ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਵਿਧਾਨ ਸਭਾ ਦਾ 6 ਦਿਨਾਂ ਵਿਸ਼ੇਸ਼ ਸੈਸ਼ਨ ਵੀਰਵਾਰ ਨੂੰ ਸ਼ੁਰੂ ਹੋਇਆ ਪਰ ਪਹਿਲੇ ਦਿਨ ਦੀ ਕਾਰਵਾਈ ਸਿਰਫ 9 ਮਿੰਟ 6 ਸੈਕਿੰਡ ਤੱਕ ਹੀ ਚੱਲ ਸਕੀ। ਸੈਸ਼ਨ ਦੇ ਪਹਿਲੇ ਦਿਨ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ, ਜਿਸ 'ਚ ਮਾਨਸਾ 'ਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਸਮੇਤ ਕਈ ਸ਼ਖ਼ਸੀਅਤਾਂ ਨੂੰ ਯਾਦ ਕੀਤਾ ਗਿਆ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਅਗਲੇ ਦਿਨ ਤੱਕ ਮੁਲਤਵੀ ਕਰ ਦਿੱਤੀ ਗਈ।
ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਦੇ ਨਾਲ ਹੀ ਪੰਜਾਬ 'ਚ ਨਸ਼ਿਆਂ ਦਾ ਮੁੱਦਾ ਸਿਆਸੀ ਤੌਰ ’ਤੇ ਮੁੜ ਚਰਚਾ 'ਚ ਆ ਗਿਆ ਹੈ। ਭਾਜਪਾ ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਦਾ ਮੁੱਦਾ ਚੁੱਕਿਆ। ਭਾਜਪਾ ਆਗੂਆਂ ਦਾ ਕਹਿਣਾ ਸੀ ਕਿ ਪੰਜਾਬ 'ਚ ਨਸ਼ਿਆਂ ਕਾਰਨ ਲੋਕਾਂ ਦੀਆਂ ਜ਼ਿੰਦਗੀਆਂ ਪ੍ਰਭਾਵਿਤ ਹੋ ਰਹੀਆਂ ਹਨ ਅਤੇ ਨਸ਼ਿਆਂ ਖ਼ਿਲਾਫ਼ ਬੋਲਣ ਵਾਲਿਆਂ ਨੂੰ ਵੀ ਆਪਣੀਆਂ ਜਾਨਾਂ ਗੁਆਉਣੀਆਂ ਪੈ ਰਹੀਆਂ ਹਨ।
ਦੂਜੇ ਪਾਸੇ ਵਿਰੋਧੀ ਧਿਰ ਨੇ ਨਸ਼ਾ ਤਸਕਰੀ ਰੋਕਣ 'ਚ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਹਨ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਸਦਨ ਦੀ ਕਾਰਵਾਈ ਨੂੰ ਆਮ ਤਰੀਕੇ ਨਾਲ ਚੱਲਣ ਨਹੀਂ ਦੇਣਗੇ। ਇਸ ਨਾਲ ਆਉਣ ਵਾਲੇ ਦਿਨਾਂ 'ਚ ਵਿਸ਼ੇਸ਼ ਸੈਸ਼ਨ ਦੌਰਾਨ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਸਿਆਸੀ ਤਕਰਾਰ ਹੋਣ ਦੇ ਸੰਕੇਤ ਮਿਲ ਰਹੇ ਹਨ।
6 ਦਿਨਾਂ ਦੇ ਇਸ ਸੈਸ਼ਨ ਦੌਰਾਨ ਨਸ਼ਿਆਂ ਦੇ ਮੁੱਦੇ ਸਮੇਤ ਪੰਜਾਬ ਨਾਲ ਜੁੜੇ ਹੋਰ ਅਹਿਮ ਮਾਮਲਿਆਂ ’ਤੇ ਸਰਕਾਰ ਨੂੰ ਵਿਰੋਧੀ ਧਿਰ ਦੇ ਸਵਾਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਹਿਲੇ ਦਿਨ ਦੀ ਸੰਖੇਪ ਕਾਰਵਾਈ ਤੋਂ ਬਾਅਦ ਹੁਣ ਨਜ਼ਰ ਅਗਲੇ ਦਿਨਾਂ ਦੀ ਕਾਰਵਾਈ ’ਤੇ ਰਹੇਗੀ ਕਿ ਸਦਨ 'ਚ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਕਿੰਨੀ ਚਰਚਾ ਹੁੰਦੀ ਹੈ ਅਤੇ ਸਿਆਸੀ ਟਕਰਾਅ ਕਿਸ ਪਾਸੇ ਵੱਧਦਾ ਹੈ।
ਪੰਜਾਬ ਵਿਧਾਨ ਸਭਾ 'ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, ਭਲਕੇ ਤੱਕ ਲਈ ਸਦਨ ਦੀ ਕਾਰਵਾਈ ਮੁਲਤਵੀ
NEXT STORY