ਸੁਲਤਾਨਪੁਰ ਲੋਧੀ (ਧੀਰ) : ਸੁਲਤਾਨਪੁਰ ਲੋਧੀ ਇਲਾਕੇ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦਰਿਆ ਬਿਆਸ ਦੇ ਕੰਢੇ ਇਕ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ। ਮ੍ਰਿਤਕ ਦੀ ਪਹਿਚਾਣ ਸੋਨੂੰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਮੰਗੂਪੁਰ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਰਿਵਾਰ ਵਿਚ ਸੋਗ ਅਤੇ ਇਲਾਕੇ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।
ਪਰਿਵਾਰਕ ਮੈਂਬਰਾਂ ਵੱਲੋਂ ਇਸ ਮਾਮਲੇ ਨੂੰ ਸ਼ੱਕੀ ਦੱਸਦਿਆਂ ਨੌਜਵਾਨ ਦੀ ਮੌਤ ਪਿੱਛੇ ਕਤਲ ਦੀ ਸੰਭਾਵਨਾ ਜਤਾਈ ਗਈ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਕੇ ਸੱਚ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ। ਮ੍ਰਿਤਕ ਦੇ ਮਾਮਾ ਜਸਵੰਤ ਸਿੰਘ ਵਾਸੀ ਮੰਗੂਪੁਰ ਨੇ ਦੱਸਿਆ ਕਿ ਸੋਨੂ ਸਿੰਘ 31 ਜੁਲਾਈ ਦੀ ਰਾਤ ਕਰੀਬ 9:30 ਵਜੇ ਰੋਟੀ ਖਾਣ ਤੋਂ ਬਾਅਦ ਘੁੰਮਣ ਲਈ ਘਰੋਂ ਬਾਹਰ ਗਿਆ ਸੀ। ਇਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਇਆ। ਪਰਿਵਾਰ ਵੱਲੋਂ ਆਪਣੇ ਪੱਧਰ ’ਤੇ ਉਸ ਦੀ ਭਾਲ ਕੀਤੀ ਜਾ ਰਹੀ ਸੀ। ਜਸਵੰਤ ਸਿੰਘ ਨੇ ਦੱਸਿਆ ਕਿ 2 ਅਗਸਤ ਨੂੰ ਜਾਣਕਾਰੀ ਮਿਲੀ ਕਿ ਦਰਿਆ ਬਿਆਸ ਦੇ ਕੰਢੇ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਜਦੋਂ ਮੌਕੇ ’ਤੇ ਜਾ ਕੇ ਪਛਾਣ ਕੀਤੀ ਗਈ ਤਾਂ ਲਾਸ਼ ਸੋਨੂ ਸਿੰਘ ਦੀ ਨਿਕਲੀ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਖ਼ਤਮ ਹੋਈ ਵਕੀਲਾਂ ਦੀ ਹੜਤਾਲ! LADC ਨੀਤੀ ਬਾਰੇ ਬਣੀ ਸਹਿਮਤੀ
ਪਰਿਵਾਰ ਦਾ ਦਾਅਵਾ ਹੈ ਕਿ ਮ੍ਰਿਤਕ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਦਿਖਾਈ ਦੇ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਸ਼ੱਕ ਹੈ ਕਿ ਸੋਨੂ ਸਿੰਘ ਦਾ ਕਤਲ ਹੋਇਆ ਹੈ। ਪਰਿਵਾਰ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾਵੇ ਅਤੇ ਜੇਕਰ ਕੋਈ ਦੋਸ਼ੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਪੀ. ਧੀਰੇਂਦਰ ਵਰਮਾ ਨੇ ਦੱਸਿਆ ਕਿ ਪੁਲਸ ਨੂੰ 2 ਅਗਸਤ ਨੂੰ ਦਰਿਆ ਬਿਆਸ ਵਿਚੋਂ ਇਕ ਲਾਸ਼ ਬਰਾਮਦ ਹੋਈ ਸੀ, ਜਿਸ ਦੀ ਪਹਿਚਾਣ ਸੋਨੂ ਸਿੰਘ ਵਾਸੀ ਮੰਗੂਪੁਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿਚ ਰੱਖਿਆ ਗਿਆ ਹੈ।
ਏ. ਐੱਸ. ਪੀ. ਨੇ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਪੁਲਸ ਵੱਲੋਂ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਘਟਨਾ ਨਾਲ ਜੁੜੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨੌਜਵਾਨ ਦੀ ਮੌਤ ਦੇ ਪਿੱਛੇ ਦੀ ਅਸਲ ਸੱਚਾਈ ਸਾਹਮਣੇ ਆ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ ਕੁਰਕ
NEXT STORY