ਗਿੱਦੜਬਾਹਾ (ਚਾਵਲਾ) - ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਤੇ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਲਕੇ ਦੇ ਪਿੰਡਾਂ ਚੋਟੀਆਂ, ਬੁੱਟਰ ਬਖੂਆ, ਸ਼ੇਖ, ਛੱਤੇਆਣਾ ਆਦਿ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਨੂੰ ਮੌਕੇ 'ਤੇ ਹੱਲ ਕੀਤਾ ਅਤੇ ਨਾਲ ਹੀ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰ ਕੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣ ਲਈ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੀਆਂ ਲਿਸਟਾਂ ਤਿਆਰ ਕਰਨ ਲਈ ਕਿਹਾ। ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਹਲਕਾ ਵਿਧਾਇਕ ਨੇ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਪੰਜ ਸਾਲਾਂ ਦੌਰਾਨ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਤੋਂ ਵਾਂਝਾ ਨਹੀਂ ਰਹੇਗਾ। ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਸਾਰੇ ਹੀ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਜਾਣਗੇ।
ਰਾਜਾ ਵੜਿੰਗ ਨੇ ਕਿਹਾ ਕਿ ਜਲਦ ਹੀ ਪਿੰਡਾਂ ਵਿਚਲੇ ਸਕੂਲਾਂ ਦਾ ਸਿੱਖਿਆ ਪੱਧਰ ਸੁਧਾਰਿਆ ਜਾਵੇਗਾ ਅਤੇ ਪਿੰਡਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਨੇ ਜ਼ਰੂਰੀ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ ਅਤੇ ਆਉਣ ਵਾਲੇ ਬਜਟ ਵਿਚ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦੇ ਨਾਲ-ਨਾਲ ਪੰਜਾਬ ਹਿੱਤ ਦੇ ਹੋਰ ਅਹਿਮ ਫੈਸਲੇ ਲਏ ਜਾਣਗੇ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਵਿਰੋਧੀ ਧਿਰਾਂ ਵੱਲੋਂ ਕਾਂਗਰਸ ਸਰਕਾਰ ਦੀ ਨਿਖੇਧੀ ਕੀਤੇ ਜਾਣ ਦੇ ਮਾਮਲੇ 'ਤੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਬਣੀ ਨੂੰ ਹਾਲੇ ਤਿੰਨ ਮਹੀਨੇ ਹੀ ਹੋਏ ਹਨ ਅਤੇ ਸਰਕਾਰ ਨੇ ਵੀ. ਆਈ. ਪੀ. ਕਲਚਰ ਖ਼ਤਮ ਕਰਨ ਵਰਗੇ ਅਨੇਕਾਂ ਲੋਕ ਹਿੱਤੀ ਫੈਸਲੇ ਲਏ ਹਨ, ਜੋ ਅਕਾਲੀ ਸਰਕਾਰ ਪਿਛਲੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਨਹੀਂ ਲੈ ਸਕੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਸੈਸ਼ਨ ਦੌਰਾਨ ਸਰਕਾਰ ਵਿਰੋਧੀ ਧਿਰਾਂ ਦੇ ਹਰ ਸਵਾਲ ਦਾ ਜਵਾਬ ਦੇਵੇਗੀ ਅਤੇ ਪੰਜਾਬ ਦੇ ਵਿਕਾਸ ਨੂੰ ਲੈ ਕੇ ਆਪਣਾ ਏਜੰਡਾ ਵੀ ਪੇਸ਼ ਕਰੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਕਈ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
ਲੜਕੀ ਨੇ ਲੜਕੀ ਨੂੰ ਕੀਤਾ ਅਗਵਾ
NEXT STORY