ਜਲੰਧਰ(ਧਵਨ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਜੇਕਰ ਉਹ ਕਿਸਾਨਾਂ ਦੇ ਕਰਜ਼ੇ ਨੂੰ ਮੁਆਫ ਕਰਨ ਲਈ ਗੰਭੀਰ ਹਨ ਤਾਂ ਉਨ੍ਹਾਂ ਨੂੰ ਇਸ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਦਬਾਅ ਪਾਉਣ ਲਈ ਸੰਸਦ ਦਾ ਘਿਰਾਓ ਕਰਨਾ ਚਾਹੀਦਾ ਹੈ। ਇਸ ਮਾਮਲੇ 'ਤੇ ਰਾਜ ਵਿਧਾਨ ਸਭਾ ਦਾ ਘਿਰਾਓ ਕਰਨ ਦੀ ਅਕਾਲੀਆਂ ਦੀ ਯੋਜਨਾ ਸਿਰਫ ਸਿਆਸੀ ਲਾਭ ਲੈਣ ਲਈ ਹੈ। ਉਨ੍ਹਾਂ ਨੇ ਸੁਖਬੀਰ ਵੱਲੋਂ ਵਿਧਾਨ ਸਭਾ ਦਾ ਘਿਰਾਓ ਕਰਨ ਦੇ ਐਲਾਨ ਦੀ ਨਿੰਦਾ ਕਰਦਿਆਂ ਕਿਹਾ ਕਿ 10 ਸਾਲਾਂ ਤੱਕ ਸੱਤਾ ਵਿਚ ਰਹਿੰਦੇ ਹੋਏ ਸੁਖਬੀਰ ਅਤੇ ਅਕਾਲੀ-ਭਾਜਪਾ ਗਠਜੋੜ ਸਰਕਾਰ ਨੂੰ ਕਿਸਾਨਾਂ ਦੇ ਕਰਜ਼ੇ ਨੂੰ ਮੁਆਫ ਕਰਵਾਉਣ ਦੀ ਯਾਦ ਨਹੀਂ ਆਈ। ਹੁਣ ਕਿਉਂਕਿ ਸਰਕਾਰ ਨੇ ਇਸ ਦਿਸ਼ਾ ਵਿਚ ਕਦਮ ਚੁੱਕਿਆ ਹੈ ਤਾਂ ਸੁਖਬੀਰ ਮਗਰਮੱਛ ਦੇ ਹੰਝੂ ਵਹਾਉਣ ਵਿਚ ਲੱਗੇ ਹੋਏ ਹਨ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ 10 ਸਾਲਾਂ ਤੱਕ ਅਕਾਲੀਆਂ ਨੇ ਆਰਥਿਕ ਸੰਕਟ 'ਚ ਕਰਜ਼ਿਆਂ ਦੇ ਜਾਲ ਵਿਚ ਫਸੇ ਕਿਸਾਨਾਂ ਦੀ ਸਾਰ ਨਹੀਂ ਲਈ ਅਤੇ ਨਾ ਹੀ ਆਪਣੇ ਕਾਰਜਕਾਲ ਦੌਰਾਨ ਇਕ ਵੀ ਕਿਸਾਨ ਦਾ ਕਰਜ਼ਾ ਮੁਆਫ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਵਿਚ ਅਕਾਲੀ ਦਲ ਦੀ ਸਹਿਯੋਗੀ ਪਾਰਟੀ ਭਾਜਪਾ ਦੀ ਸਰਕਾਰ ਪਿਛਲੇ 4 ਸਾਲਾਂ ਤੋਂ ਕੰਮ ਕਰ ਰਹੀ ਹੈ ਪਰ ਅਕਾਲੀ ਦਲ ਨੇ ਇਕ ਵਾਰ ਵੀ ਰਾਜਗ ਸਰਕਾਰ ਕੋਲ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਮੁੱਦਾ ਨਹੀਂ ਉਠਾਇਆ।
ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਵਿਚ ਸੁਖਬੀਰ ਦੀ ਪਤਨੀ ਹਰਸਿਮਰਤ ਬਾਦਲ ਵੀ ਸ਼ਾਮਲ ਹੈ ਪਰ ਉਨ੍ਹਾਂ ਨੇ ਵੀ ਸੰਕਟ ਵਿਚ ਫਸੇ ਕਿਸਾਨਾਂ ਨੂੰ ਰਾਹਤ ਦਿਵਾਉਣ ਲਈ ਆਪਣੀ ਆਵਾਜ਼ ਨਹੀਂ ਉਠਾਈ। ਜੇਕਰ ਸੁਖਬੀਰ ਅਸਲ ਵਿਚ ਗੰਭੀਰ ਹੁੰਦੇ ਤਾਂ ਹੁਣ ਤੱਕ ਕੇਂਦਰ ਸਰਕਾਰ 'ਤੇ ਦਬਾਅ ਪਾਉਣ ਲਈ ਕੁਝ ਯਤਨ ਤਾਂ ਕਰਦੇ। ਮੁੱਖ ਮੰਤਰੀ ਨੇ ਕਿਹਾ ਕਿ 2018-19 ਦੇ ਬਜਟ ਵਿਚ ਕਿਸਾਨ ਕਰਜ਼ਾ ਮੁਆਫੀ ਨੂੰ ਲੈ ਕੇ ਬਜਟ ਦੀ ਪੂਰੀ ਵਿਵਸਥਾ ਕਾਂਗਰਸ ਸਰਕਾਰ ਵੱਲੋਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 82,000 ਕਿਸਾਨਾਂ ਨੂੰ ਸਰਕਾਰ ਨੇ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਦੇ ਦਿੱਤੇ ਹਨ। ਉਨ੍ਹਾਂ ਦੀ ਸਰਕਾਰ ਨਵੰਬਰ 2018 ਤੱਕ ਸਾਰੇ 10.25 ਲੱਖ ਛੋਟੇ ਅਤੇ ਸਰਹੱਦੀ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਦੇਵੇਗੀ। ਆਰਥਿਕ ਸੰਕਟ ਹੋਣ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫੀ ਦੇ ਵਾਅਦੇ ਨੂੰ ਇਸੇ ਸਾਲ ਪੂਰਾ ਕਰਨ ਦਾ ਫੈਸਲਾ ਲਿਆ ਹੈ।
17 ਸਾਲਾ ਅੰਮ੍ਰਿਤਧਾਰੀ ਗਾਇਕ ਨੂੰ ਅਣਪਛਾਤੇ ਲੋਕਾਂ ਵਲੋਂ ਧਮਕੀਆਂ
NEXT STORY