ਚੰਡੀਗੜ੍ਹ : ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਸ਼ੁੱਕਰਵਾਰ ਸਵੇਰ 11 ਵਜੇ ਸ਼ੁਰੂ ਹੋ ਗਿਆ ਹੈ। ਬਜਟ ਸੈਸ਼ਨ ਦੀ ਕਾਰਵਾਈ ਦੀ ਸ਼ੁਰੂਆਤ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਹੋਈ। ਜਿਵੇਂ ਹੀ ਰਾਜਪਾਲ ਨੇ ਭਾਸ਼ਣ ਸ਼ੁਰੂ ਕੀਤਾ ਤਾਂ ਵਿਰੋਧੀ ਧਿਰ ਕਾਂਗਰਸ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਇਕ ਘੰਟਾ 40 ਮਿੰਟ ਦੀ ਕਾਰਵਾਈ ਤੋਂ ਬਾਅਦ ਇਜਲਾਸ ਸੋਮਵਾਰ ਲਈ ਮੁਲਤਵੀ ਕਰ ਦਿੱਤਾ ਗਿਆ।
ਰਾਜਪਾਲ ਦੇ ਭਾਸ਼ਣ ਦੌਰਾਨ ਵਾਕਆਊਟ
ਰਾਜਪਾਲ ਜਿਵੇਂ ਹੀ ਸਿੱਖਿਆ ’ਤੇ ਬੋਲਣ ਲੱਗੇ ਤਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਖੜ੍ਹੇ ਹੋ ਕੇ ਉਸ ਜ਼ੋਰਦਾਰ ਵਿਰੋਧ ਕੀਤਾ। ਰੌਲੇ ਰੱਪੇ ਦੌਰਾਨ ਰਾਜਪਾਲ ਨੇ ਆਪਣਾ ਭਾਸ਼ਣ ਜਾਰੀ ਰੱਖਿਆ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿਚ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕਾਂਗਰਸੀ ਵਿਧਾਇਕਾਂ ਨੇ ਜੈ ਜਵਾਨ ਜੈ ਕਿਸਾਨ ਦੇ ਨਾਅਰੇ ਲਗਾਏ। ਕਾਂਗਰਸੀ ਵਿਧਾਇਕ ਰਾਜਪਾਲ ਦੇ ਭਾਸ਼ਣ ਦੌਰਾਨ ਹੀ ਸਦਨ ’ਚੋਂ ਵਾਕਆਊਟ ਕਰ ਗਏ।
ਇਹ ਵੀ ਪੜ੍ਹੋ : ਲਾਇਸੈਂਸ ਧਾਰਕਾਂ 'ਤੇ ਵੱਡੇ ਐਕਸ਼ਨ ਦੀ ਤਿਆਰੀ, ਜਾਰੀ ਹੋਏ ਸਖ਼ਤ ਹੁਕਮ
ਉਪਰੰਤ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਜਵਾਨ ਸੁਰੱਖਿਅਤ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਪਟਿਆਲਾ ਵਿਚ ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਮਾਰਕੁੱਟ ਕਰਨ ਵਾਲੇ ਪੁਲਸ ਮੁਲਾਜ਼ਮਾਂ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਬਰਖਾਸਤ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸੂਬਾ ਸਰਕਾਰ ਵੱਲੋਂ ਕਿਸਾਨਾਂ ਵਿਰੁੱਧ ਕੀਤੀ ਕਾਰਵਾਈ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਕਿਸਾਨਾਂ ਪ੍ਰਤੀ ਵਤੀਰਾ ਬਹੁਤ ਗਲਤ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਐੱਸ. ਐੱਸ. ਪੀ. ਨਾਨਕ ਸਿੰਘ ਨੂੰ ਹਟਾਇਆ ਜਾਵੇ
ਜ਼ੀਰੋ ਆਵਰ ਦੌਰਾਨ ਬਾਜਵਾ ਨੇ ਕਿਹਾ ਕਿ ਕਰਨਲ 13 ਤਾਰੀਖ ਨੂੰ ਆਪਣੇ ਪੁੱਤ ਨਾਲ ਖਾਣਾ ਖਾਣ ਆਏ ਸਨ। ਉਨ੍ਹਾਂ ਦੀ ਪਤਨੀ ਮੁਤਾਬਕ 12 ਪੁਲਸ ਮੁਲਾਜ਼ਮ ਸਿਵਲ ਵਰਦੀ ਵਿਚ ਆਏ ਅਤੇ ਪਾਰਕਿੰਗ ਨੂੰ ਲੈ ਕੇ ਵਿਵਾਦ ਹੋ ਗਿਆ। ਇਸ ਦੌਰਾਨ ਪੁਲਸ ਵਾਲਿਆਂ ਨੇ ਕਰਨਲ ਨਾਲ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੀ ਪੱਗ ਵੀ ਉਤਾਰ ਦਿੱਤੀ। ਕਰਨਲ ਨੇ ਆਪਣਾ ਆਈ. ਡੀ. ਕਾਰਡ ਵੀ ਦਿਖਾਇਆ ਪਰ ਉਹ ਨਹੀਂ ਰੁਕੇ। ਪ੍ਰਤਾਪ ਬਾਜਵਾ ਨੇ ਉਦਾਹਰਣ ਦਿੰਦਿਆਂ ਕਿਹਾ ਕਿ 1992 ਵਿਚ ਵੀ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆਇਆ ਸੀ। ਉਸ ਸਮੇਂ ਆਰਮੀ ਕਮਾਂਡ ਨੇ ਇਹ ਮੁੱਦਾ ਗਵਰਨਰ ਕੋਲ ਚੁੱਕਿਆ। ਜਾਂਚ ਦੌਰਾਨ ਐੱਸ.ਐੱਸ. ਪੀ. ਦੀ ਗਲਤੀ ਪਾਈ ਗਈ, ਜਿਸ ਤੋਂ ਬਾਅਦ ਉਸ ਨੂੰ ਮੂਲ ਕੈਡਰ ਪੰਜਾਬ ਵਿਚ ਵਾਪਸ ਭੇਜ ਦਿੱਤਾ ਗਿਆ। ਉਨ੍ਹਾਂ ਨੇ ਮੰਗ ਕੀਤੀ ਕਿ ਪਟਿਆਲਾ ਦੇ ਐੱਸ. ਐੱਸ. ਪੀ. ਨਾਨਕ ਸਿੰਘ ਨੂੰ ਵੀ ਉਥੋਂ ਹਟਾਇਆ ਜਾਵੇ ਕਿਉਂਕਿ ਉਨ੍ਹਾਂ ਨੇ ਮੁਲਜ਼ਮ ਪੁਲਸ ਵਾਲਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਦੀ ਲੱਗੀ ਲਾਟਰੀ, ਤਨਖਾਹਾਂ ਵਿਚ ਭਾਰੀ ਵਾਧਾ
ਕੀ ਕਿਹਾ ਰਾਜਪਾਲ ਨੇ
ਰਾਜਪਾਲ ਨੇ ਭਾਸ਼ਣ ਦੀ ਸ਼ੁਰੂਆਤ ‘ਜੋ ਬੋਲੇ ਸੋ ਨਿਹਾਲ’ ਦੇ ਜੈਕਾਰੇ ਨਾਲ ਕੀਤੀ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ। ਉਨ੍ਹਾਂ ਆਪਣੇ ਸੰਬੋਧਨ ਵਿਚ ਸੂਬਾ ਸਰਕਾਰ ਵੱਲੋਂ 881 ਆਮ ਆਦਮੀ ਕਲੀਨਿਕ ਖੋਲ੍ਹੇ ਜਾਣ ਬਾਰੇ ਦੱਸਿਆ। ਇਨ੍ਹਾਂ ਵਿਚ ਹੁਣ ਤੱਕ 2.98 ਲੱਖ ਕਰੋੜ ਲੋਕਾਂ ਨੇ ਇਲਾਜ ਕਰਵਾਇਆ ਅਤੇ 90 ਲੱਖ ਲੋਕਾਂ ਨੇ ਟੈਸਟ ਕਰਵਾਏ ਹਨ। ਇਥੋਂ ਲੋਕਾਂ ਨੇ 60 ਕਰੋੜ ਰੁਪਏ ਦੀ ਦਵਾਈਆਂ ਅਤੇ 100 ਕਰੋੜ ਰੁਪਏ ਤੋਂ ਵੱਧ ਦੇ ਟੈਸਟ ਕਰਵਾਏ ਹਨ।ਰਾਜਪਾਲ ਨੇ ਕਿਹਾ ਕਿ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐਫ.) ਨੂੰ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਰੂਪ ਵਿਚ ਪੁਨਰਗਠਿਤ ਅਤੇ ਮਜ਼ਬੂਤ ਕੀਤਾ ਗਿਆ ਹੈ, ਜਿਸ ਦੀ ਸਥਾਪਨਾ ਨਸ਼ਾ ਕਾਨੂੰਨਾਂ ਨੂੰ ਲਾਗੂ ਕਰਨ, ਪੀੜਤਾਂ ਦੇ ਮੁੜ ਵਸੇਬੇ ਅਤੇ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਬਾ ਭਰ ਵਿਚ 33,079 ਜਨ ਜਾਗਰੂਕਤਾ ਮੀਟਿੰਗਾਂ ਕੀਤੀਆਂ ਗਈਆਂ ਅਤੇ ਸਿਰਫ਼ ਚਾਰ ਮਹੀਨਿਆਂ ਵਿਚ 19,523 ਗ੍ਰਾਮ ਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਸ਼ਿਆਂ-ਸਬੰਧਤ ਡੇਟਾ, ਸੰਚਾਰ ਅਤੇ ਵਿੱਤੀ ਲੈਣ- ਦੇਣ ਦਾ ਵਿਸ਼ਲੇਸ਼ਣ ਕਰਨ ਲਈ ਇਕ ਵਿਸ਼ੇਸ਼ ਖੁਫੀਆ ਅਤੇ ਤਕਨੀਕੀ ਇਕਾਈ ਵੀ ਸਥਾਪਿਤ ਕੀਤੀ ਗਈ ਹੈ, ਜਿਸ ਨਾਲ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੀ ਪ੍ਰਭਾਵਸ਼ੀਲਤਾ ਵਿਚ ਮਹੱਤਵਪੂਰਨ ਵਾਧਾ ਹੋਇਆ ਹੈ। ਰਾਜਪਾਲ ਨੇ ਕਿਹਾ ਕਿ ਐਂਟੀ-ਗੈਂਗਸਟਰ ਟਾਸਕ ਫੋਰਸ ਅਤੇ ਫੀਲਡ ਯੂਨਿਟਾਂ ਨੇ ਸੰਗਠਿਤ ਅਪਰਾਧ ਨਾਲ ਨਜਿੱਠਦੇ ਹੋਏ 1,588 ਅਪਰਾਧੀਆਂ ਨੂੰ ਗ੍ਰਿਫਤਾਰ ਕਰਨ, 13 ਗੈਂਗਸਟਰਾਂ ਨੂੰ ਨਕਾਰਾ ਕਰਨ, 571 ਅਪਰਾਧਕ ਗਰੋਹਾਂ ਦਾ ਪਰਦਾਫਾਸ਼ ਕਰਨ ਅਤੇ ਅਪਰਾਧਾਂ ਵਿਚ ਵਰਤੇ ਗਏ 1,477 ਹਥਿਆਰ ਅਤੇ 327 ਵਾਹਨ ਬਰਾਮਦ ਕਰਦਿਆਂ ਮਹੱਤਵਪੂਰਨ ਪ੍ਰਾਪਤੀ ਕੀਤੀ ਹੈ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਲਈ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਰ ਸੰਭਵ ਪ੍ਰਸ਼ਾਸਕੀ ਅਤੇ ਕਾਨੂੰਨੀ ਉਪਾਅ ਕੀਤੇ ਹਨ।
ਇਹ ਵੀ ਪੜ੍ਹੋ : ਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਨਵੀਂ ਪਾਬੰਦੀ ਲਗਾਉਣ ਦੀ ਤਿਆਰੀ! ਕੈਬਨਿਟ ਮੰਤਰੀ ਨੇ ਖ਼ੁਦ ਕੀਤਾ ਐਲਾਨ
NEXT STORY