ਸੰਗਰੂਰ (ਬੇਦੀ/ਹਨੀ ਕੋਹਲੀ) : ਪੰਜਾਬ ਸਰਕਾਰ ਨੂੰ ਹਰ ਫ਼ਰੰਟ 'ਤੇ ਫੇਲ ਕਰਾਰ ਦਿੰਦਿਆਂ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਢਾਈ ਸਾਲਾਂ ਦੇ ਰਾਜ 'ਚ ਸੂਬੇ 'ਚ ਜੇਕਰ ਕਿਸੇ ਚੀਜ਼ ਦਾ ਵਿਕਾਸ ਹੋਇਆ ਹੈ ਤਾਂ ਉਹ ਹੈ ਭ੍ਰਿਸ਼ਟਾਚਾਰ ਅਤੇ ਗੁੰਡਾਗਰਦੀ ਹੈ। ਸੰਗਰੂਰ ਵਿਖੇ ਅਕਾਲੀ ਦਲ ਦੀ ਰੈਲੀ 'ਚ ਪੁੱਜੇ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਕੈਪਟਨ ਸਰਕਾਰ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈਆਂ ਹਨ। ਉਹ ਆਪਣੀਆਂ ਨਾਕਾਮੀਆਂ 'ਤੇ ਪਰਦਾ ਪਾਉਣ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀਆਂ ਹਨ।
ਕਾਂਗਰਸ ਅਤੇ ਆਪ ਦੇ ਆਪਸ 'ਚ ਮਿਲੇ ਹੋਏ ਹੋਣ ਦਾ ਦੋਸ਼ ਲਾਉਂਦਿਆਂ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਇੱਕੋਂ ਸਿੱਕੇ ਦੇ ਦੋ ਪਹਿਲੂ ਹਨ ਅਤੇ ਦੋਵੇਂ ਪਾਰਟੀਆਂ ਅਕਾਲੀ ਦਲ ਅਤੇ ਭਾਜਪਾ ਨੂੰ ਹਰਾਉਣ ਲਈ ਬੀ ਟੀਮ ਦਾ ਰੋਲ ਨਿਭਾਅ ਰਹੀਆਂ ਹਨ। ਪਰਮਿੰਦਰ ਸਿੰਘ ਢੀਂਡਸਾ ਦੀ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰੀ ਬਾਰੇ ਮਜੀਠੀਆ ਨੇ ਕਿਹਾ ਕਿ ਉਮੀਦਵਾਰ ਦਾ ਐਲਾਨ ਪਾਰਟੀ ਹਾਈਕਮਾਂਡ ਨੇ ਕਰਨਾ ਹੈ ਪਰ ਪਰਮਿੰਦਰ ਸਿੰਘ ਢੀਂਡਸਾ ਅਜਿਹੇ ਇਨਸਾਨ ਹਨ ਜੋ ਪੰਜਾਬ ਦੇ ਮੁੱਦਿਆਂ ਪ੍ਰਤੀ ਗੰਭੀਰਤਾ ਰੱਖਦੇ ਹਨ ਅਤੇ ਪੰਜਾਬ ਦੇ ਲੋਕਾਂ ਦੇ ਹਰ ਦਰਦ ਨੂੰ ਮਹਿਸੂਸ ਕਰਦੇ ਹਨ ਅਤੇ ਹਰ ਮਾਮਲੇ ਦੇ ਹੱਲ ਲਈ ਤਿਆਰ ਰਹਿੰਦੇ ਹਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਬਾਬੂ ਪ੍ਰਕਾਸ਼ ਚੰਦ ਗਰਗ, ਵਿਨਰਜੀਤ ਸਿੰਘ ਗੋਲਡੀ ਆਦਿ ਹਾਜ਼ਰ ਸਨ।
ਕਤਲ ਹੋਏ ਅਕਾਲੀ ਆਗੂ ਦੇ ਘਰ ਪੁੱਜੇ ਮਜੀਠੀਆ, ਸਾਂਝਾ ਕੀਤਾ ਦੁੱਖ
NEXT STORY