ਲੁਧਿਆਣਾ (ਡੇਵਿਨ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਜੰਗਲਾਤ ਗਾਰਡ ਹਰਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮਾਲੇਰਕੋਟਲਾ ਦੇ ਇਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਨੇ ਕੁੱਪ ਖੁਰਦ ਪਿੰਡ ਦੇ ਨੇੜੇ ਪਿੰਡ ਦਿਲਾਵਰਗੜ੍ਹ ਵਿਖੇ ਇਕ ਮੈਰਿਜ ਪੈਲੇਸ ਬਣਾਇਆ ਹੈ ਪਰ ਉਕਤ ਮੁਲਜ਼ਮ ਨੇ ਮੁੱਖ ਸੜਕ ਤੋਂ ਪੈਲੇਸ ਤੱਕ ਜਾਣ ਲਈ ਪਹੁੰਚ ਰਸਤਾ ਦੇਣ ਵਾਸਤੇ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਉਕਤ ਮੁਲਜ਼ਮ ਵਿਰੁੱਧ ਆਰਥਿਕ ਅਪਰਾਧ ਸ਼ਾਖਾ, ਵਿਜੀਲੈਂਸ ਬਿਊਰੋ ਥਾਣਾ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
ਪੰਜਾਬ ਵਿਧਾਨ ਸਭਾ 'ਚ ਉੱਠਿਆ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਦਾ ਮੁੱਦਾ
NEXT STORY