ਖੰਨਾ (ਕਮਲ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਜਪਾ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਇਕ ਵਿਸ਼ੇਸ਼ ਪੱਤਰ ਲਿਖ ਕੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਅਤੇ ਸਮਾਜਿਕ ਸਥਿਤੀ ਤੋਂ ਜਾਣੂ ਕਰਵਾਇਆ ਹੈ। ਇਸ ਪੱਤਰ ਰਾਹੀਂ ਪ੍ਰਧਾਨ ਬੋਨੀ ਅਜਨਾਲਾ ਨੇ ਕਿਹਾ ਕਿ ਪੰਜਾਬ ਵਿਚ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਹਾਲਾਤ ਲਗਾਤਾਰ ਨਿਘਾਰ ਵੱਲ ਜਾ ਰਹੇ ਹਨ ਜਿਸ ਕਾਰਨ ਸੂਬੇ ਦੇ ਲੋਕ ਹੁਣ ਭਾਜਪਾ ਵੱਲ ਬੜੀ ਉਮੀਦ ਨਾਲ ਦੇਖ ਰਹੇ ਹਨ।
ਪੱਤਰ ’ਚ ਪ੍ਰਧਾਨ ਬੋਨੀ ਅਜਨਾਲਾ ਨੇ ਵਿਸ਼ੇਸ਼ ਤੌਰ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹਾਲ ਹੀ ਵਿਚ ਹੋਈ ਪੰਜਾਬ ਰੈਲੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਰੈਲੀ ਤੋਂ ਬਾਅਦ ਪੰਜਾਬ ਦੇ ਸਿਆਸੀ ਮੈਦਾਨ ਵਿਚ ਭਾਜਪਾ ਦੀ ਸਥਿਤੀ ਬੇਹੱਦ ਮਜ਼ਬੂਤ ਹੋਈ ਹੈ। ਰੈਲੀ ਦੇ ਰਿਕਾਰਡ ਤੋੜ ਇਕੱਠ ਨੇ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਹੁਣ ਰਵਾਇਤੀ ਪਾਰਟੀਆਂ ਅਤੇ ਮੌਜੂਦਾ ਸੱਤਾਧਾਰੀ ਧਿਰ ਤੋਂ ਕਿਨਾਰਾ ਕਰ ਕੇ ਭਾਜਪਾ ਦੀਆਂ ਨੀਤੀਆਂ ’ਤੇ ਮੋਹਰ ਲਗਾਉਣ ਲਈ ਤਿਆਰ ਹਨ।
ਉਨ੍ਹਾਂ ਲਿਖਿਆ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ਤੇ ਵਿਕਾਸ ਕਾਰਜਾਂ ਦੀ ਰਫ਼ਤਾਰ ਮੱਠ ਹੈ। ਪੱਤਰ ਵਿਚ ਇਹ ਵੀ ਦੱਸਿਆ ਗਿਆ ਕਿ ਪੰਜਾਬ ਦੇ ਲੋਕ ਹੁਣ ਦੂਜੇ ਭਾਜਪਾ ਸ਼ਾਸਤ ਸੂਬਿਆਂ ਉੱਤਰ ਪ੍ਰਦੇਸ਼, ਹਰਿਆਣਾ ਤੇ ਰਾਜਸਥਾਨ ਵਿਚ ਮਿਲ ਰਹੀਆਂ ਸਹੂਲਤਾਂ ਅਤੇ ਵਿਕਾਸ ਮਾਡਲ ਦੀ ਵੀ ਖ਼ੂਬ ਤਾਰੀਫ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਦਾ ਮੰਨਣਾ ਹੈ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਤੇ ਭਾਜਪਾ ਦੀਆਂ ਸੂਬਾ ਸਰਕਾਰਾਂ ਲੋਕਾਂ ਨੂੰ ਸਿੱਧੀਆਂ ਸਹੂਲਤਾਂ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇ ਰਹੀਆਂ ਹਨ ਉਹੀ ਮਾਡਲ ਪੰਜਾਬ ਵਿਚ ਵੀ ਲਾਗੂ ਹੋਣਾ ਚਾਹੀਦਾ ਹੈ।
ਸਾਬਕਾ ਮੁੱਖ ਸੰਸਦੀ ਸਕੱਤਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਮਜ਼ਬੂਤ ਹੁੰਦੀ ਭਾਜਪਾ ਇਕਾਈ ਨੂੰ ਹੋਰ ਬਲ ਦੇਣ ਲਈ ਕੇਂਦਰੀ ਸਕੀਮਾਂ ਦਾ ਦਾਇਰਾ ਵਧਾਇਆ ਜਾਵੇ।
ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
NEXT STORY