ਚੰਡੀਗੜ੍ਹ - ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇਥੇ ਵਿਭਾਗ ਦੇ ਅਧਿਕਾਰੀਆਂ ਨਾਲ ਤਕਨੀਕੀ ਸਿੱਖਿਆ ਦੇ ਖੇਤਰ ਵਿਚ ਸੁਧਾਰ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ ਦੀ ਜਾਇਜ਼ਾ ਮੀਟਿੰਗ ਕੀਤੀ। ਇਸ ਮੌਕੇ ਚੰਨੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਤਕਨੀਕੀ ਸਿੱਖਿਆ ਵਿਭਾਗ ਅਤੇ ਬੋਰਡ ਨਾਲ ਜੁੜੇ ਹੋਏ ਹਰ ਅਦਾਰੇ ਨੂੰ ਤੁਰੰਤ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਆਗਾਮੀ ਅਕਾਦਮਿਕ ਸੈਸ਼ਨ ਤੋਂ ਪਹਿਲਾਂ ਪਹਿਲਾਂ ਤਕਨੀਕੀ ਸਿੱਖਿਆ ਸੰਸਥਾਵਾਂ, ਪੋਲੀਟੈਕਨਿਕ ਕਾਲਜ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਵਿਚ ਸੀ. ਸੀ. ਟੀ. ਵੀ. ਕੈਮਰੇ ਅਤੇ ਵਿਦਿਆਰਥੀਆਂ ਦੀ ਬਾਇਓ ਮੀਟ੍ਰਿਕ ਹਾਜ਼ਰੀ ਸਿਸਟਮ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਰਫ ਉਨ੍ਹਾਂ ਅਦਾਰਿਆਂ ਨੂੰ ਐੱਸ. ਸੀ. ਸਕਾਲਰਸ਼ਿਪ ਦਾ ਲਾਭ ਦਿੱਤਾ ਜਾਵੇਗਾ ਜੋ ਇਸ ਸਿਸਟਮ ਰਾਹੀਂ ਆਨਲਾਈਨ ਤਕਨੀਕੀ ਸਿੱਖਿਆ ਵਿਭਾਗ ਨਾਲ ਜੁੜਨਗੇ।
ਚੰਨੀ ਨੇ ਸਪੱਸ਼ਟ ਕੀਤਾ ਕਿ ਸੀ. ਸੀ. ਟੀ. ਵੀ. ਕੈਮਰੇ ਅਤੇ ਬਾਇਓ ਮੀਟ੍ਰਿਕ ਹਾਜ਼ਰੀ ਸਿਸਟਮ ਨੂੰ ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ ਦੋਵਾਂ ਵਿਚ ਹੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਿਸਟਮ ਦੇ ਲਾਗੂ ਹੋਣ ਨਾਲ ਜਿਥੇ ਫਰਜ਼ੀ ਦਾਖਲਿਆਂ ਨੂੰ ਨਕੇਲ ਪਵੇਗੀ, ਉਥੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਇਮਤਿਹਾਨ ਹੋਣ ਨਾਲ ਨਕਲ ਨੂੰ ਵੀ ਪੂਰੀ ਤਰ੍ਹਾਂ ਨਾਲ ਠੱਲ ਪਵੇਗੀ। ਉਨ੍ਹਾਂ ਕਿਹਾ ਕਿ ਅਜਿਹਾ ਢਾਂਚਾ ਖੜ੍ਹਾ ਕਰਨ ਦਾ ਪੰਜਾਬ ਸਰਕਾਰ ਦਾ ਮੁੱਖ ਮਕਸਦ ਸਿੱਖਿਆ ਦੇ ਮਿਆਰ ਨੂੰ ਉਚਾ ਚੁਕਣਾ ਹੈ। ਚੰਨੀ ਨੇ ਸਬੰਧਤ ਅਧਿਕਾਰੀਆਂ ਨੂੰ 2018 ਤੱਕ ਦੇ ਵਿਜ਼ਨ ਦਾ ਖਰੜਾ ਤਿਆਰ ਕਰਕੇ ਪੇਸ਼ ਕਰਨ ਲਈ ਵੀ ਕਿਹਾ।
ਲਾਲਾ ਜਗਤ ਨਾਰਾਇਣ ਜੀ ਦੀ ਬਰਸੀ ਅੱਜ, 29 ਥਾਵਾਂ 'ਤੇ ਲੱਗਣਗੇ ਖੂਨਦਾਨ ਕੈਂਪ
NEXT STORY