ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੈਪਟਨ ਸਰਕਾਰ 'ਤੇ ਖੂਬ ਰਗੜੇ ਲਾਏ। ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ, ਕੇਂਦਰ ਸਰਕਾਰ ਨਾਲ ਮਿਲ ਕੇ ਦੋਸਤਾਨਾ ਮੈਚ ਖੇਡ ਰਹੀ ਹੈ। ਮਜੀਠੀਆ ਨੇ ਕਿਹਾ ਕਿ ਕੈਪਟਨ ਸਰਕਾਰ ਦੀ ਮਨਸ਼ਾ ਸਾਫ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਆਪਣੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਦੱਸ ਚੁੱਕੇ ਹਨ ਕਿ ਇਨ੍ਹਾਂ ਦੀ ਚਾਬੀ ਦਿੱਲੀ ਤੋਂ ਹਿੱਲਦੀ ਹੈ ਅਤੇ ਇਸ ਸਰਕਾਰ ਨੇ ਜੋ ਵੀ ਕਰਨਾ ਹੈ, ਦਿੱਲੀ ਦੀ ਸਰਕਾਰ ਦੇ ਇਸ਼ਾਰੇ 'ਤੇ ਹੀ ਕਰਨਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਸੱਦਿਆ ਗਿਆ ਸੀ ਪਰ ਪਹਿਲੇ ਦਿਨ ਇਨ੍ਹਾਂ ਬਿੱਲਾਂ ਨੂੰ ਨਾ ਪੇਸ਼ ਕਰਕੇ ਪੰਜਾਬ ਦੀ ਕਾਂਗਰਸ ਸਰਕਾਰ ਸਿਰਫ ਦਿੱਲੀ ਦਰਬਾਰ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜਦੀ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਕਾਂਗਰਸ ਕਿਸਾਨਾਂ ਦੇ ਹੱਕ 'ਚ ਹੁੰਦੀ ਤਾਂ ਅੱਜ ਬਿੱਲ ਵਿਧਾਨ ਸਭਾ 'ਚ ਪੇਸ਼ ਕੀਤਾ ਜਾਂਦਾ ਪਰ ਅਜਿਹਾ ਨਹੀਂ ਕੀਤਾ ਜਾ ਰਿਹਾ।
ਮਜੀਠੀਆ ਨੇ ਕੈਪਟਨ ਨੂੰ ਵੰਗਾਰਦਿਆਂ ਕਿਹਾ ਕਿ ਕੇਂਦਰ ਨਾਲ ਰਲ ਕੇ ਪੰਜਾਬ ਕਾਂਗਰਸ ਨੂੰ ਅਕਾਲੀ ਦਲ ਫਿਕਸ ਮੈਚ ਨਹੀਂ ਖੇਡਣ ਦੇਵੇਗਾ ਅਤੇ ਪੰਜਾਬ ਦੇ ਨੌਜਵਾਨਾਂ ਅਤੇ ਕਿਸਾਨਾਂ ਨਾਲ ਧੋਖਾ ਨਹੀਂ ਕਰਨ ਦੇਵੇਗਾ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਅਤੇ ਕਿਸਾਨਾਂ ਨੂੰ ਬੇਵਕੂਫ ਬਣਾਉਣ ਦੀ ਜੋ ਸਾਜਿਸ਼ ਰਚੀ ਜਾ ਰਹੀ ਹੈ, ਉਸ ਨੂੰ ਅਕਾਲੀ ਦਲ ਵੱਲੇ ਜੱਗ-ਜ਼ਾਹਰ ਕੀਤਾ ਜਾਵੇਗਾ।
ਜਲੰਧਰ: ਯੂਕੋ ਬੈਂਕ 'ਚ ਹੋਈ ਵੱਡੀ ਵਾਰਦਾਤ ਦਿਹਾਤੀ ਪੁਲਸ ਵੱਲੋਂ ਟਰੇਸ, ਇਕ ਮੁਲਜ਼ਮ ਗ੍ਰਿਫ਼ਤਾਰ
NEXT STORY