ਅੰਮ੍ਰਿਤਸਰ/ਜੈਤੋ (ਵੈੱਬ ਡੈਸਕ, ਰਘੁਨੰਦਨ ਪਰਾਸ਼ਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ 3 ਨਵੰਬਰ ਨੂੰ ਐੱਸ. ਜੀ. ਪੀ. ਸੀ. ਦਾ ਜਨਰਲ ਇਜਲਾਸ ਸੱਦਿਆ ਗਿਆ ਹੈ, ਜਿਸ ਵਿਚ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਇਸ ਦੀ ਜਾਣਕਾਰੀ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅੰਮ੍ਰਿਤਸਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਪ੍ਰਧਾਨ ਦੀ ਚੋਣ ਸਮੇਤ ਹੋਰ ਵੀ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ ਹੈ। ਮੀਟਿੰਗ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਦੱਸਿਆ ਕਿ 3 ਨਵੰਬਰ ਨੂੰ ਐੱਸ. ਜੀ. ਪੀ. ਸੀ. ਦਾ ਜਨਰਲ ਇਜਲਾਸ ਸੱਦਿਆ ਗਿਆ ਹੈ, ਜਿਸ ਵਿਚ ਪ੍ਰਧਾਨ ਦੀ ਚੋਣ ਦੇ ਨਾਲ-ਨਾਲ ਹੋਰ ਵੀ ਮੁੱਦਿਆਂ 'ਤੇ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਹੋਵੇਗੀ।
ਇਹ ਵੀ ਪੜ੍ਹੋ: Punjab: ਘਰੋਂ ਜੂਸ ਲੈਣ ਲਈ ਗਿਆ ਸੀ ਮਾਪਿਆਂ ਦਾ ਲਾਡਲਾ ਪੁੱਤ, ਖੇਤਾਂ 'ਚ ਮਿਲੀ ਲਾਸ਼ ਨੂੰ ਵੇਖ ਉੱਡੇ ਮਾਪਿਆਂ ਦੇ ਹੋਸ਼
ਦੱਸ ਦਈਏ ਕਿ ਮੌਜੂਦਾ ਹਾਊਸ ’ਚ 149 ਸ਼੍ਰੋਮਣੀ ਕਮੇਟੀ ਮੈਂਬਰ ਅਧਿਕਾਰਿਤ ਤੌਰ ’ਤੇ ਆਪਣੀ ਵੋਟ ਰਾਹੀਂ ਚੋਣ ਕਰਨਗੇ। ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਬੈਠਕ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਆਮ ਬੈਠਕ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਵੇਗੀ, ਜਿੱਥੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਮੀਟਿੰਗ ਵਿੱਚ ਹਾਜ਼ਰ ਹੋਣ ਵਾਲਿਆਂ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਅਤੇ ਕਈ ਅੰਤ੍ਰਿੰਗ ਕਮੇਟੀ ਮੈਂਬਰ ਸ਼ਾਮਲ ਸਨ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਅਤੇ ਸਾਬਕਾ ਮੈਂਬਰ ਸ. ਜਗਜੀਤ ਸਿੰਘ ਬਰਾੜ ਦੇ ਦਿਹਾਂਤ 'ਤੇ ਸ਼ਰਧਾਂਜਲੀ ਭੇਟ ਕਰਨ ਲਈ ਮੂਲ ਮੰਤਰ ਅਤੇ ਗੁਰੂ ਮੰਤਰ ਦਾ ਜਾਪ ਕੀਤਾ ਗਿਆ।
ਅੰਤ੍ਰਿੰਗ ਕਮੇਟੀ ਨੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਖਾਲਸਾ ਪਰੰਪਰਾ ਅਨੁਸਾਰ ਮਨਾਉਣ ਦੇ ਪ੍ਰੋਗਰਾਮ ਨੂੰ ਵੀ ਅੰਤਿਮ ਰੂਪ ਦਿੱਤਾ। ਇਹ ਸ਼ਹੀਦੀ ਪੁਰਬ 23 ਤੋਂ 29 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿੱਚ ਮਨਾਇਆ ਜਾਵੇਗਾ, ਜਿਸ ਦਾ ਮੁੱਖ ਸਮਾਰੋਹ 25 ਨਵੰਬਰ ਨੂੰ ਹੋਵੇਗਾ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਦਾ ਹਿੱਸਾ ਬਣਾਉਣ ਲਈ ਹਿੰਦੂ ਅਤੇ ਹੋਰ ਧਰਮਾਂ ਦੇ ਧਾਰਮਿਕ ਆਗੂਆਂ ਨਾਲ ਵੀ ਬੈਠਕਾਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਨੌਵੇਂ ਗੁਰੂ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਜੀਕੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ ਸ੍ਰੀ ਅੰਮ੍ਰਿਤਸਰ ਤੱਕ ਸਾਈਕਲ ਯਾਤਰਾ ਕੱਢ ਰਹੇ ਹਨ। ਇਹ ਯਾਤਰਾ 15 ਨਵੰਬਰ 2025 ਨੂੰ ਦਿੱਲੀ ਤੋਂ ਸ਼ੁਰੂ ਹੋ ਕੇ 20 ਨਵੰਬਰ 2025 ਨੂੰ ਅੰਮ੍ਰਿਤਸਰ ਪਹੁੰਚੇਗੀ। ਸ਼੍ਰੀਨਗਰ ਦੇ ਮਟਨ ਤੋਂ ਨਗਰ ਕੀਰਤਨ ਸਬੰਧੀ ਪ੍ਰੋਗਰਾਮ ਜੰਮੂ-ਕਸ਼ਮੀਰ ਦੇ ਰਾਜਪਾਲ, ਮੁੱਖ ਮੰਤਰੀ ਅਤੇ ਸਥਾਨਕ ਸਿੱਖ ਨੇਤਾਵਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਜਲਦੀ ਹੀ ਤਿਆਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਫਗਵਾੜਾ 'ਚ ਵੱਡੀ ਵਾਰਦਾਤ! ਪਿਓ ਨੇ ਚਾਕੂ ਮਾਰ-ਮਾਰ ਵਿੰਨ੍ਹ ਦਿੱਤਾ ਪੁੱਤ
ਕਮੇਟੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਦੁਆਰਾ ਗੁਰਬਾਣੀ, ਸਿੱਖ ਇਤਿਹਾਸ, ਧਾਰਮਿਕ ਪ੍ਰਤੀਕਾਂ ਅਤੇ ਗੁਰੂ-ਅਸਥਾਨਾਂ ਦੀ ਬੇਅਦਬੀ ਦੇ ਮਾਮਲਿਆਂ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਐਡਵੋਕੇਟ ਧਾਮੀ ਨੇ ਸਪੱਸ਼ਟ ਕੀਤਾ ਕਿ ਅਜਿਹੇ ਮਾਮਲਿਆਂ ਵਿੱਚ ਵੀਡੀਓ ਆਦਿ ਬਣਾ ਕੇ ਅੱਗੇ ਸਾਂਝਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕੋਈ ਮੁਆਫ਼ੀ ਨਹੀਂ ਦਿੱਤੀ ਜਾਵੇਗੀ। ਅਜਿਹੀਆਂ ਸਿੱਖ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ, ਇਕ ਡਿਜੀਟਲ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ। ਇਸ ਫੋਰਸ ਵਿੱਚ ਸ਼੍ਰੋਮਣੀ ਕਮੇਟੀ ਦਾ ਇੰਟਰਨੈੱਟ ਵਿਭਾਗ, ਆਈ. ਟੀ. ਵਿੰਗ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫਤਿਹਗੜ੍ਹ ਸਾਹਿਬ, ਖਾਲਸਾ ਕਾਲਜ ਪਟਿਆਲਾ, ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫਤਿਹਗੜ੍ਹ ਸਾਹਿਬ ਇਕੱਠੇ ਕੰਮ ਕਰਨਗੇ। ਨਾਲ ਹੀ ਇੰਟਰਨੈੱਟ ਅਤੇ ਸਾਈਬਰ ਅਪਰਾਧ ਦੇ ਕਾਨੂੰਨੀ ਮਾਹਿਰਾਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਏ.ਆਈ. ਤਕਨਾਲੋਜੀ ਦੀਆਂ ਪ੍ਰਮੁੱਖ ਕੰਪਨੀਆਂ ਨਾਲ ਵੀ ਸੰਪਰਕ ਕਰੇਗੀ ਤਾਂ ਜੋ ਸਿੱਖ ਧਰਮ ਨਾਲ ਸਬੰਧਤ ਅਪਮਾਨਜਨਕ ਸਮੱਗਰੀ ਨੂੰ ਰੋਕਿਆ ਜਾ ਸਕੇ। ਕਮੇਟੀ ਗੁਰਬਾਣੀ, ਸਿੱਖ ਸਿਧਾਂਤਾਂ, ਸਿੱਖ ਇਤਿਹਾਸ ਅਤੇ ਆਚਰਣ ਨਾਲ ਸਬੰਧਤ ਇੱਕ ਡਿਜੀਟਲ ਡਾਟਾ ਬੈਂਕ ਵੀ ਤਿਆਰ ਕਰੇਗੀ, ਤਾਂ ਜੋ ਇੰਟਰਨੈੱਟ 'ਤੇ ਪ੍ਰਮਾਣਿਕ ਜਾਣਕਾਰੀ ਉਪਲਬਧ ਹੋ ਸਕੇ। ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਵੀਡੀਓ ਅਤੇ ਸਮੱਗਰੀ ਨੂੰ ਅੱਗੇ ਸਾਂਝਾ ਨਾ ਕਰਨ, ਅਤੇ ਨਾਲ ਹੀ ਸਰਕਾਰਾਂ ਨੂੰ ਧਰਮ ਵਿਰੁੱਧ ਏ. ਆਈ. ਸਮੱਗਰੀ ਨੂੰ ਰੋਕਣ ਲਈ ਦੰਡਕਾਰੀ ਕਾਨੂੰਨ ਬਣਾਉਣ ਲਈ ਕਿਹਾ।
ਇਸ ਦੌਰਾਨ, ਜੰਮੂ-ਕਸ਼ਮੀਰ ਦੇ ਪਿੰਡ ਕੌਲਪੁਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਸਾੜ ਕੇ ਕੀਤੀ ਗਈ ਬੇਅਦਬੀ 'ਤੇ ਵੀ ਡੂੰਘੀ ਚਿੰਤਾ ਪ੍ਰਗਟਾਈ ਗਈ ਅਤੇ ਸਰਕਾਰ ਤੋਂ ਦੋਸ਼ੀਆਂ ਵਿਰੁੱਧ ਸਖ਼ਤ ਸਜ਼ਾ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ। ਐਡਵੋਕੇਟ ਧਾਮੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਉਹ ਕੱਲ੍ਹ 14 ਅਕਤੂਬਰ ਨੂੰ ਇਕ ਪ੍ਰਤੀਨਿਧੀ ਮੰਡਲ ਨਾਲ ਪਟਿਆਲਾ ਜੇਲ੍ਹ ਵਿੱਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਸ਼੍ਰੋਮਣੀ ਕਮੇਟੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਅਤੇ ਅੱਜ ਦੀ ਬੈਠਕ ਵਿੱਚ ਰਾਹਤ ਸੇਵਾਵਾਂ ਦੀ ਸਮੀਖਿਆ ਕੀਤੀ ਗਈ। ਸ਼ੁਰੂਆਤੀ ਪੜਾਅ ਵਿੱਚ ਵੱਡੇ ਪੱਧਰ 'ਤੇ ਲੰਗਰ, ਜ਼ਰੂਰੀ ਵਸਤਾਂ, ਮੈਡੀਕਲ ਸਹੂਲਤਾਂ ਅਤੇ ਡੀਜ਼ਲ ਮੁਹੱਈਆ ਕਰਵਾਇਆ ਗਿਆ ਸੀ। ਹੁਣ, ਕਮੇਟੀ ਵੱਲੋਂ ਕਿਸਾਨਾਂ ਨੂੰ ਮਿਆਰੀ ਬੀਜ ਉਪਲੱਬਧ ਕਰਾਉਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ।
10 ਏਕੜ ਤੋਂ ਘੱਟ ਜ਼ਮੀਨ ਵਾਲੇ ਪ੍ਰਭਾਵਿਤ ਕਿਸਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ, ਗੁਰਦੁਆਰਾ ਬਾਬਾ ਬੁੱਢਾ ਜੀ ਰਾਮਦਾਸ, ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਅਤੇ ਗੁਰਦੁਆਰਾ ਸ੍ਰੀ ਜਾਮਣੀ ਸਾਹਿਬ ਬਜੀਦਪੁਰ ਫਿਰੋਜ਼ਪੁਰ ਵਿਖੇ ਸਥਾਪਿਤ ਕੀਤੇ ਗਏ ਕੇਂਦਰਾਂ 'ਤੇ ਆਪਣਾ ਨਾਂ ਦਰਜ ਕਰਵਾ ਸਕਦੇ ਹਨ। ਇਸ ਤੋਂ ਇਲਾਵਾ, ਜਿਨ੍ਹਾਂ ਗੁਰੂ ਘਰਾਂ ਵਿੱਚ ਪਾਣੀ ਦਾਖਲ ਹੋ ਗਿਆ ਸੀ, ਉਨ੍ਹਾਂ ਦੀਆਂ ਸੂਚੀਆਂ ਪ੍ਰਚਾਰਕਾਂ ਰਾਹੀਂ ਤਿਆਰ ਕਰਵਾਈਆਂ ਜਾ ਰਹੀਆਂ ਹਨ ਅਤੇ ਗੁਰਦੁਆਰਾ ਸਬੀਹਾਨ ਨੂੰ ਜਲਦੀ ਹੀ 50,000 ਰੁਪਏ ਦੀ ਸਹਾਇਤਾ ਰਾਸ਼ੀ ਭੇਜ ਦਿੱਤੀ ਜਾਵੇਗੀ। ਪ੍ਰਸ਼ਾਸਕੀ ਪੱਧਰ 'ਤੇ, ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਨੂੰ 3% ਮਹਿੰਗਾਈ ਭੱਤਾ ਦੇਣ ਦਾ ਫ਼ੈਸਲਾ ਕੀਤਾ ਗਿਆ ਅਤੇ ਗੁਰੂ ਨਾਨਕ ਖਾਲਸਾ ਕਾਲਜ ਮਾਟੁੰਗਾ, ਮੁੰਬਈ ਨੂੰ ਯੂਨੀਵਰਸਿਟੀ ਵਿੱਚ ਬਦਲਣ ਦੀ ਵੀ ਮਨਜ਼ੂਰੀ ਦਿੱਤੀ ਗਈ।
ਇਹ ਵੀ ਪੜ੍ਹੋ: ਜਲੰਧਰ 'ਚ ਮਸ਼ਹੂਰ ਢਾਬਾ ਮਾਲਕ ਦੇ ਭਰਾ ਨੇ ਕੀਤੀ ਖ਼ੁਦਕੁਸ਼ੀ, ਦੋ ਦਿਨ ਪਹਿਲਾਂ ਹੀ ਵਿਦੇਸ਼ੋਂ ਪਰਤੀ ਸੀ ਧੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੈਵਲ ਏਜੰਟ ਵਲੋਂ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ 7 ਲੱਖ 27 ਹਜ਼ਾਰ ਠੱਗੇ
NEXT STORY