ਤਪਾ ਮੰਡੀ (ਸ਼ਾਮ, ਗਰਗ, ਜਲਪੋਤ, ਗੋਇਲ) - ਇਥੋਂ ਦੇ ਇਕ ਹੋਟਲ ਵਿਚ ਇਕ ਔਰਤ ਦੀ ਖ਼ੂਨ ਨਾਲ ਲੱਥਪੱਥ ਲਾਸ਼ ਮਿਲਣ ਕਾਰਨ ਇਲਾਕੇ ’ਚ ਦਹਿਸ਼ਤ ਫ਼ੈਲ ਗਈ। ਮ੍ਰਿਤਕਾ ਦੀ ਪਛਾਣ ਜਸਵੀਰ ਕੌਰ ਪਤਨੀ ਮੰਗਾ ਸਿੰਘ ਵਾਸੀ ਬਾਜ਼ੀਗਰ ਬਸਤੀ, ਤਪਾ ਵਜੋਂ ਹੋਈ ਹੈ। ਪੁਲਸ ਨੇ ਮੰਗਾ ਸਿੰਘ ਪੁੱਤਰ ਰਾਮ ਚੰਦ ਦੇ ਬਿਆਨਾਂ ਦੇ ਆਧਾਰ ’ਤੇ ਅਮਨਦੀਪ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਬਦਰਾ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਉਸ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਜਸਵੀਰ ਕੌਰ (31) ਅਤੇ ਅਮਨਦੀਪ ਸਿੰਘ ਹੋਟਲ ਵਿਚ ਕਮਰਾ ਲੈ ਕੇ ਠਹਿਰੇ ਸਨ। ਦੱਸਿਆ ਜਾਂਦਾ ਹੈ ਕਿ ਦੋਵਾਂ ਵਿਚਕਾਰ ਲੰਮੇ ਸਮੇਂ ਤੋਂ ਕਥਿਤ ਨਾਜਾਇਜ਼ ਸਬੰਧ ਸਨ। ਹੋਟਲ ਵਿਚ ਕਮਰਾ ਲੈਣ ਤੋਂ ਬਾਅਦ ਅਮਨਦੀਪ ਸਿੰਘ ਹੋਟਲ ਮਾਲਕ ਨੂੰ ਕੁਝ ਸਮੇਂ ਬਾਅਦ ਵਾਪਸ ਆਉਣ ਦੀ ਗੱਲ ਕਹਿ ਕੇ ਚਲਾ ਗਿਆ ਪਰ ਕਾਫ਼ੀ ਸਮਾਂ ਬੀਤਣ ਦੇ ਬਾਵਜੂਦ ਵਾਪਸ ਨਹੀਂ ਆਇਆ। ਜਦੋਂ ਹੋਟਲ ਮਾਲਕ ਨੇ ਕਮਰੇ ਦੀ ਜਾਂਚ ਕੀਤੀ ਤਾਂ ਅੰਦਰ ਜਸਵੀਰ ਕੌਰ ਦੀ ਖ਼ੂਨ ਨਾਲ ਲੱਥਪੱਥ ਲਾਸ਼ ਪਈ ਮਿਲੀ। ਇਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ।
ਮੁੱਢਲੀ ਜਾਣਕਾਰੀ ਅਨੁਸਾਰ ਔਰਤ ਦੇ ਸਰੀਰ ’ਤੇ ਤੇਜ਼ਧਾਰ ਹਥਿਆਰ ਦੇ ਨਿਸ਼ਾਨ ਹੋਣ ਦੀ ਗੱਲ ਸਾਹਮਣੇ ਆਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਬਰਨਾਲਾ ਦੇ ਮੁਰਦਾਘਰ ਵਿਚ ਭੇਜ ਦਿੱਤਾ।
ਤਾਜਪੋਸ਼ੀ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਪੁੱਜੇ ਪਰਗਟ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਟੇਕਿਆ ਮੱਥਾ (ਤਸਵੀਰਾਂ)
NEXT STORY