ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਪੇਂਡੂ ਖੇਤਰਾਂ ਨੂੰ ਪੀਣ ਯੋਗ ਸਾਫ਼ ਪਾਣੀ ਅਤੇ ਸੈਨੀਟੇਸ਼ਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਵਿਆਪਕ ਯਤਨ ਕੀਤੇ ਜਾ ਰਹੇ ਹਨ। ਸੂਬੇ 'ਚ ਜਲ ਸਪਲਾਈ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੇ ਯਤਨਾਂ ਨੂੰ ਜਾਰੀ ਰੱਖਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਸ਼ਵ ਬੈਂਕ ਦੀ ਟੀਮ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ 'ਚ ਉਨ੍ਹਾਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਪ੍ਰਾਜੈਕਟਾਂ ਨੂੰ ਲਾਗੂ ਕਰਨ 'ਚ ਤੇਜ਼ੀ ਲਿਆਉਣ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਖਪਤਕਾਰਾਂ ਨੂੰ ਕਿਫ਼ਾਇਤੀ ਦਰਾਂ 'ਤੇ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
ਵਿਸ਼ਵ ਬੈਂਕ ਦੀ ਟੀਮ ਨੇ ਮੰਤਰੀ ਨੂੰ ਵਿਸ਼ਵ ਬੈਂਕ ਵੱਲੋਂ ਦਿੱਤੇ ਜਾਣ ਵਾਲੇ ਸਹਿਯੋਗ ਅਤੇ ਵਿੱਤੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ। ਟੀਮ ਨੇ ਦੱਸਿਆ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਵਿਸ਼ਵ ਬੈਂਕ ਨੇ ਸਾਂਝੇ ਤੌਰ 'ਤੇ ਵਿਆਪਕ ਯਤਨ ਕੀਤੇ ਹਨ ਜਿਹਨਾਂ ਸਦਕਾ ਪੇਂਡੂ ਲੋਕਾਂ ਨੂੰ ਪੀਣ ਯੋਗ ਪਾਣੀ ਉਹਨਾਂ ਦੀਆਂ ਬਰੂਹਾਂ 'ਤੇ ਉਪਲਬਧ ਕਰਵਾ ਕੇ ਜ਼ਿੰਦਗੀ 'ਚ ਸਾਕਾਰਾਤਮਕ ਤਬਦੀਲੀ ਲਿਆਂਦੀ ਹੈ।
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਵਿਭਾਗ ਨੇ ਵਿਸ਼ਵ ਬੈਂਕ ਦੀ ਵਿੱਤੀ ਸਹਾਇਤਾ ਨਾਲ ਮੋਗਾ 'ਚ 218 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਵੱਡਾ ਸਰਫੇਸ ਵਾਟਰ ਸਪਲਾਈ ਪ੍ਰਾਜੈਕਟ ਸ਼ੁਰੂ ਕੀਤਾ ਹੈ ਜੋ ਮੋਗਾ ਜ਼ਿਲ੍ਹੇ ਦੇ 85 ਪਿੰਡਾਂ ਦੇ ਕਰੀਬ 3.54 ਲੱਖ ਵਸਨੀਕਾਂ ਨੂੰ ਪੀਣ ਯੋਗ ਸਾਫ਼ ਪਾਣੀ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਵੱਲੋਂ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਹੁਸ਼ਿਆਰਪੁਰ, ਪਟਿਆਲਾ, ਰੋਪੜ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ 'ਚ ਅਜਿਹੇ 15 ਹੋਰ ਪ੍ਰਾਜੈਕਟ ਵੀ ਜਲਦ ਲਾਗੂ ਕੀਤੇ ਜਾ ਰਹੇ ਹਨ। ਇਹਨਾਂ 'ਚੋਂ 5 ਪ੍ਰਾਜੈਕਟਾਂ ਲਈ ਵਿਸ਼ਵ ਬੈਂਕ ਵੱਲੋਂ ਅਤੇ 10 ਪ੍ਰਾਜੈਕਟ ਲਈ ਨਾਬਾਰਡ ਵੱਲੋਂ ਸਹਾਇਤਾ ਦਿੱਤੀ ਗਈ ਹੈ। ਇਹਨਾਂ ਪ੍ਰਾਜੈਕਟਾਂ ਦੀ ਕੁੱਲ ਲਾਗਤ 1700 ਕਰੋੜ ਰੁਪਏ ਹੈ। ਇਨ੍ਹਾਂ ਪ੍ਰਾਜੈਕਟਾਂ ਨਾਲ 24.42 ਲੱਖ ਲੋਕਾਂ ਨੂੰ ਪੀਣ ਯੋਗ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ।
ਜਿੰਪਾ ਨੇ ਨਿਰਦੇਸ਼ ਦਿੱਤੇ ਕਿ ਇਹਨਾਂ ਪ੍ਰਾਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਕਾਰਜਸ਼ੀਲ ਕੀਤਾ ਜਾਵੇ ਅਤੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਈ ਜਾਵੇ। ਜਲ ਸਪਲਾਈ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਵਿਭਾਗ ਨੂੰ ਸੰਚਾਲਨ ਅਤੇ ਰੱਖ-ਰਖਾਅ ਲਈ ਦੂਜੇ ਸੂਬਿਆਂ ਵੱਲੋਂ ਅਪਣਾਏ ਵਧੀਆ ਅਭਿਆਸਾਂ ਦਾ ਅਧਿਐਨ ਕਰਨਾ ਚਾਹੀਦਾ ਹੈ ਅਤੇ ਇਨ੍ਹਾਂ ਨੂੰ ਪੰਜਾਬ ਵਿੱਚ ਅਪਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਲੰਬੇ ਸਮੇਂ ਤੱਕ ਜਲ ਸਪਲਾਈ ਸਕੀਮਾਂ ਦੀ ਸਮੁੱਚੀ ਸਥਿਤੀ ਅਤੇ ਸਥਿਰਤਾ ਵਿੱਚ ਸੁਧਾਰ ਕੀਤਾ ਜਾ ਸਕੇ।
ਉਹਨਾਂ ਨੇ ਅੱਗੇ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਦੇ ਲਾਗੂਕਰਨ ਸਬੰਧੀ ਸਮੁੱਚੀ ਪ੍ਰਕ੍ਰਿਆ ਵਿੱਚ ਜਨਤਾ ਅਤੇ ਉਹਨਾਂ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਹੋਣੀ ਚਾਹੀਦੀ ਹੈ ਤਾਂ ਜੋ ਇਸ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਇਹ ਵੀ ਆਸ ਪ੍ਰਗਟਾਈ ਕਿ ਪੰਜਾਬ ਦੇ ਸਾਰੇ ਪੇਂਡੂ ਨਾਗਰਿਕਾਂ ਨੂੰ ਸਵੇਰ ਤੋਂ ਸ਼ਾਮ ਤੱਕ ਸਾਫ਼ ਪਾਣੀ ਦੀ ਸਪਲਾਈ ਦਿੱਤੀ ਜਾਣੀ ਚਾਹੀਦੀ ਹੈ। ਇਸ ਨਾਲ ਨਾ ਸਿਰਫ਼ ਸਿਹਤ ਸਬੰਧੀ ਲਾਭ ਹੋਣਗੇ ਬਲਕਿ ਸਾਡੇ ਪਿੰਡਾਂ ਦੇ ਜੀਵਨ ਪੱਧਰ ਵਿੱਚ ਵੀ ਕਾਫ਼ੀ ਸੁਧਾਰ ਹੋਵੇਗਾ।
ਸੀ. ਪੀ. ਐੱਫ. ਕਰਮਚਾਰੀਆਂ ਨੇ ਸਿੱਖਿਆ ਮੰਤਰੀ ਨਾਲ ਕੀਤੀ ਬੈਠਕ, ਮੰਗਾਂ ਪੂਰੀਆਂ ਨਾ ਹੋਣ 'ਤੇ ਦਿੱਤੀ ਇਹ ਚੇਤਾਵਨੀ
NEXT STORY