ਮੋਹਾਲੀ (ਨਿਆਮੀਆਂ) : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਅਤੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦੀ ਰੱਦ ਕਰ ਕੇ ਉਸ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਦੇਸ਼ ਦੀਆਂ ਵੱਖ-ਵੱਖ ਜੇਲ 'ਚ ਨਜ਼ਰਬੰਦ ਬਾਕੀ ਬੰਦੀ ਸਿੰਘਾਂ ਦੀ ਰਿਹਾਈ ਦੀ ਜ਼ੋਰਦਾਰ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਸਿੱਖ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਹਨ ਪਰ ਹਾਲੇ ਵੀ ਜੇਲਾਂ 'ਚ ਬੰਦ ਹਨ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਜਿਨ੍ਹਾਂ ਦੀਆਂ ਸਜ਼ਾਵਾਂ ਬਾਕੀ ਰਹਿੰਦੀਆਂ ਹਨ, ਉਨ੍ਹਾਂ ਨੂੰ ਰਾਹਤ ਦਿੱਤੀ ਜਾਵੇ ਤਾਂ ਜੋ ਇਹ ਸਾਰੇ ਸਿੱਖ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਵਿਚ ਸ਼ਮੂਲੀਅਤ ਕਰ ਸਕਣ। ਇੱਥੇ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਿਹੜੀ ਕਾਲੀ ਸੂਚੀ ਖ਼ਤਮ ਕਰਨ ਦੀ ਗੱਲ ਕਹੀ ਜਾ ਰਹੀ, ਇਹ ਸੂਚੀ ਜਨਤਕ ਹੋਣੀ ਚਾਹੀਦੀ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਇਹ ਲੋਕ ਕਾਲੀ ਸੂਚੀ 'ਚੋਂ ਬਾਹਰ ਕੱਢ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਜੇਲਾਂ 'ਚੋਂ ਰਿਹਾਅ ਹੋਣ ਤੋਂ ਬਾਅਦ ਕਿਸੇ ਵੀ ਸਿੱਖ ਨੂੰ ਕੌੜੀ ਅੱਖ ਨਾਲ ਨਾ ਦੇਖਿਆ ਜਾਵੇ ਅਤੇ ਨਾ ਹੀ ਭਾਰਤ ਦੀਆਂ ਖੁਫ਼ੀਆ ਜਾਂ ਸੁਰੱਖਿਆ ਏਜੰਸੀਆਂ ਵੱਲੋਂ ਉਨ੍ਹਾਂ ਦੀਆਂ ਪੈੜਾਂ ਨੱਪੀਆਂ ਜਾਣ। ਉਨ੍ਹਾਂ ਕਿਹਾ ਕਿ ਸਬੰਧਤ ਸਿੱਖਾਂ ਦੀ ਸ਼ੱਕੀ ਦਹਿਸ਼ਤਗਰਦਾਂ ਵਾਂਗ ਨਜ਼ਰਸਾਨੀ ਨਾ ਕੀਤੀ ਜਾਵੇ। ਬੀਰਦਵਿੰਦਰ ਸਿੰਘ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਨੂੰ ਵੀ ਹੁਣ ਕਿਸੇ ਕਿਸਮ ਦਾ ਵਿਰੋਧ ਨਹੀਂ ਕਰਨਾ ਚਾਹੀਦਾ ਹੈ ਕਿਉਂਕਿ ਸਮਾਂ ਬਹੁਤ ਅੱਗੇ ਨਿਕਲ ਗਿਆ ਹੈ। ਇਸ ਲਈ ਬੇਅੰਤ ਪਰਿਵਾਰ ਨੂੰ ਫਰਾਖਦਿਲੀ ਦਾ ਸਬੂਤ ਦੇਣਾ ਚਾਹੀਦਾ ਹੈ, ਜਿਵੇਂ ਕਿ ਰਾਜੀਵ ਗਾਂਧੀ ਦੇ ਪਰਿਵਾਰ ਸੋਨੀਆ, ਰਾਹੁਲ ਅਤੇ ਪ੍ਰਿਯੰਕਾ ਨੇ ਉਨ੍ਹਾਂ ਦੇ ਕਾਤਲਾਂ ਨੂੰ ਰਿਹਾਅ ਕਰਨ ਸਮੇਂ ਦਿਖਾਈ ਸੀ। ਉਨ੍ਹਾਂ ਦੱਸਿਆ ਕਿ ਇੰਝ ਹੀ ਓਡਿਸ਼ਾ ਵਿਚ ਜਿਊਂਦਾ ਸਾੜਨ ਦੇ ਮਾਮਲੇ ਵਿਚ ਮਰਹੂਮ ਪਾਦਰੀ ਦੀ ਪਤਨੀ ਨੇ ਕਾਤਲਾਂ ਨੂੰ ਮੁਆਫ਼ ਕਰ ਦਿੱਤਾ ਸੀ। ਇਸ ਲਈ ਹੁਣ ਸਾਰੀ ਕੌਮ ਚਾਹੁੰਦੀ ਹੈ ਕਿ ਇਹ ਸਾਰੇ ਜ਼ਖ਼ਮ ਭਰ ਜਾਣੇ ਚਾਹੀਦੇ ਹਨ।
ਮੁਕਤਸਰ 'ਚ ਕਾਂਗਰਸੀਆਂ ਦਾ ਵਧਿਆ ਕਾਟੋ ਕਲੇਸ਼, ਸ਼ਰਨਜੀਤ ਖਿਲਾਫ ਪਰਚਾ
NEXT STORY