ਜਲੰਧਰ(ਵੈੱਬ ਡੈਸਕ, ਰਾਕੇਸ਼ ਰੌਕੀ): ਭਦੌੜ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉਗੋਕੇ ਨੇ ਵੱਡੀ ਜਿੱਤ ਹਾਸਲ ਕਰਕੇ ਇਤਿਹਾਸ ਰਚ ਦਿੱਤਾ ਹੈ। ਲਾਭ ਸਿੰਘ ਨੇ ਕਾਂਗਰਸ ਦੇ ਕਾਰਜਕਾਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 37 ਹਜ਼ਾਰ ਤੋਂ ਵਧੇਰੇ ਵੋਟਾਂ ਦੇ ਫ਼ਰਕ ਨਾਲ ਹਰਾਇਆ ਹੈ। ਛੋਟੀ ਉਮਰੇ ਇੰਨੀ ਵੱਡੀ ਜਿੱਤ ਹਾਸਲ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ’ਤੇ ਇਸ ਮੌਕੇ ਬਹੁਤ ਵੱਡੀ ਜ਼ਿੰਮੇਵਾਰੀ ਆ ਗਈ ਹੈ। ਪੜ੍ਹੋ ਪਹਿਲੀ ਵਾਰ ਚੋਣ ਮੈਦਾਨ ’ਚ ਆਉਣ ਅਤੇ ਵੱਡੀ ਜਿੱਤ ਹਾਸਲ ਕਰਨ ਵਾਲੇ ਲਾਭ ਸਿੰਘ ਦੇ ਜੀਵਨ ਬਾਰੇ ਅਹਿਮ ਗੱਲਾਂ -
ਲਾਭ ਸਿੰਘ ਉਗੋਕੇ ਦਾ ਜਨਮ 6 ਅਕਤੂਬਰ 1986 ਨੂੰ ਭਦੌੜ ਦੇ ਪਿੰਡ ਉਗੋਕੇ ’ਚ ਹੋਇਆ। ਉਨ੍ਹਾਂ ਦੇ ਪਿਤਾ ਦਾ ਨਾਮ ਸ. ਦਰਸ਼ਨ ਸਿੰਘ ਹੈ ਜੋ ਟਰੈਕਟਰ ਡਰਾਈਵਰ ਹਨ ਅਤੇ ਮਜ਼ਦੂਰੀ ਕਰਦੇ ਹਨ। ਉਨ੍ਹਾਂ ਦੀ ਮਾਤਾ ਜੀ ਸਕੂਲ ’ਚ ਸਫ਼ਾਈ ਕਰਮਚਾਰੀ ਦੇ ਤੌਰ ’ਤੇ ਕੰਮ ਕਰਦੇ ਹਨ। ਲਾਭ ਸਿੰਘ ਦਾ 1 ਭਰਾ ਅਤੇ 1 ਵੱਡੀ ਭੈਣ ਹੈ। ਭੈਣ ਵਿਆਹੀ ਹੋਈ ਹੈ ਭਰਾ ਭਾਰਤੀ ਫ਼ੌਜ ’ਚੋਂ 2 ਮਹੀਨੇ ਪਹਿਲਾਂ ਸੇਵਾ ਮੁਕਤ ਹੋ ਕੇ ਘਰ ਪਰਤੇ ਹਨ। ਲਾਭ ਸਿੰਘ ਦਾ 2010 ’ਚ ਵਿਆਹ ਹੋਇਆ ਸੀ। ਉਨ੍ਹਾਂ ਦੀ ਪਤਨੀ ਘਰ ’ਚ ਹੀ ਸਿਲਾਈ ਦਾ ਕੰਮ ਕਰਦੀ ਹੈ। ਇਨ੍ਹਾਂ ਦੇ 2 ਬੱਚੇ ਹਨ।
ਇਹ ਵੀ ਪੜ੍ਹੋ: ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਖੁੱਡੀਆਂ ਦਾ ਵੱਡਾ ਬਿਆਨ
ਲਾਭ ਸਿੰਘ ਨੇ ਆਪਣੀ ਮੁੱਢਲੀ ਸਿੱਖਿਆ ਆਪਣੇ ਪਿੰਡ ਤੋਂ ਹੀ ਪ੍ਰਾਪਤ ਕੀਤੀ। ਅੱਠਵੀਂ ਤੱਕ ਦੀ ਸਿੱਖਿਆ ਮਗਰੋਂ ਸੁਖਪੁਰੇ ਤੋਂ 12 ਵੀਂ ਕੀਤੀ। ਉਪਰੰਤ ਬਰਨਾਲਾ ਜ਼ਿਲ੍ਹੇ ਤੋਂ ਪਲੰਬਰ ਦਾ ਸ਼ਾਰਟ ਟਰਮ ਕੋਰਸ ਵੀ ਕੀਤਾ। ਮੌਜੂਦਾ ਸਮੇਂ ਲਾਭ ਸਿੰਘ ਮੋਬਾਇਲ ਰਿਪੇਅਰਿੰਗ ਦੀ ਦੁਕਾਨ ਚਲਾਉਂਦੇ ਹਨ। ਲਾਭ ਸਿੰਘ 2013 ’ਚ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਸਨ। ਪਾਰਟੀ 'ਚ ਸ਼ਾਮਲ ਹੋਣ ਮਗਰੋਂ ਉਨ੍ਹਾਂ ਨੂੰ ਐੱਸੀ.ਸੀ. ਵਿੰਗ ਦਾ ਸਰਕਲ ਇੰਚਾਰਜ ਬਣਾਇਆ ਗਿਆ ਸੀ ਅਤੇ ਫਿਰ ਉਨ੍ਹਾਂ ਦੀ ਮਿਹਨਤ ਨੂੰ ਵੇਖਦਿਆਂ ਪਾਰਟੀ ਨੇ ਜ਼ਿਲ੍ਹਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ। ਲਾਭ ਸਿੰਘ ਦੀ ਮਿਹਨਤ ਨੂੰ ਵੇਖਦਿਆਂ ਪਾਰਟੀ ਨੇ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰਨ ਦਾ ਫ਼ੈਸਲਾ ਕੀਤਾ ਜਿਸ 'ਤੇ ਲਾਭ ਸਿੰਘ ਖ਼ਰੇ ਉਤਰੇ। ਮੁੱਖ ਮੰਤਰੀ ਚੰਨੀ ਵੱਲੋਂ ਭਦੌੜ ਹਲਕੇ ਤੋਂ ਚੋਣ ਲੜਨ ਦੇ ਐਲਾਨ ਨਾਲ ਹੀ ਇਹ ਸੀਟ ਪੰਜਾਬ ਦੀਆਂ ਹੌਟ ਸੀਟਾਂ ਵਿੱਚੋਂ ਇਕ ਬਣ ਗਈ ਸੀ। ਬੀਤੇ ਦਿਨ ਇਕ ਆਮ ਘਰ ਦੇ ਮੁੰਡੇ ਨੇ ਚਰਨਜੀਤ ਸਿੰਘ ਚੰਨੀ ਨੂੰ ਹਰਾ ਕੇ ਸਭ ਨੂੰ ਹੈਰਾਨ ਕਰ ਦਿੱਤਾ ਅਤੇ ਇਤਿਹਾਸ ਰਚਦਿਆਂ ਪੰਜਾਬ ਦੀ ਰਾਜਨੀਤੀ ਦੇ ਨਵੇਂ ਸਮੀਕਰਨ ਸਿਰਜ ਹਨ। ਲਾਭ ਸਿੰਘ ਉਗੋਕੇ ਨੂੰ 63967 ਵੋਟਾਂ ਮਿਲੀਆਂ ਜਦਕਿ ਚਰਨਜੀਤ ਸਿੰਘ ਚੰਨੀ ਨੂੰ 26409 ਵੋਟਾਂ ਹੀ ਮਿਲੀਆਂ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਦੀ ਵੱਡੀ ਹਾਰ ਤੋਂ ਬਾਅਦ ਪਾਰਟੀ ’ਚ ਉੱਠੀ ਬਗਾਵਤ
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 'ਚ ਹੂੰਝਾ ਫੇਰ ਜਿੱਤ ਮਗਰੋਂ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਦਿੱਲੀ ਵਿਖੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਅੱਜ ਮੁਲਾਕਾਤ ਕੀਤੀ। ਇਸ ਦੌਰਾਨ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸਹੁੰ ਚੁੱਕ ਸਮਾਗਮ 16 ਮਾਰਚ ਨੂੰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ’ਚ ਹੋਵੇਗਾ। ਇਸ ਤੋਂ ਪਹਿਲਾਂ ਭਗਵੰਤ ਮਾਨ ਕੱਲ੍ਹ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਇਕ ਰੋਡ ਸ਼ੋਅ ਵੀ ਹੋਵੇਗਾ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ 13 ਮਾਰਚ ਨੂੰ ਅੰਮ੍ਰਿਤਸਰ ਵਿਖੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਰੋਡ ’ਤੇ ਉੱਤਰ ਕੇ ਪੰਜਾਬ ਦੇ ਵੋਟਰਾਂ ਦਾ ਧੰਨਵਾਦ ਕਰਨ ਲਈ ਇਕ ਰੋਡ ਸ਼ੋਅ ਵੀ ਕਰਨਗੇ।
ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ
ਭਗਵੰਤ ਮਾਨ ਵਲੋਂ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਦੀ ਤਾਰੀਖ਼ ਦਾ ਐਲਾਨ
NEXT STORY