ਮੋਹਾਲੀ (ਕੁਲਦੀਪ, ਪਰਮੀਤ) : ਅੰਮ੍ਰਿਤਸਰ ਇੰਪਰੂਵਮੈਂਟ ਜ਼ਮੀਨ ਘੋਟਾਲੇ ਦੇ ਮਾਮਲੇ 'ਚ ਅੱਜ ਮੋਹਾਲੀ ਦੀ ਵਿਜੀਲੈਂਸ ਕੋਰਟ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਰਾਹਤ ਦਿੱਤੀ ਹੈ। ਮੋਹਾਲੀ ਦੀ ਵਿਜੀਲੈਂਸ ਅਦਾਲਤ ਨੇ ਕੈਪਟਨ ਸਮੇਤ ਇਸ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ 'ਚ ਪੇਸ਼ ਹੋਏ ਅਤੇ ਅਦਾਲਤ ਨੇ ਮਾਮਲੇ 'ਚ ਕੈਂਸਲੇਸ਼ਨ ਰਿਪੋਰਟ ਨੂੰ ਮਨਜ਼ੂਰ ਕਰ ਲਿਆ। ਅਦਾਲਤ ਨੇ 10 ਮਿੰਟਾਂ ਅੰਦਰ ਹੀ ਆਪਣਾ ਫੈਸਲਾ ਸੁਣਾ ਦਿੱਤਾ।
ਕੀ ਹੈ ਇਹ ਘੋਟਾਲਾ
ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ 'ਚ ਵਿਜੀਲੈਂਸ ਬਿਊਰੋ ਵਲੋਂ ਸਾਲ 2008 'ਚ ਕੈਪਟਨ ਅਮਰਿੰਦਰ ਸਿੰਘ ਸਮੇਤ 18 ਦੋਸ਼ੀਆਂ ਦੇ ਖਿਲਾਫ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੀ 32 ਏਕੜ ਜ਼ਮੀਨ ਗ਼ੈਰਕਾਨੂੰਨੀ ਢੰਗ ਨਾਲ ਇੱਕ ਪ੍ਰਾਈਵੇਟ ਡਿਵੈਲਪਰ ਨੂੰ ਟਰਾਂਸਫਰ ਕਰਨ ਸਬੰਧੀ ਕੇਸ ਦਰਜ ਕੀਤਾ ਸੀ। ਇਹ ਕੇਸ ਵਿਜੀਲੈਂਸ ਪੁਲਸ ਸਟੇਸ਼ਨ ਮੋਹਾਲੀ 'ਚ ਭ੍ਰਿਸ਼ਟਾਚਾਰ ਦੀਆਂ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ।
ਬੀਰ ਦਵਿੰਦਰ ਸਿੰਘ ਦੀ ਸਰਕਾਰੀ ਗਵਾਹ ਬਣਨ ਦੀ ਅਰਜ਼ੀ ਹੋਈ ਰੱਦ
ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਮਾਮਲੇ ਨੂੰ ਉਨ੍ਹਾਂ ਨੇ ਉਜਾਗਰ ਕੀਤਾ ਸੀ। ਉਨ੍ਹਾਂ ਨੇ 21 ਪੰਨਿਆਂ ਦੀ ਪਟੀਸ਼ਨ ਦਾਇਰ ਕਰਕੇ ਅਤੇ ਨਿੱਜੀ ਤੌਰ 'ਤੇ ਅਦਾਲਤ 'ਚ ਪੇਸ਼ ਹੋ ਕੇ ਨਿਆਂਪਾਲਿਕਾ ਨੂੰ ਕੇਸ ਦੇ ਵੱਖ-ਵੱਖ ਪਹਿਲੂਆਂ ਤੇ ਅਸਲੀਅਤ ਤੋਂ ਜਾਣੂੰ ਕਰਾਉਣ ਲਈ ਸਰਕਾਰੀ ਗਵਾਹ ਬਣਨ ਦੀ ਗੁਹਾਰ ਲਾਈ ਸੀ ਪਰ ਅਦਾਲਤ ਨੇ ਉਨ੍ਹਾਂ ਦੀ ਅਰਜ਼ੀ ਰੱਦ ਕਰ ਦਿੱਤੀ।
ਕੈਪਟਨ ਸਮੇਤ ਬਾਕੀ ਦੋਸ਼ੀਆਂ ਨੂੰ ਮਿਲੀ ਸੀ ਕਲੀਨ ਚਿੱਟ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਤਿੰਨ ਮਹੀਨੇ ਵਿਜੀਲੈਂਸ ਨੇ ਕੈਪਟਨ ਅਮਰਿੰਦਰ ਸਮੇਤ 17 ਨੂੰ ਕਲੀਨ ਚਿੱਟ ਦੇ ਕੇ ਮਾਮਲੇ ਦੀ ਕੈਂਸਲੇਸ਼ਨ ਰਿਪੋਰਟ ਫਾਈਲ ਕੀਤੀ ਸੀ। ਅਦਾਲਤ 'ਚ ਇਸ ਕੇਸ ਦੀ ਚੱਲ ਰਹੀ ਸੁਣਵਾਈ ਦੌਰਾਨ ਸਾਬਕਾ ਮੰਤਰੀ ਚੌਧਰੀ ਜਗਜੀਤ ਸਿੰਘ ਤੇ ਸਾਬਕਾ ਵਿਧਾਨ ਸਭਾ ਸਪੀਕਰ ਕੇਵਲ ਕਿਸ਼ਨ ਦੀ ਮੌਤ ਵੀ ਹੋ ਗਈ ਸੀ।
ਕੇਜਰੀਵਾਲ ਨੇ ਕਾਂਗਰਸ ਨਾਲ ਜੱਫੀ ਪਾਉਣ ਲਈ ਦਿੱਤੀ ਖਹਿਰਾ ਦੀ ਬਲੀ (ਵੀਡੀਓ)
NEXT STORY