕੁਮਾਰ 'ਤੇ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕੀਤੇ ਵਾਰ ਕਾਰਨ ਸੌਰਵ (25 ਸਾਲ) ਦੀ ਮੌਤ ਹੋ ਗਈ, ਜਦਕਿ ਉਸ ਦਾ ਚਾਰ ਸਾਲਾ ਭਤੀਜਾ ਵੀ ਜ਼ਖ਼ਮੀ ਹੋਇਆ ਹੈ। ਪੁਲਸ ਨੇ ਕਤਲ ਦਾ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੀ ਮਾਂ ਦੁਰਗਾ ਰਾਣੀ ਨੇ ਦੱਸਿਆ ਕਿ ਸੌਰਵ ਆਪਣੇ ਭਤੀਜੇ ਦੇ ਨਾਲ ਲੱਸੀ ਲੈਣ ਗਿਆ ਸੀ। ਕੁਝ ਸਮੇਂ ਬਾਅਦ ਉਨ੍ਹਾਂ ਨੂੰ ਫ਼ੋਨ ਦੇ ਜ਼ਰੀਏ ਹਮਲੇ ਦੀ ਜਾਣਕਾਰੀ ਮਿਲੀ, ਜਿਸ ਮਗਰੋਂ ਉਹ ਮੌਕੇ 'ਤੇ ਪਹੁੰਚੇ ਤਾਂ ਵੇਖਿਆ ਕਿ ਉਸ ਦੇ ਪੁੱਤਰ ਦਾ ਕਤਲ ਕੀਤਾ ਜਾ ਚੁੱਕਿਆ ਸੀ। ਸੌਰਵ ਦੇ ਭਤੀਜੇ ਨੂੰ ਵੀ ਸੱਟਾਂ ਲੱਗੀਆਂ ਸਨ। ਮੁਲਜ਼ਮਾਂ ਨੇ ਸੌਰਵ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਸੀ ਤੇ ਉਸ ਦੇ ਹੱਥ, ਪੈਰ, ਸਿਰ, ਮੂੰਹ ਤੇ ਬਾਹਵਾਂ 'ਤੇ ਗੰਭੀਰ ਸੱਟਾਂ ਲੱਗੀਆਂ ਤੇ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੇ ਪਿਤਾ ਸੰਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਕਿਸ ਕਾਰਨ ਕੀਤਾ ਗਿਆ, ਉਸ ਦੀ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ 25 ਸਾਲਾ ਜਵਾਨ ਪੁੱਤਰ ਨੂੰ ਸ਼ਰੇਆਮ ਹਥਿਆਰਾਂ ਨਾਲ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪਰਿਵਾਰ ਨੇ ਮੁਲਜ਼ਮਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਤੇ ਇਨਸਾਫ਼ ਦੀ ਮੰਗ ਕੀਤੀ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਅਫ਼ਸਰ ਮੌਕੇ 'ਤੇ ਪੁਹੰਚੇ। ਡੀ. ਐੱਸ. ਪੀ. ਬੀ. ਐੱਸ. ਰੰਧਾਵਾ ਨੇ ਦੱਸਿਆ ਕਿ ਪੁਲਸ ਨੂੰ ਆਰਿਆ ਨਗਰ ਵਾਸੀ ਸੌਰਵ ਕੁਮਾਰ 'ਤੇ ਹਮਲਾ ਹੋਣ ਦੀ ਸੂਚਨਾ ਮਿਲੀ ਸੀ। ਪੁਲਸ ਨੇ ਮਾਮਲੇ ਵਿਚ ਤਕਰੀਬਨ 4 ਤੋਂ 5 ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਦਿਆਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਗਠਿਤ ਕਰ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਅਫ਼ਸਰਾਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਭਾਜਪਾ ਆਗੂ ਤਰੁਣ ਚੁੱਘ ਦਾ 3 ਦਿਨਾ ਅੰਮ੍ਰਿਤਸਰ ਦੌਰਾ ਅੱਜ ਤੋਂ ਸ਼ੁਰੂ
NEXT STORY