ਸੁਲਤਾਨਪੁਰ ਲੋਧੀ (ਧੀਰ)-ਸੁਲਤਾਨਪੁਰ ਦਿਹਾਤੀ ਬਸਤੀ ਵਿਚ 8 ਜੂਨ ਨੂੰ ਹੋਏ ਖ਼ੂਨੀ ਹਮਲੇ ਦਾ ਸ਼ਿਕਾਰ ਬਣੇ 26 ਸਾਲਾ ਨੌਜਵਾਨ ਹੀਰਾ ਪੁੱਤਰ ਸਵਿੰਦਰ ਪਾਲ ਨੇ ਬੀਤੇ ਦਿਨ ਅੰਮ੍ਰਿਤਸਰ ਦੇ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਕਰੀਬ 17 ਦਿਨ ਤੱਕ ਜ਼ਿੰਦਗੀ ਅਤੇ ਮੌਤ ਦੀ ਜੰਗ ਲੜਨ ਮਗਰੋਂ ਹੀਰਾ ਦੀ ਮੌਤ ਨਾਲ ਪਰਿਵਾਰ ਉੱਤੇ ਦੁੱਖ਼ਾਂ ਦਾ ਪਹਾੜ ਟੁੱਟ ਪਿਆ ਹੈ। ਘਰ ਵਿਚ ਮਾਤਮ ਦਾ ਮਾਹੌਲ ਹੈ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਵੱਲੋਂ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ
ਜਾਣਕਾਰੀ ਅਨੁਸਾਰ 8 ਜੂਨ ਦੀ ਰਾਤ ਕਰੀਬ ਸਾਢੇ 8 ਵਜੇ ਹੀਰਾ 'ਤੇ ਕੁਝ ਵਿਅਕਤੀਆਂ ਵੱਲੋਂ ਰਾਡ ਮਾਰ ਕੇ ਜਾਨਲੇਵਾ ਹਮਲਾ ਕੀਤਾ ਗਿਆ ਸੀ। ਹਮਲੇ ਦੌਰਾਨ ਉਸ ਨੂੰ ਬੇਰਹਿਮੀ ਨਾਲ ਜ਼ਖ਼ਮੀ ਕਰ ਦਿੱਤਾ ਗਿਆ ਸੀ। ਗੰਭੀਰ ਹਾਲਤ ਵਿਚ ਪਹਿਲਾਂ ਉਸ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿਚ ਗੁਰੂ ਨਾਨਕ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ, ਜਿੱਥੇ ਬੀਤੇ ਦਿਨ ਉਸ ਨੇ ਆਖ਼ਰੀ ਸਾਹ ਲਿਆ। ਮੌਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ, ਜਦਕਿ ਪਰਿਵਾਰ ਦਾ ਗੁੱਸਾ ਵੀ ਪੁਲਸ ਪ੍ਰਸ਼ਾਸਨ ਵਿਰੁੱਧ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ।

ਪਰਿਵਾਰ ਦਾ ਦੋਸ਼ ਹੈ ਕਿ ਘਟਨਾ ਨੂੰ 17 ਦਿਨ ਬੀਤ ਜਾਣ ਦੇ ਬਾਵਜੂਦ ਪੁਲਸ ਇਕ ਵੀ ਨਾਮਜ਼ਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬ ਨਹੀਂ ਹੋ ਸਕੀ। ਮ੍ਰਿਤਕ ਦੀ ਮਾਤਾ ਨੀਲਮ ਨੇ ਵਿਲਕਦੇ ਹੋਏ ਕਿਹਾ ਕਿ ਮੇਰਾ ਪੁੱਤ 17 ਦਿਨ ਮੌਤ ਨਾਲ ਲੜਦਾ ਰਿਹਾ ਅਤੇ ਅੱਜ ਸਾਨੂੰ ਛੱਡ ਕੇ ਚਲਾ ਗਿਆ। ਸਾਡਾ ਘਰ ਉੱਜੜ ਗਿਆ ਹੈ ਪਰ ਇਸ ਤੋਂ ਵੀ ਵੱਡਾ ਦੁੱਖ਼ ਇਹ ਹੈ ਕਿ ਜਿਨ੍ਹਾਂ ਲੋਕਾਂ ਨੇ ਮੇਰੇ ਪੁੱਤ ਨੂੰ ਮੌਤ ਦੇ ਮੂੰਹ ਵਿਚ ਧੱਕਿਆ, ਉਹ ਅਜੇ ਵੀ ਖੁੱਲ੍ਹੇਆਮ ਘੁੰਮ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ: ਲੱਗੀਆਂ ਵੱਡੀਆਂ ਪਾਬੰਦੀਆਂ! 23 ਅਗਸਤ ਤੱਕ ਹੁਕਮ ਹੋ ਗਏ ਜਾਰੀ

ਜਦੋਂ ਤਕ ਸਾਰੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਅਸੀਂ ਨਹੀਂ ਕਰਾਂਗੇ ਆਪਣੇ ਪੁੱਤ ਦਾ ਸਸਕਾਰ : ਪਰਿਵਾਰਕ ਮੈਂਬਰ
ਗੁੱਸੇ ’ਚ ਆਏ ਪਰਿਵਾਰ ਮੈਂਬਰਾਂ ਨੇ ਕਿਹਾ ਕਿ ਪੁਲਸ ਅੱਜ ਤੱਕ ਇਕ ਵੀ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਅਸੀਂ ਸਪੱਸ਼ਟ ਕਰਦੇ ਹਾਂ ਕਿ ਜਦੋਂ ਤੱਕ ਸਾਰੇ ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਅਸੀਂ ਆਪਣੇ ਪੁੱਤ ਦਾ ਅੰਤਿਮ ਸੰਸਕਾਰ ਨਹੀਂ ਕਰਾਂਗੇ। ਸਾਨੂੰ ਆਪਣੇ ਪੁੱਤ ਦੀ ਮੌਤ ਦਾ ਇਨਸਾਫ਼ ਚਾਹੀਦਾ ਹੈ, ਸਿਰਫ਼ ਭਰੋਸੇ ਨਹੀਂ। ਉਨ੍ਹਾਂ ਕਿਹਾ ਕਿ ਅਸੀਂ ਪ੍ਰਸ਼ਾਸਨ ਨੂੰ ਸਾਫ਼ ਸ਼ਬਦਾਂ ਵਿਚ ਕਹਿਣਾ ਚਾਹੁੰਦੇ ਹਾਂ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਅਸੀਂ ਆਪਣੇ ਪੁੱਤ ਦਾ ਅੰਤਿਮ ਸੰਸਕਾਰ ਨਹੀਂ ਕਰਾਂਗੇ।
ਪੁਲਸ ਦੀ ਨਾਕਾਮੀ : ਔਰਤ ਸਮੇਤ 8 ਵਿਅਕਤੀਆਂ ’ਤੇ ਕੇਸ ਦਰਜ ਪਰ ਕਿਸੇ ਦੀ ਵੀ ਨਹੀਂ ਹੋਈ ਗ੍ਰਿਫ਼ਤਾਰ
ਮ੍ਰਿਤਕ ਦੇ ਪਿਤਾ ਸਵਿੰਦਰ ਪਾਲ ਨੇ ਕਿਹਾ ਕਿ ਪੁਲਸ ਦੀ ਕਾਰਵਾਈ ਤੋਂ ਅਸੀਂ ਬਹੁਤ ਨਿਰਾਸ਼ ਹਾਂ। ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਇਕ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਾ ਹੋਣਾ ਪੁਲਸ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਪੁਲਸ ਵੱਲੋਂ ਇਕ ਔਰਤ ਸਮੇਤ 8 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ ਪਰ ਹੁਣ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਲੋਕਾਂ ਵਿਚ ਵੀ ਰੋਸ ਵਧਦਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
ਮੁਲਜ਼ਮਾਂ ਦੀ ਭਾਲ 'ਚ ਲਗਾਤਾਰ ਛਾਪੇਮਾਰੀ ਜਾਰੀ : ਜਾਂਚ ਅਧਿਕਾਰੀ
ਉਧਰ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਏ. ਐੱਸ. ਆਈ. ਗੁਰਦਿਆਲ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮੁਲਜ਼ਮਾਂ ਦੀ ਭਾਲ ’ਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਦੀਆਂ ਟੀਮਾਂ ਵੱਖ-ਵੱਖ ਥਾਵਾਂ ’ਤੇ ਕਾਰਵਾਈ ਕਰ ਰਹੀਆਂ ਹਨ ਅਤੇ ਜਲਦ ਹੀ ਸਾਰੇ ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ: Punjab: ਖੇਤਾਂ ਵੱਲ ਜ਼ਮੀਨ ਵਾਹੁਣ ਜਾਂਦੇ ਦੋ ਭਰਾਵਾਂ ਨਾਲ ਵਾਪਰੀ ਅਣਹੋਣੀ, ਇਕ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ 'ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ
NEXT STORY