ਬੁਢਲਾਡਾ (ਮਨਜੀਤ) : ਭਾਦੋਂ ਦੇ ਤਪਦੇ ਮੌਸਮ ਅਤੇ ਹੁੰਮਸ ਭਰੀ ਗਰਮੀ ਦੌਰਾਨ ਬੁਢਲਾਡਾ ਸ਼ਹਿਰ 'ਚ ਬਿਜਲੀ ਦੇ ਲਗਾਤਾਰ ਕੱਟਾਂ ਅਤੇ ਵਾਰ-ਵਾਰ ਪੈ ਰਹੇ ਫਾਲਟਾਂ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਇਕ ਪਾਸੇ ਪੰਜਾਬ ਸਰਕਾਰ ਵਲੋਂ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਜਦੋਂ ਕਿ ਦੂਜੇ ਪਾਸੇ ਸ਼ਹਿਰ ਵਾਸੀਆਂ ਨੂੰ ਦਿਨ-ਰਾਤ ਬਿਜਲੀ ਦੇ ਅਣਐਲਾਨੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਵਿਰੋਧੀ ਆਗੂਆਂ ਨੇ ਸਰਕਾਰੀ ਦਾਅਵਿਆਂ ਦੀ ਖੋਲ੍ਹੀ ਪੋਲ
ਇਸ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਨਿਸ਼ਾਨ ਸਿੰਘ, ਭਾਜਪਾ ਆਗੂ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਣਜੀਤ ਸਿੰਘ ਦੌਦੜਾ ਨੇ ਸਾਂਝੇ ਤੌਰ ’ਤੇ ਸਰਕਾਰ ਅਤੇ ਵਿਭਾਗ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਰਾਤ ਸਮੇਂ ਕਈ-ਕਈ ਘੰਟੇ ਬਿਜਲੀ ਗੁੱਲ ਰਹਿਣ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਨੂੰ ਅਸਹਿ ਗਰਮੀ ਵਿਚ ਬੇਹੱਦ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਬਿਜਲੀ ਪ੍ਰਬੰਧਾਂ ਵਿਚ ਸੁਧਾਰ ਲਈ ਕਰੋੜਾਂ ਰੁਪਏ ਖ਼ਰਚ ਕਰ ਕੇ ਨਵੀਆਂ ਲਾਈਨਾਂ ਵਿਛਾਉਣ ਅਤੇ ਗਰਿੱਡਾਂ ਵਿਚ ਵੱਡੇ ਟਰਾਂਸਫ਼ਾਰਮਰ ਲਗਾਉਣ ਦੇ ਦਾਅਵੇ ਤਾਂ ਕੀਤੇ ਜਾਂਦੇ ਹਨ ਪਰ ਜ਼ਮੀਨੀ ਹਕੀਕਤ ਇਹ ਹੈ ਕਿ ਬੁਢਲਾਡਾ ਵਿਚ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ।
ਸਥਾਈ ਹੱਲ ਦੀ ਮੰਗ ਅਤੇ ਤਿੱਖੇ ਸੰਘਰਸ਼ ਦੀ ਚਿਤਾਵਨੀ
ਸਿਆਸੀ ਆਗੂਆਂ ਨੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਸ਼ਹਿਰ ਵਿਚ ਵਾਰ-ਵਾਰ ਪੈ ਰਹੇ ਫਾਲਟਾਂ ਅਤੇ ਅਣਐਲਾਨੇ ਕੱਟਾਂ ਦਾ ਤੁਰੰਤ ਸਥਾਈ ਹੱਲ ਕੀਤਾ ਜਾਵੇ ਅਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਪ੍ਰਬੰਧ ਵਿਚ ਜਲਦ ਸੁਧਾਰ ਨਾ ਕੀਤਾ ਗਿਆ ਤਾਂ ਉਹ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਵਿਭਾਗ ਅਤੇ ਪ੍ਰਸ਼ਾਸਨ ਦੀ ਹੋਵੇਗੀ।
ਚੌਲ ਚੋਰੀ ਮਾਮਲੇ ਦਾ ਭਗੌੜਾ ਦੋਸ਼ੀ RPF ਨੇ ਕੀਤਾ ਗ੍ਰਿਫ਼ਤਾਰ
NEXT STORY