ਸਾਹਨੇਵਾਲ/ਕੁਹਾੜਾ (ਜਗਰੂਪ ਸਿੰਘ, ਟੱਕਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਲੱਖੋਵਾਲ ਵਿਖੇ ਪਹੁੰਚ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਰਪ੍ਰਸਤ ਅਜਮੇਰ ਸਿੰਘ ਲੱਖੋਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਕਿਸਾਨ ਯੂਨੀਅਨ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਵਿਚਾਰ-ਵਟਾਂਦਰੇ ਉਪਰੰਤ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪੂਰਨ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ ਅਤੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਮਸਲਿਆਂ ਦੀ ਪੈਰਵੀ ਖੇਤਰੀ ਪਾਰਟੀ ਹੀ ਬਿਹਤਰ ਢੰਗ ਨਾਲ ਕਰ ਸਕਦੀ ਹੈ। ਉਨ੍ਹਾਂ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਐੱਮ.ਐੱਸ.ਪੀ., ਫ਼ਸਲਾਂ ਦੀ ਖਰੀਦ, ਖੇਤੀਬਾੜੀ ਨੀਤੀ, ਅਵਾਰਾ ਪਸ਼ੂਆਂ ਦੀ ਸਮੱਸਿਆ ਅਤੇ ਹੜ੍ਹਾਂ ਤੋਂ ਬਚਾਅ ਵਰਗੇ ਅਹਿਮ ਮੁੱਦੇ ਅਜੇ ਵੀ ਹੱਲ ਹੋਣ ਦੀ ਉਡੀਕ ਕਰ ਰਹੇ ਹਨ। ਕਿਸਾਨ ਆਗੂਆਂ ਨੇ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਨਾ ਕਰਨ ’ਤੇ ਵੀ ਨਿਰਾਸ਼ਾ ਪ੍ਰਗਟਾਈ।
ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲਾਨ
ਸੁਖਬੀਰ ਸਿੰਘ ਬਾਦਲ ਨੇ ਬੀ.ਕੇ.ਯੂ. ਲੱਖੋਵਾਲ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਕਿਸਾਨੀ ਨਾਲ ਪੁਰਾਣਾ ਅਤੇ ਗੂੜ੍ਹਾ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਸਰਕਾਰਾਂ ਦੌਰਾਨ ਕਿਸਾਨਾਂ ਦੀ ਭਲਾਈ ਲਈ ਕਈ ਅਹਿਮ ਫ਼ੈਸਲੇ ਕੀਤੇ ਗਏ ਹਨ। ਉਨ੍ਹਾਂ ਕਿਸਾਨੀ ਨੂੰ ਮੁੜ ਲਾਹੇਵੰਦ ਧੰਦਾ ਬਣਾਉਣ ਲਈ ਆਧੁਨਿਕ ਤਕਨੀਕਾਂ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ, ਕਰਜ਼ੇ, ਭ੍ਰਿਸ਼ਟਾਚਾਰ ਅਤੇ ਕਾਨੂੰਨ ਵਿਵਸਥਾ ਵਰਗੀਆਂ ਸਮੱਸਿਆਵਾਂ ਵਿਚੋਂ ਬਾਹਰ ਕੱਢਣ ਲਈ ਮਜ਼ਬੂਤ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਵਾਲੀ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਪੰਜਾਬ ਦੇ ਹਿੱਤਾਂ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ।ਇਸ ਮੌਕੇ ਬੀ.ਕੇ.ਯੂ. ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਸ਼ਰਨਜੀਤ ਸਿੰਘ ਢਿੱਲੋਂ, ਸਿਕੰਦਰ ਸਿੰਘ ਮਲੂਕਾ, ਸੁਖਦੀਪ ਸਿੰਘ ਸ਼ਿਕਾਰ, ਪਰਮਜੀਤ ਸਿੰਘ ਢਿੱਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਅਵਤਾਰ ਸਿੰਘ ਮੇਹਲੋ, ਪੁਰਸ਼ੋਤਮ ਸਿੰਘ ਗਿੱਲ, ਪਰਮਿੰਦਰ ਸਿੰਘ ਪਾਲ ਮਾਜਰਾ, ਨਿਰਮਲ ਸਿੰਘ ਝੰਡੂਕੇ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਿਸਾਨ ਯੂਨੀਅਨ ਦੇ ਆਗੂ ਅਤੇ ਅਹੁਦੇਦਾਰ ਹਾਜ਼ਰ ਸਨ।
ਨਵਾਂਸ਼ਹਿਰ 'ਚ ਸੜਕ ਹਾਦਸਾ! ਨੈਸ਼ਨਲ ਹਾਈਵੇਅ 'ਤੇ ਡਿਵਾਈਡਰ ਨਾਲ ਟਕਰਾ ਕੇ ਕਾਰ ਪਲਟੀ
NEXT STORY