ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਦੀ ਸਿਆਸਤ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਇੱਕ ਪਾਸੇ ਕਾਂਗਰਸ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਮੀਟਿੰਗਾਂ ਕਰ ਰਹੀ ਹੈ, ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੀ ਆਪਣੇ ਸਿਆਸੀ ਏਜੰਡੇ ਨੂੰ ਨਵੇਂ ਸਿਰੇ ਨਾਲ ਅੱਗੇ ਵਧਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸੇ ਦਰਮਿਆਨ ਭਾਰਤੀ ਜਨਤਾ ਪਾਰਟੀ ਨੇ ਵੀ ਪੰਜਾਬ 'ਚ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਲਈ ਵੱਡਾ ਦਾਅ ਖੇਡਿਆ ਹੈ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 20 ਤੋਂ 22 ਜੂਨ ਤੱਕ ਤਿੰਨ ਦਿਨਾਂ ਦੇ ਪੰਜਾਬ ਦੌਰੇ 'ਤੇ ਹਨ, ਜਿਸ ਨੂੰ ਸਿਰਫ਼ ਇੱਕ ਰੂਟੀਨ ਦੌਰਾ ਨਹੀਂ, ਸਗੋਂ ਭਾਜਪਾ ਦੀ ਪੰਜਾਬ ਰਣਨੀਤੀ ਦਾ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ।
ਵੱਖ-ਵੱਖ ਵਰਗਾਂ ਨਾਲ ਸਾਂਝ ਪੱਕੀ ਕਰਨ ਦਾ ਸੁਨੇਹਾ
ਰਾਜਨੀਤਿਕ ਮਾਹਿਰਾਂ ਅਨੁਸਾਰ ਇਹ ਦੌਰਾ ਸਿਰਫ਼ ਧਾਰਮਿਕ ਯਾਤਰਾ ਨਹੀਂ, ਸਗੋਂ ਪੰਜਾਬ ਦੇ ਵੱਖ-ਵੱਖ ਵਰਗਾਂ ਨਾਲ ਸਾਂਝ ਪੱਕੀ ਕਰਨ ਦਾ ਇੱਕ ਸੁਨੇਹਾ ਵੀ ਹੈ। ਭਾਜਪਾ ਲੰਬੇ ਸਮੇਂ ਤੋਂ ਪੰਜਾਬ 'ਚ ਆਪਣੇ ਅਕਸ ਨੂੰ ਵਿਸਥਾਰ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ 'ਤੇ ਮੱਥਾ ਟੇਕਣਾ ਉਸੇ ਰਣਨੀਤੀ ਦਾ ਹਿੱਸਾ ਮੰਨਿਆ ਜਾ ਰਿਹਾ ਹੈ। 21 ਜੂਨ ਨੂੰ ਕੌਮੀ ਪ੍ਰਧਾਨ ਫਗਵਾੜਾ ਪਹੁੰਚਣਗੇ, ਜਿੱਥੇ ਉਹ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ. ਯੂ.) 'ਚ ਅੰਤਰਰਾਸ਼ਟਰੀ ਯੋਗ ਦਿਵਸ ਦੇ ਪ੍ਰੋਗਰਾਮ 'ਚ ਹਿੱਸਾ ਲੈਣਗੇ। ਯੋਗ ਦਿਵਸ ਭਾਜਪਾ ਅਤੇ ਕੇਂਦਰ ਸਰਕਾਰ ਦੇ ਮਹੱਤਵਪੂਰਨ ਪ੍ਰੋਗਰਾਮਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਇਸ ਮੰਚ ਰਾਹੀਂ ਨੌਜਵਾਨਾਂ ਅਤੇ ਸਿੱਖਿਆ ਜਗਤ ਨਾਲ ਸਿੱਧਾ ਸੰਪਰਕ ਸਥਾਪਿਤ ਕਰਨ ਦੀ ਕੋਸ਼ਿਸ਼ ਵੀ ਕੀਤੀ ਜਾਵੇਗੀ।ਇਸ ਤੋਂ ਬਾਅਦ ਨਿਤਿਨ ਨਬੀਨ ਲੁਧਿਆਣਾ ਪਹੁੰਚਣਗੇ, ਜਿੱਥੇ ਉਹ ਭਾਜਪਾ ਦੇ ਨਵੇਂ ਜ਼ਿਲ੍ਹਾ ਦਫ਼ਤਰ ਦਾ ਰਸਮੀ ਉਦਘਾਟਨ ਕਰਨਗੇ। ਲੁਧਿਆਣਾ ਨੂੰ ਪੰਜਾਬ ਦੀ ਆਰਥਿਕ ਰਾਜਧਾਨੀ ਮੰਨਿਆ ਜਾਂਦਾ ਹੈ ਅਤੇ ਉਦਯੋਗਿਕ ਵਰਗ ਉੱਥੇ ਇੱਕ ਵੱਡੀ ਸਿਆਸੀ ਤਾਕਤ ਹੈ। ਇਸੇ ਲਈ ਉਨ੍ਹਾਂ ਦਾ ਉਦਯੋਗਪਤੀਆਂ ਨਾਲ ਸੰਵਾਦ ਵੀ ਪ੍ਰੋਗਰਾਮ ਦਾ ਅਹਿਮ ਹਿੱਸਾ ਹੈ। ਇਸ ਦੇ ਨਾਲ-ਨਾਲ ਜ਼ਿਲ੍ਹਾ ਅਤੇ ਸੂਬਾ ਪੱਧਰ ਦੇ ਅਹੁਦੇਦਾਰਾਂ ਨਾਲ ਵੱਖ-ਵੱਖ ਮੀਟਿੰਗਾਂ ਕਰਕੇ ਸੰਗਠਨ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ। ਇਨ੍ਹਾਂ ਮੀਟਿੰਗਾਂ ਦਾ ਮੁੱਖ ਮਕਸਦ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨਾ ਅਤੇ ਆਉਣ ਵਾਲੀਆਂ ਚੋਣਾਂ ਲਈ ਕਾਰਜ ਯੋਜਨਾ ਤਿਆਰ ਕਰਨਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਮਿਲੀ ਮਨਜ਼ੂਰੀ, ਲੱਖਾਂ ਪੰਜਾਬੀਆਂ ਨੂੰ ਮਿਲੇਗਾ ਵੱਡਾ ਫ਼ਾਇਦਾ
ਇਹ ਦੌਰਾ ਭਾਜਪਾ ਲਈ ਕਾਫੀ ਅਹਿਮ
ਜੇਕਰ ਇਸ ਦੌਰੇ ਦੇ ਰਾਜਨੀਤਿਕ ਮਾਇਨਿਆਂ ਦੀ ਗੱਲ ਕੀਤੀ ਜਾਵੇ ਤਾਂ ਇਹ ਭਾਜਪਾ ਲਈ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਪੰਜਾਬ 'ਚ ਭਾਜਪਾ ਨੇ ਅਕਾਲੀ ਦਲ ਨਾਲ ਗਠਜੋੜ ਟੁੱਟਣ ਤੋਂ ਬਾਅਦ ਆਪਣੇ ਬਲਬੂਤੇ ਸਿਆਸਤ ਕਰਨ ਦੀ ਰਣਨੀਤੀ ਅਪਣਾਈ ਹੈ। ਹਾਲਾਂਕਿ ਲੋਕ ਸਭਾ ਚੋਣਾਂ 'ਚ ਪਾਰਟੀ ਨੂੰ ਉਮੀਦਾਂ ਮੁਤਾਬਕ ਸਫਲਤਾ ਨਹੀਂ ਮਿਲੀ, ਪਰ ਭਾਜਪਾ ਪੰਜਾਬ 'ਚ ਲੰਬੀ ਸਿਆਸੀ ਪਾਰੀ ਖੇਡਣ ਦੇ ਮੂਡ 'ਚ ਨਜ਼ਰ ਆ ਰਹੀ ਹੈ। ਨਿਤਿਨ ਨਬੀਨ ਦਾ ਇਹ ਦੌਰਾ ਇਹ ਵੀ ਸੰਕੇਤ ਦਿੰਦਾ ਹੈ ਕਿ ਕੇਂਦਰੀ ਲੀਡਰਸ਼ਿਪ ਪੰਜਾਬ ਨੂੰ ਹੁਣ ਗੰਭੀਰਤਾ ਨਾਲ ਲੈ ਰਹੀ ਹੈ। ਪਾਰਟੀ ਚਾਹੁੰਦੀ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੰਗਠਨ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕੀਤਾ ਜਾਵੇ। ਇਸੇ ਲਈ ਕੌਮੀ ਪ੍ਰਧਾਨ ਸਿੱਧੇ ਤੌਰ 'ਤੇ ਵਰਕਰਾਂ, ਅਹੁਦੇਦਾਰਾਂ, ਉਦਯੋਗਪਤੀਆਂ ਅਤੇ ਨੌਜਵਾਨਾਂ ਨਾਲ ਸੰਵਾਦ ਕਰਨ ਜਾ ਰਹੇ ਹਨ। ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਪੰਜਾਬ 'ਚ ਇਸ ਵੇਲੇ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਿਚਕਾਰ ਚਾਰ-ਕੋਣੀ ਮੁਕਾਬਲੇ ਦੀ ਸਥਿਤੀ ਬਣਦੀ ਦਿਖਾਈ ਦੇ ਰਹੀ ਹੈ।
ਇਹ ਵੀ ਪੜ੍ਹੋ : ਵਿਦਿਆਰਥੀਆਂ ਦੀਆਂ ਛੁੱਟੀਆਂ ਰੱਦ! ਨੀਟ ਰੀ-ਐਗਜ਼ਾਮ ਤੋਂ ਪਹਿਲਾਂ NMC ਦਾ ਵੱਡਾ ਫ਼ੈਸਲਾ
ਅਜਿਹੇ 'ਚ ਭਾਜਪਾ ਦੀ ਸਭ ਤੋਂ ਵੱਡੀ ਚੁਣੌਤੀ ਆਪਣੇ ਸੰਗਠਨ ਦਾ ਵਿਸਥਾਰ ਕਰਨਾ ਅਤੇ ਨਵੇਂ ਸਮਾਜਿਕ ਵਰਗਾਂ ਵਿੱਚ ਪੈਠ ਬਣਾਉਣਾ ਹੈ। ਨਿਤਿਨ ਨਬੀਨ ਦੇ ਦੌਰੇ ਦੌਰਾਨ ਹੋਣ ਵਾਲੀਆਂ ਮੀਟਿੰਗਾਂ ਇਸੇ ਰਣਨੀਤੀ ਦਾ ਹਿੱਸਾ ਮੰਨੀਆਂ ਜਾ ਰਹੀਆਂ ਹਨ। ਕੁੱਲ ਮਿਲਾ ਕੇ ਦੇਖਿਆ ਜਾਵੇ ਤਾਂ ਭਾਜਪਾ ਦੇ ਕੌਮੀ ਪ੍ਰਧਾਨ ਦਾ ਇਹ ਪੰਜਾਬ ਦੌਰਾ ਸਿਰਫ ਧਾਰਮਿਕ ਦਰਸ਼ਨਾਂ ਜਾਂ ਰਸਮੀ ਪ੍ਰੋਗਰਾਮਾਂ ਤੱਕ ਸੀਮਤ ਨਹੀਂ ਹੈ। ਇਸ ਦੇ ਪਿੱਛੇ ਸੰਗਠਨਕ ਮਜ਼ਬੂਤੀ, ਨੌਜਵਾਨਾਂ ਨਾਲ ਸੰਪਰਕ, ਉਦਯੋਗਿਕ ਵਰਗ ਨੂੰ ਆਪਣੇ ਨਾਲ ਜੋੜਨ ਅਤੇ 2027 ਦੀਆਂ ਚੋਣਾਂ ਲਈ ਮਜ਼ਬੂਤ ਬੁਨਿਆਦ ਤਿਆਰ ਕਰਨ ਦੀ ਕੋਸ਼ਿਸ਼ ਸਾਫ਼ ਨਜ਼ਰ ਆ ਰਹੀ ਹੈ। ਆਉਣ ਵਾਲੇ ਸਮੇਂ 'ਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਭਾਜਪਾ ਦੀ ਇਹ ਰਣਨੀਤੀ ਪੰਜਾਬ ਦੀ ਸਿਆਸਤ 'ਚ ਕਿੰਨਾ ਪ੍ਰਭਾਵ ਛੱਡਦੀ ਹੈ ਅਤੇ ਕੀ ਇਹ ਦੌਰਾ ਪਾਰਟੀ ਨੂੰ ਸੂਬੇ 'ਚ ਨਵੀਂ ਸਿਆਸੀ ਤਾਕਤ ਦੇ ਸਕਦਾ ਹੈ ਜਾਂ ਨਹੀਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਨਹੀਂ ਹੋ ਸਕੀ 1091 ਪ੍ਰੋਫ਼ੈਸਰਾਂ ਦੀ ਭਰਤੀ! ਸੁਪਰੀਮ ਕੋਰਟ ਵੱਲੋਂ ਦਿੱਤੀ ਮਿਆਦ ਵੀ ਮੁੱਕੀ
NEXT STORY