ਚੰਡੀਗੜ੍ਹ/ਜਲੰਧਰ- ਬਦਲਦੇ ਦੌਰ ਨਾਲ ਕਦਮ ਮਿਲਾ ਕੇ ਚੱਲਣ ਦੀ ਕੋਸ਼ਿਸ਼ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਸਰਕਾਰੀ ਸਕੂਲਾਂ ਵਿੱਚ ਵਿਦੇਸ਼ੀ ਭਾਸ਼ਾਵਾਂ ਸਿੱਖਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਚੋਣਵੇਂ ਵਿਸ਼ਿਆਂ ਵਜੋਂ ਵਿਦੇਸ਼ੀ ਭਾਸ਼ਾਵਾਂ ਪੜ੍ਹਾਉਣ ਦਾ ਮੌਕਾ ਦੇਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਸਕੂਲ ਸਿੱਖਿਆ ਮਹਿਕਮੇ ਨੂੰ ਵਿਦਿਆਰਥੀਆਂ ਨੂੰ ਚੀਨੀ, ਅਰਬੀ ਅਤੇ ਫ੍ਰੈਂਚ ਜਿਹੀਆਂ ਵਿਦੇਸ਼ੀ ਭਾਸ਼ਾਵਾਂ ਸਿੱਖਣ ਦੇ ਯੋਗ ਬਣਾਉਣ ਲਈ ਰੂਪ-ਰੇਖਾ ਤਿਆਰ ਕਰਨ ਲਈ ਕਿਹਾ ਕਿਉਂਕਿ ਇਹ ਭਾਸ਼ਾਵਾਂ ਵਿਸ਼ਵ ਭਰ ਵਿਚ ਰੋਜ਼ਗਾਰ ਪ੍ਰਾਪਤ ਕਰਨ ਲਈ ਉਨ੍ਹਾਂ ਵਾਸਤੇ ਸਹਾਈ ਸਿੱਧ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ, ਪੰਜਾਬੀ ਸਾਡੀ ਮਾਤ ਭਾਸ਼ਾ ਹੈ ਅਤੇ ਸਕੂਲਾਂ ਵਿਚ ਅੰਗਰੇਜ਼ੀ ਭਾਸ਼ਾ ਪਹਿਲਾਂ ਹੀ ਸਿਖਾਈ ਜਾ ਰਹੀ ਹੈ ਅਤੇ ਹੁਣ ਵਿਦੇਸ਼ੀ ਭਾਸ਼ਾਵਾਂ ਦਾ ਵਾਧੂ ਗਿਆਨ ਸਾਡੇ ਵਿਦਿਆਰਥੀਆਂ ਨੂੰ ਆਪਣਾ ਕਰੀਅਰ ਬਿਹਤਰ ਬਣਾਉਣ ਵਿਚ ਸਹਾਇਤਾ ਕਰੇਗਾ।
ਇਹ ਵੀ ਪੜ੍ਹੋ:ਜਲੰਧਰ ’ਚ ਵਿਦੇਸ਼ ਭੇਜਣ ਦੇ ਨਾਂ ’ਤੇ ਵੱਡੀ ਧੋਖਾਧੜੀ ਦਾ ਪਰਦਾਫਾਸ਼, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼
ਕੈਪਟਨ ਅਮਰਿੰਦਰ ਸਿੰਘ ਨੇ ਕੁਝ ਨਵਾਂ ਕਰਨ ਦੀ ਭਾਵਨਾ ਸਬੰਧੀ ਤਜ਼ਰਬਾ ਕੀਤਾ ਸਾਂਝਾ
ਸਾਡੇ ਲੋਕਾਂ ਦੀ ਕੁਝ ਨਵਾਂ ਕਰਨ ਦੀ ਭਾਵਨਾ ਬਾਰੇ ਆਪਣੇ ਤਜਰਬੇ ਸਾਂਝੇ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਫ਼ੀ ਸਮਾਂ ਪਹਿਲਾਂ ਕਪੂਰਥਲਾ ਜ਼ਿਲ੍ਹੇ 'ਚੋਂ ਲੰਘਦਿਆਂ ਉਨ੍ਹਾਂ ਨੇ ਇਕ ਪੇਂਡੂ ਖੇਤਰ ਵਿੱਚ ਇਕ ਤਖ਼ਤੀ ਵੇਖੀ, ਜਿਸ ਵਿੱਚ ਉਸ ਸਥਾਨ ਦੀ ਦਿਸ਼ਾ ਬਾਰੇ ਦੱਸਿਆ ਗਿਆ ਸੀ, ਜਿੱਥੇ ਇਟਾਲੀਅਨ ਭਾਸ਼ਾ ਸਿਖਾਈ ਜਾਂਦੀ ਸੀ। ਉਨ੍ਹਾਂ ਕਿਹਾ ਕਿ ਇਹ ਵਾਕਿਆ ਦਰਸਾਉਂਦਾ ਹੈ ਕਿ ਸਾਡੇ ਲੋਕ ਖ਼ਾਸਕਰ ਨੌਜਵਾਨ ਵਿਦੇਸ਼ਾਂ ਵਿੱਚ ਵਸਣ ਲਈ ਵਿਦੇਸ਼ੀ ਭਾਸ਼ਾਵਾਂ ਸਿੱਖਣ ਦੇ ਚਾਹਵਾਨ ਹਨ ਅਤੇ ਸਕੂਲ ਸਿੱਖਿਆ ਮਹਿਕਮੇ ਦੀ ਅਜਿਹੀ ਪਹਿਲਕਦਮੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਇੱਛਾਵਾਂ ਪੂਰੀਆਂ ਕਰਨ ਵਿੱਚ ਸਹਾਇਤਾ ਕਰੇਗੀ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚੋਂ ਸਾਹਮਣੇ ਆਈ ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਤਸਵੀਰ, ਬਾਲਟੀ ’ਚ ਸੁੱਟਿਆ ਨਵ-ਜੰਮਿਆ ਬੱਚਾ
ਵਿਦਿਆਰਥੀਆਂ ਨੂੰ ਚਰਿੱਤਰ ਨਿਰਮਾਣ ਦੇ ਅਭਿਆਸ ਵਜੋਂ ਖੇਡਾਂ ਵੱਲ ਪ੍ਰੇਰਿਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਸਕੂਲ ਸਿੱਖਿਆ ਮੰਤਰੀ ਨੂੰ ਹਦਾਇਤ ਕੀਤੀ ਕਿ ਉਹ ਸਕੂਲਾਂ ਵਿਚ ਖੇਡ ਮੈਦਾਨ ਵਿਕਸਤ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ਕਿਉਂਕਿ ਖੇਡਾਂ ਨਾਲ ਨਾ ਸਿਰਫ਼ ਸਾਡੀ ਸਮੁੱਚੀ ਸ਼ਖ਼ਸੀਅਤ ਵਿੱਚ ਨਿਖ਼ਾਰ ਆਉਂਦਾ ਹੈ ਸਗੋਂ ਇਹ ਸਾਡੇ ਵਿੱਚ ਅਨੁਸ਼ਾਸਨ ਅਤੇ ਖੇਡ ਭਾਵਨਾ ਜਿਹੇ ਲੀਡਰਸ਼ਿਪ ਦੇ ਗੁਣ ਵੀ ਭਰਦੀਆਂ ਹਨ, ਜਿਸ ਨਾਲ ਅਸੀਂ ਸਮਾਜ ਦੇ ਆਦਰਸ਼ ਨਾਗਰਿਕ ਬਣਦੇ ਹਾਂ। ਇਕ ਪ੍ਰਸਿੱਧ ਹਵਾਲੇ ਦਾ ਜ਼ਿਕਰ ਕਰਦਿਆਂ, “ਵਾਟਰਲੂ ਦੀ ਲੜਾਈ ਈਟਨ ਦੇ ਖੇਡ ਮੈਦਾਨਾਂ ਉੱਤੇ ਜਿੱਤੀ ਗਈ ਸੀ”, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਮੁੱਖ ਤੌਰ `ਤੇ ਉਨ੍ਹਾਂ ਜਰਨੈਲਾਂ ਬਾਰੇ ਹੈ ਜਿਨ੍ਹਾਂ ਨੇ ਇਸ ਪ੍ਰਸਿੱਧ ਲੜਾਈ ਦੀ ਕਮਾਨ ਸੰਭਾਲੀ ਸੀ ਅਤੇ ਉਨ੍ਹਾਂ ਨੂੰ ਆਪਣੇ ਸ਼ੁਰੂਆਤੀ ਸਕੂਲ ਦੇ ਦਿਨਾਂ ਦੌਰਾਨ ਯੂਕੇ ਦੇ ਈਟਨ ਦੇ ਖੇਡ ਮੈਦਾਨਾਂ ਵਿੱਚ ਸਿਖਲਾਈ ਦਿੱਤੀ ਗਈ ਸੀ।
ਇਹ ਵੀ ਪੜ੍ਹੋ: ਟਰੇਨ ’ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਇਹ 5 DMU ਟਰੇਨਾਂ 15 ਜੂਨ ਤੋਂ ਰਹਿਣਗੀਆਂ ਰੱਦ
ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਾਰਗੁਜ਼ਾਰੀ ਗ੍ਰੇਡਿੰਗ ਇੰਡੈਕਸ (ਪੀਜੀਆਈ) 2019-20 ਵਿਚ ਦੇਸ਼ ਭਰ `ਚ ਪੰਜਾਬ ਨੂੰ ਅੱਵਲ ਦਰਜੇ ਦਾ ਸੂਬਾ ਬਣਾਉਣ ਲਈ ਅਧਿਆਪਕਾਂ ਅਤੇ ਸਕੂਲ ਸਿੱਖਿਆ ਮਹਿਕਮੇ ਦੇ ਸਮੁੱਚੇ ਸਟਾਫ਼ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚਮੁਚ ਹੀ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ ਜੋ ਕਿ ਉਨ੍ਹਾਂ ਦੇ ਸਮੂਹਿਕ ਯਤਨਾਂ, ਮਿਹਨਤ, ਲਗਨ ਅਤੇ ਇਮਾਨਦਾਰੀ ਦਾ ਨਤੀਜਾ ਹੈ।
ਉਨ੍ਹਾਂ ਸਕੂਲ ਸਿੱਖਿਆ ਮਹਿਕਮਾ ਖ਼ਾਸਕਰ ਮਹਿਕਮੇ ਦੇ ਸਕੱਤਰ ਨੂੰ ਵੀ ਅਪੀਲ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਦਰਜੇ ਨੂੰ ਬਰਕਰਾਰ ਰੱਖਣ। ਉਨ੍ਹਾਂ ਨੇ ਆਨਲਾਈਨ ਅਧਿਆਪਕ ਤਬਾਦਲਾ ਨੀਤੀ, ਸਮਾਰਟ ਸਕੂਲ ਨੀਤੀ, ਪ੍ਰੀ-ਪ੍ਰਾਇਮਰੀ ਸਿੱਖਿਆ, ਡਿਜੀਟਲ ਸਿੱਖਿਆ ਅਤੇ ਸਰਹੱਦੀ ਖੇਤਰਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਦਾ ਵਿਸ਼ੇਸ਼ ਕਾਡਰ ਬਣਾਉਣ ਜਿਹੀਆਂ ਕੁਝ ਅਹਿਮ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ, ਜਿਸ ਨਾਲ ਸੂਬੇ ਭਰ ਵਿੱਚ ਸਿੱਖਿਆ ਦੇ ਮਿਆਰ ਵਿੱਚ ਬਿਹਤਰੀਨ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਇਸ ਗੱਲ ਤੋਂ ਵੀ ਸਪੱਸ਼ਟ ਹੁੰਦਾ ਹੈ ਕਿ ਪਿਛਲੇ ਚਾਰ ਸਾਲਾਂ ਤੋਂ ਲਗਭਗ 5.6 ਲੱਖ ਵਿਦਿਆਰਥੀ ਪ੍ਰਾਈਵੇਟ ਤੋਂ ਸਰਕਾਰੀ ਸਕੂਲਾਂ ਵਿੱਚ ਤਬਦੀਲ ਹੋਏ ਹਨ ਜਿਸ ਨਾਲ ਦਾਖ਼ਲਿਆ ਵਿਚ 29 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਸ ਤਰ੍ਹਾਂ ਬੱਚਿਆਂ ਦੇ ਮਾਤਾ-ਪਿਤਾ ਫਿਰ ਤੋਂ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ ਦਿਖਾ ਰਹੇ ਹਨ।
ਇਹ ਵੀ ਪੜ੍ਹੋ: ਜਲੰਧਰ ’ਚ ਨਾਬਾਲਗ ਕੁੜੀ ਨੂੰ ਅਗਵਾ ਕਰਕੇ ਕੀਤਾ ਜਬਰ-ਜ਼ਿਨਾਹ, ਨਸ਼ੇ ਦੀ ਹਾਲਤ ’ਚ ਛੱਡ ਕੇ ਹੋਏ ਫਰਾਰ
ਇਸ ਮੌਕੇ ਸੰਬੋਧਨ ਕਰਦਿਆਂ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਵਿਭਾਗ ਵਿਦੇਸ਼ੀ ਭਾਸ਼ਾਵਾਂ ਵਿੱਚ ਆਨਲਾਈਨ ਕੋਰਸਾਂ ਦੀ ਸਹੂਲਤ ਵਾਲੇ ਡਿਜੀਟਲ ਪਲੇਟਫਾਰਮਾਂ ਨਾਲ ਨੇੜਿਓਂ ਕੰਮ ਕਰੇਗਾ ਤਾਂ ਜੋ ਸਾਡੇ ਵਿਦਿਆਰਥੀ ਆਪਣੀ ਪਸੰਦ ਦੀਆਂ ਵਿਦੇਸ਼ੀ ਭਾਸ਼ਾਵਾਂ ਸਿੱਖ ਸਕਣ। ਸਕੂਲਾਂ ਵਿਚ ਖੇਡ ਮੈਦਾਨਾਂ ਦੀ ਸਹੂਲਤ ਬਾਰੇ ਸ੍ਰੀ ਸਿੰਗਲਾ ਨੇ ਕਿਹਾ ਕਿ 250 ਖੇਡ ਮੈਦਾਨਾਂ ਲਈ ਬਜਟ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾ ਸਿਰਫ ਸਰਬੋਤਮ ਪੰਜ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚੋਂ ਇਕ ਹੈ, ਬਲਕਿ ਪੰਜਾਬ ਸਾਲ 2019-19 ਵਿਚ ਗਰੇਡ II ਤੋਂ 2018-19 ਵਿਚ ਗਰੇਡ I++ ਹਾਸਲ ਕਰਕੇ ਟਾਪਰ ਵਜੋਂ ਵੀ ਸਾਹਮਣੇ ਆਇਆ ਹੈ।
ਉਨ੍ਹਾਂ ਕਿਹਾ ਕਿ ਚੋਟੀ ਦੇ ਪੰਜ ਸੂਬਾ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚੋਂ ਚਾਰ ਚੰਡੀਗੜ੍ਹ (ਯੂ.ਟੀ.), ਤਾਮਿਲਨਾਡੂ, ਕੇਰਲ, ਅੰਡੇਮਾਨ ਅਤੇ ਨਿਕੋਬਾਰ ਟਾਪੂ ਹਨ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਨੇ ਸਕੂਲ ਸਿੱਖਿਆ ਦੇ ਖੇਤਰ ਵਿਚ ਸਰਬੋਤਮ ਸੂਬੇ ਵਜੋਂ ਸ਼ਾਮਲ ਹੋਣ ਲਈ ਆਪਣੀਆਂ ਪ੍ਰਿੰਟ ਮੀਡੀਆ ਵਿਚ ਵੱਡੀਆਂ ਮੁਹਿੰਮ ਦੇ ਉਲਟ ਰੈਂਕਿੰਗ ਵਿਚ ਛੇਵਾਂ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ ਪਾਰਦਰਸ਼ੀ ਢੰਗ ਨਾਲ ਕੇਂਦਰ ਸਰਕਾਰ ਦੇ 100 ਫ਼ੀਸਦੀ ਫੰਡਾਂ ਦੀ ਵਰਤੋਂ ਕੀਤੀ ਗਈ ਹੈ।
ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀ, ਕਾਂਗਰਸ ਪੰਜਾਬ ’ਚ ਜਾਟ, ਹਿੰਦੂ ਤੇ ਦਲਿਤ ’ਚ ਸੰਤੁਲਨ ਬਣਾ ਕੇ ਚੱਲੇਗੀ
ਜਾਖੜ ਨੇ ਕੀਤੀ ਸ਼ਲਾਘਾ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਵਿੱਚ ਸਕੂਲ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਮਿਸਾਲੀ ਤਬਦੀਲੀ ਲਿਆਉਣ ਤੋਂ ਇਲਾਵਾ ਆਨਲਾਈਨ ਅਧਿਆਪਕ ਤਬਾਦਲਾ ਨੀਤੀ ਜਿਸ ਤਹਿਤ ਲਗਭਗ 21,600 ਅਧਿਆਪਕਾਂ ਦਾ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਤਬਦੀਲ ਕੀਤਾ ਗਿਆ ਹੈ, ਵਰਗੇ ਮਹੱਤਵਪੂਰਨ ਸੁਧਾਰ ਲਿਆਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ: ਜਲੰਧਰ: ਗੈਂਗਰੇਪ ਮਾਮਲੇ 'ਚ ਖੁੱਲ੍ਹੀਆਂ ਹੈਰਾਨੀਜਨਕ ਪਰਤਾਂ, ਕੋਰੋਨਾ ਕਾਲ ’ਚ ਆਸ਼ੀਸ਼ ਨੇ ‘ਗੰਦੇ ਧੰਦੇ’ ਦੀ ਇੰਝ ਵਧਾਈ ਕਮਾਈ
ਉਨ੍ਹਾਂ ਕਿਹਾ ਕਿ ਪਹਿਲਾਂ ਸਿਆਸੀ ਕਾਰਕੁੰਨ ਇਸ ਨੀਤੀ ਤੋਂ ਨਾਖੁਸ਼ ਸਨ ਪਰ ਹੁਣ ਇਹ ਸਾਰੇ ਸੰਤੁਸ਼ਟ ਹਨ ਕਿਉਂਕਿ ਅਧਿਆਪਕਾਂ ਦਾ ਬਿਨਾਂ ਕਿਸੇ ਪੱਖਪਾਤ ਜਾਂ ਤਰਫ਼ਦਾਰੀ ਦੇ ਨਿਰਧਾਰਤ ਮਾਪਦੰਡਾਂ ਅਨੁਸਾਰ ਆਪਣੀ ਪਸੰਦ ਦੇ ਸਟੇਸ਼ਨਾਂ ‘ਤੇ ਤਬਾਦਲਾ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ, ਉਨ੍ਹਾਂ ਅਧਿਆਪਕਾਂ ਦੀ ਨਿਯੁਕਤੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਦੀ ਸਿੱਧੀ ਭਰਤੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਮੈਰਿਟ ਦੇ ਆਧਾਰ 'ਤੇ ਕਰਨ ਲਈ ਸਕੱਤਰ ਸਕੂਲ ਸਿੱਖਿਆ ਦੇ ਪ੍ਰਬੰਧਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵੱਧ ਰਹੀ ਆਬਾਦੀ ਦੇ ਮੱਦੇਨਜ਼ਰ ਸਕੂਲ ਅਪਗ੍ਰੇਡੇਸ਼ਨ ਨੀਤੀ ਦੀ ਜ਼ਰੂਰਤ ਅਤੇ 10 +2 ਸਿੱਖਿਆ ਪ੍ਰਣਾਲੀ ਦੇ ਬੁਨਿਆਦੀ ਉਦੇਸ਼ ਨੂੰ ਪੂਰਾ ਕਰਨ ਲਈ ਸਰਕਾਰੀ ਸਕੂਲਾਂ ਵਿਚ 10+2 ਦੇ ਪੱਧਰ 'ਤੇ ਤਕਨੀਕੀ ਸਿੱਖਿਆ ਦੇ ਨਾਲ ਕਿੱਤਾਮੁਖੀ ਕੋਰਸਾਂ ਦੀ ਸ਼ੁਰੂਆਤ ਕਰਨ ‘ਤੇ ਜ਼ੋਰ ਦਿੱਤਾ।
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਸਕੂਲ ਸਿੱਖਿਆ ਵਿੱਚ ਆਪਣੀ ਸਮੁੱਚੀ ਕਾਰਗੁਜ਼ਾਰੀ ਸਥਿਤੀ ਨੂੰ 22ਵੇਂ ਰੈਂਕ ਤੋਂ 13ਵੇਂ ‘ਤੇ ਲਿਆਂਦਾ ਹੈ ਅਤੇ ਹੁਣ ਪਿਛਲੇ ਤਿੰਨ ਸਾਲਾਂ ਦੌਰਾਨ ਪਹਿਲੇ ਨੰਬਰ 1 ‘ਤੇ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਪਰਫਾਰਮੈਂਸ ਗਰੇਡਿੰਗ ਇੰਡੈਕਸ (ਪੀਜੀਆਈ) ਰੈਂਕਿੰਗ ਨੂੰ 2017 ਵਿਚ ਪੇਸ਼ ਕੀਤਾ ਸੀ ਅਤੇ ਸਾਡੇ ਸੂਬੇ ਨੇ ਇਸ ਸਾਲ ਭਾਰਤ ਸਰਕਾਰ ਦੁਆਰਾ ਨਿਰਧਾਰਤ ਕੀਤੇ ਗਏ 70 ਮਾਪਦੰਡਾਂ ਵਿਚ 1000 ਵਿਚੋਂ 929 ਅੰਕ ਪ੍ਰਾਪਤ ਕਰਕੇ ਰਾਸ਼ਟਰੀ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਇਸ ਦੌਰਾਨ ਮੁੱਖ ਸਕੱਤਰ ਵਿਨੀ ਮਹਾਜਨ ਨੇ ਸਕੂਲ ਸਿੱਖਿਆ ਮਹਿਕਮੇ ਦੇ ਤਾਲਮੇਲ ਵਾਲੇ ਯਤਨਾਂ ਅਤੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਵੱਲੋਂ ਜ਼ਮੀਨੀ ਪੱਧਰ ’ਤੇ ਪ੍ਰੋਗਰਾਮਾਂ ਅਤੇ ਨੀਤੀਆਂ ਨੂੰ ਲਾਗੂ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਯੋਗ ਅਗਵਾਈ ਅਤੇ ਦੂਰਅੰਦੇਸ਼ੀ ਪਹੁੰਚ ਨਾਲ ਸੂਬੇ ਦੇ ਉੱਚ ਦਰਜੇ ਨੂੰ ਬਰਕਰਾਰ ਰੱਖਣ ਲਈ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਨਤੀਜਿਆਂ ਦਾ ਭਰੋਸਾ ਦਿਵਾਇਆ। ਇਸ ਮੌਕੇ ਪੂਜਾ ਸ਼ਰਮਾ (ਸ਼ਹੀਦ ਭਗਤ ਸਿੰਘ ਨਗਰ), ਜਸਪ੍ਰੀਤ ਸਿੰਘ (ਸੰਗਰੂਰ), ਮਨਪ੍ਰੀਤ ਕੌਰ (ਅੰਮ੍ਰਿਤਸਰ), ਸ਼ਰਨਜੀਤ ਸਿੰਘ (ਜਲੰਧਰ), ਰਜਨੀ ਸੋਢੀ (ਗੁਰਦਾਸਪੁਰ), ਕਰਮਜੀਤ ਕੌਰ (ਲੁਧਿਆਣਾ) ਅਤੇ ਫਰਜ਼ਾਨਾ (ਫਰੀਦਕੋਟ) ਸਮੇਤ ਕਈ ਅਧਿਆਪਕਾਂ ਨੇ ਮੁੱਖ ਮੰਤਰੀ ਨਾਲ ਸਕੂਲੀ ਸਿੱਖਿਆ ਵਿਚ ਸੁਧਾਰ ਲਿਆਉਣ ਲਈ ਆਪਣੇ ਤਜਰਬੇ ਸਾਂਝੇ ਕਰਨ ਲਈ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਵਿਭਾਗ ਦੀਆਂ ਉਮੀਦਾਂ 'ਤੇ ਖਰਾ ਉਤਰਨ ਵਿਚ ਕੋਈ ਕਸਰ ਬਾਕੀ ਨਾ ਛੱਡਣ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ: ਜਲੰਧਰ: ਗੈਂਗਰੇਪ ਮਾਮਲੇ 'ਚ ਖੁੱਲ੍ਹੀਆਂ ਹੈਰਾਨੀਜਨਕ ਪਰਤਾਂ, ਕੋਰੋਨਾ ਕਾਲ ’ਚ ਆਸ਼ੀਸ਼ ਨੇ ‘ਗੰਦੇ ਧੰਦੇ’ ਦੀ ਇੰਝ ਵਧਾਈ ਕਮਾਈ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਗ਼ਰੀਬ ਆਟੋ ਚਾਲਕ ਦੇ ਬੱਚੇ ਦੀ ਟੁੱਟੀ ਬਾਂਹ, ਫ਼ਰਿਸ਼ਤਾ ਬਣ ਕੇ ਬਹੁੜਿਆ ਸਿਹਤ ਮਹਿਕਮਾ
NEXT STORY