ਨਵਾਂਸ਼ਹਿਰ (ਬ੍ਰਹਮਪੁਰੀ) : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆਂ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ 76ਵੇਂ ਗਣਤੰਤਰ ਦਿਵਸ ’ਤੇ ਆਈ. ਟੀ. ਆਈ ਗਰਾਊਂਡ ਨਵਾਂਸ਼ਹਿਰ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਕੌਮੀ ਝੰਡਾ ਲਹਿਰਾਇਆ। ਕੈਬਨਿਟ ਮੰਤਰੀ ਨੇ ਡਿਪਟੀ ਰਾਜੇਸ਼ ਧੀਮਾਨ, ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਅਤੇ ਪਰੇਡ ਕਮਾਂਡਰ ਡੀ. ਐੱਸ. ਪੀ ਸ਼ਾਹਬਾਜ਼ ਸਿੰਘ ਸਮੇਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ।
ਇਸ ਮੌਕੇ ਉਨ੍ਹਾਂ ਆਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਵਿਲੱਖਣ ਪ੍ਰਾਪਤੀਆਂ ਕਰਨ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਅਤੇ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਸੌਂਪੀਆਂ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ 'ਤੇ ਆਧਾਰਿਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਅਤੇ ਗਿੱਧੇ ਤੇ ਭੰਗੜੇ ਦੀਆਂ ਧਮਾਲਾਂ ਪਈਆਂ। ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਬੰਗਾ ਅਤੇ ਪੰਜਾਬ ਰਾਜ ਕੰਟੇਨਰ ਤੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਡਾ. ਸੁਖਵਿੰਦਰ ਕੁਮਾਰ ਸੁੱਖੀ, ਵਿਧਾਇਕਾ ਬਲਾਚੌਰ ਸੰਤੋਸ਼ ਕਟਾਰੀਆ ਅਤੇ ਵਿਧਾਇਕ ਨਵਾਂਸ਼ਹਿਰ ਨਛੱਤਰ ਪਾਲ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ : 'AAP ਦੀ ਨਵੀਂ ਸਰਕਾਰ 'ਚ ਮਨੀਸ਼ ਸਿਸੋਦੀਆ ਹੋਣਗੇ ਡਿਪਟੀ CM', ਚੋਣਾਂ ਤੋਂ ਪਹਿਲਾਂ ਕੇਜਰੀਵਾਲ ਦਾ ਵੱਡਾ ਐਲਾਨ
ਇਸ ਦੌਰਾਨ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਜਿੱਥੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਲੜੇ ਲੰਬੇ ਸੰਘਰਸ਼ ਵਿਚ ਆਪਣੀਆਂ ਜਾਨਾਂ ਵਾਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਆਪਣਾ ਦਿਲੋਂ ਸਨਮਾਨ ਭੇਟ ਕੀਤਾ, ਉਥੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਵਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਅਹੁਦੇ ਦੀ ਸਹੁੰ ਵੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ ਸੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਸਰਕਾਰੀ ਦਫਤਰਾਂ ਵਿਚ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲਗਾਈਆਂ। ਮੋਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ਉੱਤੇ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਹੁਣ ਪੰਜਾਬ ਸਰਕਾਰ ਨੇ ਉਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਸਥਾਪਿਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਇਕ 850 ਮੀਟਰ ਲੰਬੀ ਵਿਰਾਸਤੀ ਗਲੀ ਦਾ ਨਿਰਮਾਣ ਕਰੇਗੀ, ਜੋ ਕੌਮੀ ਆਜ਼ਾਦੀ ਸੰਗਰਾਮ ਵਿਚ ਪੰਜਾਬ ਅਤੇ ਪੰਜਾਬੀਆਂ ਦੇ ਸ਼ਾਨਦਾਰ ਯੋਗਦਾਨ ਨੂੰ ਦਰਸਾਏਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਵੀ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ ਇਕ ਕਰੋੜ ਰੁਪਏ ਕੀਤੀ ਹੈ ਅਤੇ ਇਸ ਵਿੱਤੀ ਸਹਾਇਤਾ ਸਕੀਮ ਵਿੱਚ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵੀ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਧਰਮੀ ਫ਼ੌਜੀਆਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡਾ ਮਾਣ ਹਨ ਅਤੇ ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਿਸਾਂ ਨੂੰ ਮਿਲਦੀ ਪੈਨਸ਼ਨ 9400 ਤੋਂ ਵਧਾ ਕੇ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੇ ਵਾਰਿਸਾਂ ਨੂੰ ਪੰਜਾਬ ਸਰਕਾਰ ਦੀ ਸਿੱਧੀ ਭਰਤੀ ਵਿਚ ਰਾਖਵਾਂਕਰਨ ਦਾ ਵੀ ਉਪਬੰਧ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ 'ਤੇ ਵੀ ਸੂਬਾ ਸਰਕਾਰ ਦਾ ਵਿਸ਼ੇਸ਼ ਧਿਆਨ ਹੈ ਅਤੇ ਬਾਗਬਾਨੀ ਅਧੀਨ ਰਕਬਾ 4 ਲੱਖ 39 ਹਜ਼ਾਰ 210 ਹੈਕਟੇਅਰ ਤੋਂ ਵੱਧ ਕੇ 4 ਲੱਖ 81 ਹਜ਼ਾਰ 743 ਹੈਕਟੇਅਰ ਹੋ ਗਿਆ ਹੈ।
ਇਹ ਵੀ ਪੜ੍ਹੋ : ਟਰੰਪ ਦਾ ਫਰਮਾਨ ਮੰਨਣ ਤੋਂ ਕੋਲੰਬੀਆ ਦੀ ਕੋਰੀ ਨਾਂਹ, ਅਮਰੀਕਾ ਵੱਲੋਂ ਟੈਰਿਫ ਤੇ ਵੀਜ਼ਾ ਪਾਬੰਦੀਆਂ ਲਾਉਣ ਦੀ ਤਿਆਰੀ
ਉਨ੍ਹਾਂ ਕਿਹਾ ਕਿ ਰੋਜ਼ਗਾਰ, ਸਿਹਤ, ਸਿੱਖਿਆ, ਮੁਫ਼ਤ ਬਿਜਲੀ ਅਤੇ ਹੋਰ ਪ੍ਰਸ਼ਾਸਕੀ ਸੁਧਾਰ ਪੰਜਾਬ ਸਰਕਾਰ ਦੇ ਮੁੱਖ ਏਜੰਡੇ ਹਨ ਅਤੇ ਇਨ੍ਹਾਂ ਖੇਤਰਾਂ ਵਿਚ ਕ੍ਰਾਂਤੀਕਾਰੀ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਸਰਕਾਰ ਨੇ ਖੇਡਾਂ ਅਤੇ ਸੈਰ-ਸਪਾਟੇ ਨੂੰ ਉਤਸਾਹਿਤ ਕਰਨ, ਧਰਤੀ ਹੇਠਲੇ ਪਾਣੀ ਨੂੰ ਬਚਾਉਣ, ਖੇਤੀਬਾੜੀ ਦੇ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ, ਪਰਾਲੀ ਦੀ ਸਾਂਭ-ਸੰਭਾਲ, ਗੰਨਾ ਕਾਸ਼ਤਕਾਰਾਂ ਦੀ ਬਾਂਹ ਫੜਨ, ਪਿੰਡਾਂ ਵਿਚ ਲਾਇਬ੍ਰੇਰੀਆਂ ਸਥਾਪਿਤ ਕਰਨ, ਪਿੰਡਾਂ ਅਤੇ ਸ਼ਹਿਰਾਂ ਦੇ ਚਹੁੰ ਮੁਖੀ ਵਿਕਾਸ, ਸੜਕੀ ਢਾਂਚੇ ਦੀ ਮਜਬੂਤੀ, ਉਦਯੋਗਿਕ ਖੇਤਰ ਦੀ ਤਰੱਕੀ ਅਤੇ ਨਿਵੇਸ਼ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਵਿਸ਼ੇਸ਼ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ, ਫਰਿਸ਼ਤੇ ਸਕੀਮ, ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਰਗੀਆਂ ਨਿਵੇਕਲੀਆਂ ਪਹਿਲਕਦਮੀਆਂ ਤੋਂ ਇਲਾਵਾ ਐਨ. ਆਰ. ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਅਤੇ ਨਵੀਂ ਦਿੱਲੀ ਹਵਾਈ ਅੱਡੇ ਉੱਤੇ ਫੈਸਿਲਟੇਸ਼ਨ ਸੈਂਟਰ ਸਥਾਪਿਤ ਕਰਨ ਵਰਗੇ ਅਹਿਮ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ, ਹੱਸਦਾ-ਖੇਡਦਾ ਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਤਤਪਰ ਹੈ ਅਤੇ ਇਸ ਦਿਸ਼ਾ ਵਿਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਨੂੰ ਸ਼ਾਨਦਾਰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਵੱਲੋਂ ਆਈ.ਟੀ.ਆਈ ਗਰਾਊਂਡ ਲਈ ਆਪਣੇ ਅਖਤਿਆਰੀ ਫੰਡ ਵਿਚੋਂ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ। ਇਸੇ ਤਰ੍ਹਾਂ ਉਨ੍ਹਾਂ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ।
ਇਸ ਮੌਕੇ ਏ.ਡੀ.ਜੀ.ਪੀ (ਪ੍ਰੋਵੀਜ਼ਨਿੰਗ) ਨਾਗੇਸ਼ਵਰ ਰਾਓ, ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰਿਆ ਸੂਦ, ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਉੱਪ ਚੇਅਰਮੈਨ ਲਲਿਤ ਮੋਹਨ ਪਾਠਕ 'ਬੱਲੂ', ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ ਕੁਲਜੀਤ ਸਿੰਘ ਸਰਹਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਨਗਰ ਸੁਧਾਰ ਟਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਐੱਸ. ਡੀ. ਐੱਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਤੋਂ ਇਲਾਵਾ ਨਿਆਇਕ, ਸਿਵਲ ਤੇ ਪੁਲਸ ਅਧਿਕਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ 'ਚ ਬੇਟੀ ਬਚਾਓ, ਬੇਟੀ ਪੜ੍ਹਾਓ ਦਾ ਸੁਨੇਹਾ ਦੇਣ ਵਾਲੇ ਚੌਂਕ ਦਾ ਕੀਤਾ ਗਿਆ ਉਦਘਾਟਨ
NEXT STORY