ਚੰਡੀਗੜ੍ਹ,(ਭੁੱਲਰ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਮੁੜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਇਕ ਅੰਗਰੇਜ਼ੀ ਅਖ਼ਬਾਰ 'ਚ ਛਪੀ ਇੰਟਰਵਿਊ ਨੂੰ ਆਧਾਰ ਬਣਾ ਕੇ ਨਿਸ਼ਾਨਾ ਸਾਧਿਆ ਹੈ। ਬਾਜਵਾ ਨੇ ਇਹ ਸ਼ੱਕ ਪ੍ਰਗਟਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁੱਦੇ 'ਤੇ ਬਾਦਲਾਂ ਨੂੰ ਬਚਾਉਣਾ ਚਾਹੁੰਦੇ ਹਨ।
ਬਾਜਵਾ ਨੇ ਲਿਖਤੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਕਲੀਨ ਚਿੱਟ ਦੇਣ 'ਚ ਕੈਪਟਨ ਅਮਰਿੰਦਰ ਸਿੰਘ ਕਿਸੇ ਦਬਾਅ ਹੇਠ ਕਾਰਜ ਕਰ ਰਹੇ ਹਨ ਅਤੇ ਪਰਦੇ ਦੇ ਪਿਛੋਂ ਉਨ੍ਹਾਂ ਨੂੰ ਕੋਈ ਅਜਿਹਾ ਕਰਨ ਲਈ ਕਹਿ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਨੂੰ ਇਹ ਕਹਿ ਕੇ ਪਾਕ-ਸਾਫ਼ ਘੋਸ਼ਿਤ ਕਰ ਦਿੱਤਾ ਹੈ ਕਿ ਉਹ ਸਿੱਧੇ ਤੌਰ 'ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ 'ਚ ਸ਼ਾਮਲ ਨਹੀਂ ਸਨ। ਉਨ੍ਹਾਂ ਕਿਹਾ ਕਿ ਬੇਅਦਬੀ ਕਾਂਡ ਬਾਦਲ ਪਰਿਵਾਰ ਦੀ ਰਾਜਨੀਤੀ ਦਾ ਹੀ ਹਿੱਸਾ ਸੀ। ਉਨ੍ਹਾਂ ਕਿਹਾ ਕਿ ਅਮਰਿੰਦਰ ਵਲੋਂ ਪਹਿਲਾਂ ਬਾਦਲਾਂ ਦੇ ਹੱਕ 'ਚ ਭੁਗਤ ਕੇ ਅਤੇ ਬਾਅਦ 'ਚ ਉਸ ਬਾਰੇ ਸਫਾਈ ਦੇਣ ਦੇ ਨਾਲ ਕਾਂਗਰਸ ਨੂੰ ਹੋਏ ਨੁਕਸਾਨ ਦੀ ਭਰਪਾਈ ਨਹੀਂ ਹੋ ਸਕਦੀ।
ਬਾਜਵਾ ਨੇ ਕਿਹਾ ਕਿ ਬਾਦਲ ਪਰਿਵਾਰ ਨੂੰ ਦੋਸ਼ ਮੁਕਤ ਕਰਨ ਨਾਲ ਪੰਜਾਬ ਦੇ ਲੋਕਾਂ ਵਿੱਚ ਪਹਿਲਾਂ ਤੋਂ ਹੀ ਪੈਦਾ ਹੋਏ ਸ਼ੰਕੇ ਕਿ ਬਾਦਲ ਪਰਿਵਾਰ ਅਤੇ ਅਮਰਿੰਦਰ ਸਿੰਘ ਮਿਲੇ ਹੋਏ ਹਨ ਨੂੰ ਇੱਕ ਵਾਰ ਫੇਰ ਹਵਾ ਮਿਲੇਗੀ। ਮੁੱਖ ਮੰਤਰੀ ਨੂੰ ਯਾਦ ਦਿਵਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਸ੍ਰੀ ਗੁਟਕਾ ਸਾਹਿਬ ਹੱਥ ਵਿਚ ਫੜ ਕੇ ਬਾਦਲਾਂ ਨੂੰ ਸਜ਼ਾ ਦੇਣ ਦਾ ਵਾਅਦਾ ਕੀਤਾ ਸੀ ਪਰੰਤੂ ਹੁਣ ਉਹ ਆਪਣੇ ਵਾਅਦੇ ਤੋਂ ਮੁੱਕਰ ਰਹੇ ਹਨ। ਮੁੱਖ ਮੰਤਰੀ ਨੇ ਆਪਣੇ ਬਿਆਨ ਵਿਚ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕੇਸਾਂ ਦੀ ਜਾਂਚ ਲਈ ਕੋਈ ਸਮਾਂ ਨਿਰਧਾਰਿਤ ਨਹੀਂ ਕੀਤਾ ਜਾ ਸਕਦਾ ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਮੁੱਖ ਮੰਤਰੀ ਅਕਾਲੀ ਆਗੂਆਂ ਨੂੰ ਬਚਾਉਣਾ ਚਾਹੁੰਦੇ ਹਨ। ਮੁੱਖ ਮੰਤਰੀ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਉਹ ਪੰਜਾਬ ਦੇ ਲੋਕਾਂ ਅਤੇ ਸਿੱਖ ਪੰਥ ਦੇ ਨਾਲ ਹਨ ਜਾਂ ਧਰਮ ਨੂੰ ਰਾਜਨੀਤਕ ਮੁਨਾਫੇ ਲਈ ਹੀ ਵਰਤਣਾ ਚਾਹੁੰਦੇ ਹਨ।
ਭਿਆਨਕ ਸੜਕ ਹਾਦਸੇ 'ਚ ਚਾਚੇ-ਭਤੀਜੇ ਦੀ ਮੌਤ
NEXT STORY