ਮੋਗਾ (ਆਜ਼ਾਦ) : ਸੰਤ ਨਗਰ ਮੋਗਾ ਨਿਵਾਸੀ ਜਸਪ੍ਰੀਤ ਸਿੰਘ ਨੇ ਕ੍ਰਿਸ਼ਨਾ ਨਗਰ ਮੋਗਾ ਨਿਵਾਸੀ ਦੋ ਭਰਾਵਾਂ ਅਖਤਰ ਅਲੀ ਉਰਫ ਸੋਨੂੰ ਵਾਹਦ ਅਤੇ ਅਬਾਰ ਅਲੀ ਉਰਫ ਮੋਨੂੰ ਵਾਹਦ ’ਤੇ ਉਸ ਦੇ ਭਾਣਜੇ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 12 ਲੱਖ 40 ਹਜ਼ਾਰ ਰੁਪਏ ਦੀ ਠੱਗੀ ਕੀਤੇ ਜਾਣ ਦਾ ਦੋਸ਼ ਲਗਾਇਆ ਹੈ। ਪੁਲਸ ਨੇ ਜਾਂਚ ਤੋਂ ਬਾਅਦ ਕਥਿਤ ਦੋਸ਼ੀਆਂ ਖ਼ਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਜ਼ਿਲ੍ਹਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਜਸਪ੍ਰੀਤ ਸਿੰਘ ਨੇ ਕਿਹਾ ਕਿ 2022 ਵਿਚ ਦੋਹਾਂ ਕਥਿਤ ਦੋਸ਼ੀਆਂ ਨੇ ਉਸ ਦੇ ਭਾਣਜੇ ਇਤਵਿੰਦਰ ਸਿੰਘ ਨੂੰ ਕੈਨੇਡਾ ਭੇਜਣ ਦਾ ਝਾਂਸਾ ਦਿੱਤਾ, ਜਿਸ ’ਤੇ ਅਸੀਂ ਆਪਣੇ ਭਾਣਜੇ ਦੇ ਸਾਰੇ ਦਸਤਾਵੇਜ਼ ਉਨ੍ਹਾਂ ਨੂੰ ਦੇ ਦਿੱਤੇ। ਸਾਨੂੰ ਕਥਿਤ ਦੋਸ਼ੀਆਂ ਨੇ ਵਿਸ਼ਵਾਸ ਦਿੱਤਾ ਸੀ ਕਿ ਉਹ ਜਲਦ ਹੀ ਇਤਵਿੰਦਰ ਸਿੰਘ ਨੂੰ ਕੈਨੇਡਾ ਭੇਜ ਦੇਣਗੇ ਪਰ ਨਾ ਤਾਂ ਉਨ੍ਹਾਂ ਨੇ ਕੈਨੇਡਾ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਕਥਿਤ ਦੋਸ਼ੀ ਆਪਣੀ ਦੁਕਾਨ ਬੰਦ ਕਰ ਕੇ ਕਿਸੇ ਅਣਪਛਾਤੀ ਜਗ੍ਹਾ ਚਲੇ ਗਏ।
ਜ਼ਿਲ੍ਹਾ ਪੁਲਸ ਮੁਖੀ ਮੋਗਾ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੀ ਜਾਂਚ ਡੀ. ਐੱਸ. ਪੀ. ਆਈ. ਮੋਗਾ ਨੂੰ ਕਰਨ ਦਾ ਆਦੇਸ਼ ਦਿੱਤਾ। ਜਾਂਚ ਤੋਂ ਬਾਅਦ ਸ਼ਿਕਾਇਤ ਕਰਤਾ ਦੇ ਦੋਸ਼ ਸਹੀ ਪਾਏ ਜਾਣ ’ਤੇ ਪੁਲਸ ਵੱਲੋਂ ਕਾਨੂੰਨੀ ਰਾਏ ਹਾਸਲ ਕਰਨ ਦੇ ਬਾਅਦ ਦੋਹਾਂ ਕਥਿਤ ਦੋਸ਼ੀਆਂ ਖ਼ਿਲਾਫ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ। ਇਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ, ਸੂਬੇ ਦੇ ਪਿੰਡਾਂ ਨੂੰ ਲੈ ਕੇ ਕੀਤਾ ਇਹ ਫ਼ੈਸਲਾ
NEXT STORY