ਮੋਹਾਲੀ (ਮਰਵਾਹਾ/ਪਰਦੀਪ) : ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਵਿਚ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮਾਣਯੋਗ ਹਾਈਕੋਰਟ ਦੇ ਫ਼ੈਸਲੇ ਵਿਚ ਕੈਪਟਨ ਦੇ ਚਹੇਤੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਕਾਰਾਤਮਕ ਭੂਮਿਕਾ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਬਜਾਏ ਉਨ੍ਹਾਂ ਦੇ ਬਚਾਓ ਕਰਨ ਵਾਲੇ ਪੱਖ ਵਿਚ ਰਹੀ ਹੈ।
ਉਨ੍ਹਾਂ ਕਿਹਾ ਕਿ ਅੱਜ ਸੁਖਬੀਰ ਸਿੰਘ ਬਾਦਲ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਚੈਲੰਜ ਕਰ ਰਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿਚ ਜੇ ਵਿਰੋਧੀ ਪਾਰਟੀਆਂ ਕੋਲ ਉਨ੍ਹਾਂ ਦੇ ਜਾਂ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੇ ਖ਼ਿਲਾਫ਼ ਕੋਈ ਸਬੂਤ ਹਨ ਤਾਂ ਜਨਤਾ ਵਿਚ ਪੇਸ਼ ਕੀਤੇ ਜਾਣ। ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਇਹ ਦਮਗਜਾ ਉਸ ਵੇਲੇ ਮਾਰਿਆ ਹੈ, ਜਦੋਂ ਉਸ ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਪੁਖ਼ਤਾ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੀ ਸਰਕਾਰ ਮਾਣਯੋਗ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਨਹੀਂ ਦੇਵੇਗੀ।
ਇਸ ਲਈ ਬੇਅਦਬੀ ਦੇ ਮਾਮਲੇ ’ਤੇ ਕਾਂਗਰਸ ਦੇ ਵਜ਼ੀਰਾਂ, ਵਿਧਾਇਕਾਂ ਅਤੇ ਮੈਂਬਰ ਪਾਰਲੀਮੈਂਟਾਂ ਨੂੰ ਕੈਪਟਨ ਅਮਰਿੰਦਰ ਸਿੰਘ ’ਤੇ ਦਬਾਅ ਬਣਾਉਣਾ ਚਾਹੀਦਾ ਹੈ ਕਿ ਸਰਕਾਰ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਵੇ। ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਤੋਂ ਇਸ ਗੱਲ ਦਾ ਜਵਾਬ ਮੰਗਣ ਕਿ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਣ ਦੇ ਐਲਾਨ ਤੋਂ ਬਾਅਦ ਆਖ਼ਰ ਅਜਿਹਾ ਕੀ ਹੋਇਆ ਕਿ ਕੈਪਟਨ ਆਪਣੇ ਐਲਾਨ ਤੋਂ ਹੀ ਮੁੱਕਰ ਗਏ ਅਤੇ ਉਲਟਾ ਨਵੀਂ ਸਿਟ ਬਣਾ ਕੇ ਮਾਮਲੇ ਦੀ ਤਫਤੀਸ਼ ਲਈ 6 ਮਹੀਨੇ ਦਾ ਹੋਰ ਸਮਾਂ ਦੇ ਦਿੱਤਾ।
ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਉਹ ਇਹ ਮਹਿਸੂਸ ਕਰਦੇ ਹਨ ਕਿ ਸੁਖਬੀਰ ਸਿੰਘ ਬਾਦਲ ਦੀਆਂ ਫੋਕੀਆਂ ਬੜ੍ਹਕਾਂ ਦੇ ਪਿੱਛੇ ਕੈਪਟਨ ਅਮਰਿੰਦਰ ਸਿੰਘ ਦੀ ਹੱਲਾਸ਼ੇਰੀ ਹੀ ਹੈ, ਇਸ ਬਲਬੂਤੇ 'ਤੇ ਹੀ ਉਹ ਵਿਰੋਧੀ ਪਾਰਟੀਆਂ ਨੂੰ ਸਬੂਤ ਪੇਸ਼ ਕਰਨ ਲਈ ਚੁਣੌਤੀ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਬਣਦਾ ਤਾਂ ਇਹ ਸੀ ਕਿ ਕੈਪਟਨ ਅਮਰਿੰਦਰ ਸਿੰਘ ਖ਼ੁਦ ਸੁਖਬੀਰ ਸਿੰਘ ਬਾਦਲ ਦੀ ਚੁਣੌਤੀ ਸਵੀਕਾਰ ਕਰ ਕੇ ਉਨ੍ਹਾਂ ਖ਼ਿਲਾਫ਼ ਇਕੱਠੇ ਕੀਤੇ ਗਏ ਸਬੂਤ ਜਨਤਕ ਕਰਦੇ, ਪਰ ਉਹ ਤਾਂ ਉਲਟਾ ਬਾਦਲਾਂ ਦੇ ਗੁਨਾਹਾਂ ਨੂੰ ਢੱਕਣ ਲਈ ਪਰਦਾਪੋਸ਼ੀ ਕਰ ਰਹੇ ਹਨ।
ਬੀਰ ਦਵਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਚੈਲੰਜ ਕੀਤਾ ਕਿ ਜੇ ਹਿੰਮਤ ਹੈ ਤਾਂ 1 ਜੂਨ ਨੂੰ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਚ ਆ ਜਾਵੋ, ਜਿੱਥੋਂ ਉਨ੍ਹਾਂ ਦੇ ਗ੍ਰਹਿ ਮੰਤਰੀ ਹੁੰਦਿਆਂ 1 ਜੂਨ 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਏ ਸਨ, ਉਸ ਅਸਥਾਨ 'ਤੇ ਹੀ ਸਿੱਖ ਸੰਗਤ ਦੀ ਹਾਜ਼ਰੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਬਾਦਲਾਂ ਦੀ ਮਿਲੀ-ਭੁਗਤ ਦੇ ਸਾਰੇ ਸਬੂਤ ਦੇ ਦਿੱਤੇ ਜਾਣਗੇ।
ਕਾਂਗਰਸੀਆਂ ’ਤੇ ਵਿਜੀਲੈਂਸ ਦੀ ਕਾਰਵਾਈ ’ਤੇ ਸੁਨੀਲ ਜਾਖੜ ਨੇ ਤੋੜੀ ਚੁੱਪ, ਪਰਗਟ ਸਿੰਘ ’ਤੇ ਦਿੱਤਾ ਬਿਆਨ
NEXT STORY