ਜਲੰਧਰ(ਧਵਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸੂਬੇ ਵਿਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿਚ ਪੇਸ਼ ਕੀਤੀ ਜਾਵੇਗੀ ਅਤੇ ਇਸ ਵਿਚ ਦੋਸ਼ੀ ਪਾਏ ਜਾਣ ਵਾਲੇ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਅੱਜ ਸੀਨੀਅਰ ਮੰਤਰੀਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਪਾਰਟੀ ਵਿਧਾਇਕਾਂ ਰਾਣਾ ਗੁਰਜੀਤ ਸਿੰਘ, ਕਿੱਕੀ ਢਿੱਲੋਂ ਅਤੇ ਪਰਗਟ ਸਿੰਘ ਨਾਲ ਇਸ ਮਾਮਲੇ ਬਾਰੇ ਗੱਲਬਾਤ ਕੀਤੀ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਜਸਟਿਸ ਰਣਜੀਤ ਸਿੰਘ ਕੋਲੋਂ ਰਿਪੋਰਟ ਦਾ ਪਹਿਲਾ ਹਿੱਸਾ ਹੀ ਪ੍ਰਾਪਤ ਹੋਇਆ ਹੈ, ਜਿਸ ਦਾ ਕਾਨੂੰਨੀ ਤੌਰ 'ਤੇ ਅਧਿਐਨ ਸ਼ੁਰੂ ਕਰ ਦਿੱਤਾ ਗਿਆ ਹੈ। ਰਿਪੋਰਟ ਦਾ ਬਾਕੀ ਹਿੱਸਾ ਵੀ ਜਸਟਿਸ ਰਣਜੀਤ ਸਿੰਘ ਕੋਲੋਂ ਜਲਦੀ ਮਿਲ ਜਾਵੇਗਾ ਤੇ ਉਸ ਤੋਂ ਬਾਅਦ ਪੂਰੀ ਰਿਪੋਰਟ ਅਗਲੇ ਵਿਧਾਨ ਸਭਾ ਸੈਸ਼ਨ ਵਿਚ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਰਿਪੋਰਟ ਦੇ ਪਹਿਲੇ ਹਿੱਸੇ ਵਿਚ ਬਰਗਾੜੀ ਵਿਚ ਹੋਈ ਘਟਨਾ ਤੇ ਬਹਿਬਲਕਲਾਂ ਪੁਲਸ ਫਾਇਰਿੰਗ ਕਾਂਡ ਦੀ ਰਿਪੋਰਟ ਦਿੱਤੀ ਹੈ। ਮੁੱਖ ਮੰਤਰੀ ਨੇ ਰਿਪੋਰਟ ਨੂੰ ਗ੍ਰਹਿ ਸਕੱਤਰ ਅਤੇ ਐਡਵੋਕੇਟ ਜਨਰਲ ਕੋਲ ਅਧਿਐਨ ਲਈ ਭੇਜਿਆ ਹੈ ਅਤੇ ਉਨ੍ਹਾਂ ਤੋਂ ਪੁੱÎਛਿਆ ਹੈ ਕਿ ਸਰਕਾਰ ਵਲੋਂ ਦੋਸ਼ੀਆਂ ਖਿਲਾਫ ਕੀ ਕਾਰਵਾਈ ਕੀਤੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਅਪ੍ਰੈਲ 2017 ਵਿਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਸਥਾਪਨਾ ਕੀਤੀ ਸੀ। ਸਾਬਕਾ ਸਰਕਾਰ ਦੇ ਕਾਰਜਕਾਲ ਦੌਰਾਨ ਧਾਰਮਿਕ ਗ੍ਰੰਥਾਂ ਜਿਵੇਂ ਗੁਰੂ ਗੰ੍ਰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਅਨੇਕਾਂ ਥਾਵਾਂ 'ਤੇ ਘਟਨਾਵਾਂ ਹੋਈਆਂ ਸਨ। ਮੌਜੂਦਾ ਸਰਕਾਰ ਨੇ ਸਾਬਕਾ ਸਰਕਾਰ ਵਲੋਂ ਸਥਾਪਤ ਜੋਰਾ ਸਿੰਘ ਕਮਿਸ਼ਨ ਦੇ ਨਤੀਜਿਆਂ ਨੂੰ ਰੱਦ ਕਰ ਦਿੱਤਾ ਸੀ।
ਭਾਰਤ ’ਚ ਨਜ਼ਰ ਆਇਆ ਪਾਕਿਸਤਾਨੀ ਚੋਣ ਦਾ ਅਸਰ
NEXT STORY