ਬੁਢਲਾਡਾ (ਬਾਂਸਲ)- ਬਹੁਜਨ ਸਮਾਜ ਪਾਰਟੀ ਦੀ ਲੀਡਰਸ਼ਿਪ ਵੱਲੋਂ ਬੁਢਲਾਡਾ ਵਿਖੇ 6 ਦਸੰਬਰ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਪਰਿਨਿਰਵਾਣ ਦਿਵਸ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਮੌਕੇ ਬਹੁਜਨ ਸਮਾਜ ਪਾਰਟੀ ਵੱਲੋਂ ਵਿਸ਼ਾਲ ਰੈਲੀ ਵੀ ਕੀਤੀ ਜਾਵੇਗੀ।
ਇਸ ਦੀ ਜਾਣਕਾਰੀ ਦਿੰਦਿਆਂ ਅੱਜ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਕਨਵੀਨਰ ਕੁਲਦੀਪ ਸਿੰਘ ਸਰਦੂਲਗੜ੍ਹ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿੱਚ ਰਾਜ ਸਭਾ ਮੈਂਬਰ ਅਤੇ ਬਹੁਜਨ ਸਮਾਜ ਪਾਰਟੀ ਦੇ ਕੌਮੀ ਕੋਆਰਡੀਨੇਟਰ ਮਾਨਯੋਗ ਰਾਮ ਜੀ ਗੌਤਮ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਮੀਟਿੰਗ ਦੌਰਾਨ ਸੂਬਾ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਸਮੇਤ ਹਲਕੇ ਦੀ ਸਮੁੱਚੀ ਲੀਡਰਸ਼ਿਪ ਅਤੇ ਪਾਰਟੀ ਵਰਕਰ ਮੌਜੂਦ ਰਹੇ। ਆਗੂਆਂ ਨੇ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਜੀ ਨੇ ਆਪਣਾ ਸਮੁੱਚਾ ਜੀਵਨ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੇ ਹੱਕਾਂ ਲਈ ਸਮਰਪਿਤ ਕੀਤਾ। ਉਨ੍ਹਾਂ ਨੇ ਦੇਸ਼ ਨੂੰ ਸੰਵਿਧਾਨ ਦਿੱਤਾ ਅਤੇ ਲੋਕਾਂ ਨੂੰ ਬਰਾਬਰਤਾ, ਆਜ਼ਾਦੀ, ਸਿੱਖਿਆ, ਵੋਟ ਦਾ ਅਧਿਕਾਰ ਅਤੇ ਰਾਖਵੇਂਕਰਨ ਵਰਗੇ ਅਹਿਮ ਹੱਕ ਦਿਵਾਉਣ ਵਿੱਚ ਇਤਿਹਾਸਕ ਯੋਗਦਾਨ ਪਾਇਆ। ਉਨ੍ਹਾਂ ਨੂੰ ਨਾਰੀ ਮੁਕਤੀ ਦੇ ਮਹਾਨ ਮਸੀਹਾ ਵਜੋਂ ਵੀ ਯਾਦ ਕੀਤਾ ਜਾਂਦਾ ਹੈ।
ਆਗੂਆਂ ਨੇ ਦੱਸਿਆ ਕਿ 6 ਦਸੰਬਰ ਦੇ ਸਮਾਗਮ ਦੀਆਂ ਤਿਆਰੀਆਂ ਹੁਣ ਤੋਂ ਹੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪਾਰਟੀ ਆਗੂ ਅਤੇ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦੇ ਰਹੇ ਹਨ। ਇਸ ਮੌਕੇ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੰਬੇ ਸਮੇਂ ਤੋਂ ਰਵਾਇਤੀ ਪਾਰਟੀਆਂ ਨੂੰ ਮੌਕਾ ਦੇ ਕੇ ਦੇਖ ਚੁੱਕੇ ਹਨ, ਇਸ ਲਈ ਹੁਣ ਬਹੁਜਨ ਸਮਾਜ ਪਾਰਟੀ ਨੂੰ ਵੀ ਮੌਕਾ ਦੇਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਸਮਝਣ। ਉਨ੍ਹਾਂ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਦਲ-ਬਦਲੀ ਦੀ ਰਾਜਨੀਤੀ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਕੁਝ ਆਗੂ ਆਪਣੇ ਸਿਆਸੀ ਹਿੱਤਾਂ ਲਈ ਵਾਰ-ਵਾਰ ਪਾਰਟੀਆਂ ਅਤੇ ਚੋਣ ਨਿਸ਼ਾਨ ਬਦਲਦੇ ਹਨ। ਅਜਿਹੀ ਮੌਕਾਪ੍ਰਸਤ ਰਾਜਨੀਤੀ ਨਾਲ ਲੋਕਾਂ ਦਾ ਭਲਾ ਅਤੇ ਇਲਾਕੇ ਦਾ ਵਿਕਾਸ ਸੰਭਵ ਨਹੀਂ ਹੈ। ਬਹੁਜਨ ਸਮਾਜ ਪਾਰਟੀ ਦੀ ਲੀਡਰਸ਼ਿਪ ਨੇ ਸਮੂਹ ਇਨਸਾਫ਼ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ 6 ਦਸੰਬਰ ਨੂੰ ਬੁਢਲਾਡ਼ਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕਰਨ।
ਸੜਕ ਵਿਚਕਾਰ ਮੋਟਰਸਾਈਕਲ ਨੂੰ ਲਾਈ ਅੱਗ, ਕੀਤੀ ਭੰਨਤੋੜ; ਸਾਹਮਣੇ ਆਈ ਵੀਡੀਓ
NEXT STORY