ਚੰਡੀਗੜ੍ਹ : ਪੰਜਾਬ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਫਿਰੋਜ਼ਪੁਰ ਵਿੱਚ ਰਾਸ਼ਟਰੀ ਸਵੈ ਸੇਵਕ ਸੰਘ (ਆਰਐੱਸਐੱਸ) ਦੇ ਵਲੰਟੀਅਰ ਨਵੀਨ ਅਰੋੜਾ ਦੇ ਦਿਨ ਦਿਹਾੜੇ ਹੋਏ ਬੇਰਹਿਮੀ ਨਾਲ ਕਤਲ ਦੀ ਸਖ਼ਤ ਨਿੰਦਾ ਕੀਤੀ ਹੈ। ਤੀਜੀ ਪੀੜ੍ਹੀ ਦੇ ਵਲੰਟੀਅਰ ਨਵੀਨ, ਸੀਨੀਅਰ ਆਰਐੱਸਐੱਸ ਨੇਤਾ ਤੇ ਸਮਾਜ ਸੇਵਕ, ਸਵਰਗੀ ਦੀਨ ਨਾਥ ਦੇ ਪੋਤੇ ਅਤੇ ਬਲਦੇਵ ਰਾਜ ਅਰੋੜਾ ਦੇ ਪੁੱਤਰ ਸਨ।
ਸ਼ਰਮਾ ਨੇ ਕਿਹਾ ਕਿ ਇਹ ਪਹਿਲੀ ਜਾਂ ਇਕੱਲੀ ਘਟਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਰੋਬਾਰੀਆਂ, ਖਿਡਾਰੀਆਂ, ਨੌਜਵਾਨਾਂ ਅਤੇ ਆਮ ਨਾਗਰਿਕਾਂ ਵਿਰੁੱਧ ਲਗਾਤਾਰ ਹੋ ਰਹੇ ਕਤਲ ਅਤੇ ਅਪਰਾਧ ਪੰਜਾਬ ਸਰਕਾਰ ਦੀਆਂ ਨਾਕਾਮੀਆਂ 'ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਸ਼ਰਮਾ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ ਅਤੇ ਭਾਜਪਾ ਨਿਰਦੋਸ਼ ਲੋਕਾਂ ਦੀ ਰੱਖਿਆ ਦੇ ਮੁੱਦੇ 'ਤੇ ਚੁੱਪ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਇਹ ਘਟਨਾ ਸਪੱਸ਼ਟ ਤੌਰ 'ਤੇ ਦਰਸਾਉਂਦੀ ਹੈ ਕਿ ਮੌਜੂਦਾ ਸਰਕਾਰ ਦੇ ਅਧੀਨ ਅਪਰਾਧੀ ਕਿੰਨੇ ਹੌਸਲੇ ਬੁਲੰਦ ਕਰ ਗਏ ਹਨ। ਡੂੰਘੀ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਕਿਤੇ ਵੀ ਸੁਰੱਖਿਅਤ ਮਹਿਸੂਸ ਨਹੀਂ ਕਰਦੇ।
ਉਨ੍ਹਾਂ ਅੱਗੇ ਕਿਹਾ, "ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਬਜਾਏ, ਪੰਜਾਬ ਪੁਲਸ ਨੂੰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਤੋਂ ਉਨ੍ਹਾਂ ਦੀ ਟੀਮ ਦੀ ਸੇਵਾ 'ਚ ਲਗਾਇਆ ਗਿਆ ਹੈ, ਜੋ ਕਿ ਜਨਤਕ ਹਿੱਤ ਦੇ ਵਿਰੁੱਧ ਹੈ।" ਸ਼ਰਮਾ ਨੇ ਕਿਹਾ ਕਿ ਭਾਜਪਾ ਇਸ ਵਧਦੀ ਅਪਰਾਧ ਲਹਿਰ ਵਿਰੁੱਧ ਆਪਣੀ ਲੜਾਈ ਜਾਰੀ ਰੱਖੇਗੀ ਅਤੇ ਰਾਜ ਵਿੱਚ ਸ਼ਾਂਤੀ ਅਤੇ ਸੁਰੱਖਿਆ ਬਹਾਲ ਕਰਨ ਲਈ ਸਖ਼ਤ ਉਪਾਵਾਂ ਦੀ ਮੰਗ ਕਰਦੀ ਰਹੇਗੀ। ਅਸ਼ਵਨੀ ਸ਼ਰਮਾ ਨੇ ਅਰੋੜਾ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਅਤੇ ਉਨ੍ਹਾਂ ਨੂੰ ਇਨਸਾਫ਼ ਲਈ ਉਨ੍ਹਾਂ ਦੀ ਲੜਾਈ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।
ਪੰਜਾਬ 'ਚ ED ਦੀ ਵੱਡੀ ਕਾਰਵਾਈ! 4 ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ ਬਰਾਮਦ ਕੀਤੀ ਲੱਖਾਂ ਦੀ ਨਕਦੀ
NEXT STORY